ADC ਨੇ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਇਸਤਰੀ ਬੀ.ਐੱਲ.ਓਜ਼ ਨੂੰ ਕੀਤਾ ਸਨਮਾਨਿਤ
ਮਨਪ੍ਰੀਤ ਸਿੰਘ
ਰੂਪਨਗਰ, 10 ਮਾਰਚ:
ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਰਾਜ ਦੇ ਸਮੂਹ ਜ਼ਿਲ੍ਹਿਆਂ ਦੇ ਹਰ ਵਿਧਾਨ ਸਭਾ ਚੋਣ ਹਲਕੇ ਵਿੱਚੋਂ 3-3 ਇਸਤਰੀ ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰਾਂ) ਨੂੰ ਸਨਮਾਨਿਤ ਕਰਨ ਲਈ ਕਿਹਾ ਗਿਆ ਸੀ।
ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 49 - ਸ੍ਰੀ ਅਨੰਦਪੁਰ ਸਾਹਿਬ, 50 - ਰੂਪਨਗਰ ਅਤੇ 51- ਸ੍ਰੀ ਚਮਕੌਰ ਸਾਹਿਬ ਵਿੱਚ “ਪ੍ਰੀ-ਐਸ.ਆਈ.ਆਰ. ਮੈਪਿੰਗ” ਦੇ ਕੰਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ 3-3 ਇਸਤਰੀ ਬੀ.ਐੱਲ.ਓਜ਼ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਸਨਮਾਨਿਤ ਕੀਤਾ ਗਿਆ।
ਸ਼੍ਰੀ ਅਵਿਕੇਸ਼ ਗੁਪਤਾ ਵੱਲੋਂ ਉਕਤ ਬੀ.ਐੱਲ.ਓਜ਼ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਦੇ ਹੋਏ ਉਨ੍ਹਾਂ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਵੀ ਚੋਣਾਂ ਨਾਲ ਸੰਬੰਧਤ ਕੰਮਾਂ ਨੂੰ ਹੋਰ ਲਗਨ ਅਤੇ ਮਿਹਨਤ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ।
ਬੀ.ਐੱਲ.ਓਜ਼ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਸੰਬੰਧਤ ਸਾਰੇ ਕੰਮ ਸਫਲਤਾਪੂਰਵਕ ਨੇਪੜੇ ਚੜ੍ਹਾਉਣਗੇ ਅਤੇ ਸਮੇਂ-ਸਮੇਂ 'ਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨਗੇ।
ਇਸ ਮੌਕੇ ਚੋਣ ਤਹਿਸੀਲਦਾਰ ਸ਼੍ਰੀ ਪਲਵਿੰਦਰ ਸਿੰਘ ਬੈਂਸ ਅਤੇ ਚੋਣ ਕਲਰਕ ਰਣਧੀਰ ਸਿੰਘ ਵੀ ਮੌਜੂਦ ਰਹੇ।
Click to Follow Babushahi Facebook page →