ਮੁੱਖ ਮੰਤਰੀ ਵੱਲੋਂ ਰਾਜਸਥਾਨ ਤੋਂ ਰਾਇਲਟੀ ਦੀ ਮੰਗ ਅਕਾਲੀ ਦਲ ਦੇ ਐਲਾਨ ਦਾ ਪ੍ਰਤੀਕਰਮ: ਸੁਖਬੀਰ ਬਾਦਲ
ਕਿਹਾ ਕਿ ਮੁੱਖ ਮੰਤਰੀ ਨੂੰ ਰਾਜਸਥਾਨ, ਹਰਿਆਣਾ ਤੇ ਦਿੱਲੀ ਤੋਂ ਰਾਇਲਟੀ ਲੈਣ ਵਾਸਤੇ 2016 ਵਿਚ ਪਾਸ ਕੀਤੇ ਮਤੇ ਮੁਤਾਬਕ ਪੈਰਵੀ ਕਰਨੀ ਚਾਹੀਦੀ ਸੀ
ਮੰਗ ਕੀਤੀ ਕਿ ਸਰਕਾਰ ਦਖਲ ਦੇ ਕੇ ਮਾਰਕਫੈਡ ਨੂੰ ਆਲੂ ਕਿਸਾਨਾਂ ਨੂੰ ਮੰਦੇ ਭਾਅ ਫਸਲ ਵੇਚਣ ਤੋਂ ਰੋਕਣ ਵਾਸਤੇ ਮਦਦ ਲਈ ਅੱਗੇ ਆਉਣ ਵਾਸਤੇ ਆਖੇ
ਸ਼ਾਹਕੋਟ ਵਿਚ ਵਿਸ਼ਾਲ ਰੈਲੀ ਨੂੰ ਕੀਤਾ ਸੰਬੋਧਨ
ਸ਼ਾਹਕੋਟ, 20 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਦਰਿਆਈ ਪਾਣੀ ਰਾਜਸਥਾਨ ਨੂੰ ਦਿੱਤੇ ਜਾਣ ਦੇ ਮਾਮਲੇ ਵਿਚ ਹੁੰਦੇ ਅਨਿਆਂ ਪ੍ਰਤੀ ਹੁਣੇ ਹੁਣੇ ਜਾਗੇ ਹਨ ਤੇ ਉਹ ਪਿਛਲੀ ਅਕਾਲੀ ਦਲ ਦੀ ਸਰਕਾਰ ਵੱਲੋਂ 2016 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਮਤੇ ਰਾਹੀਂ ਨਾ ਸਿਰਫ ਰਾਜਸਥਾਨ ਬਲਕਿ ਦਿੱਲੀ ਤੇ ਹਰਿਆਣਾ ਤੋਂ ਰਾਇਲਟੀ ਦੀ ਮੰਗ ਦੀ ਪੈਰਵੀ ਕਰਨ ਦੀ ਥਾਂ ’ਤੇ ਸਿਰਫ ਰਾਜਸਥਾਨ ਤੋਂ ਰਾਇਲਟੀ ਦੀ ਮੰਗ ਕਰ ਰਹੇ ਹਨ।
ਅੱਜ ਇਥੇ ਪਾਰਟੀ ਦੀ ਪੰਜਾਬ ਬਚਾਓ ਮੁਹਿੰਮ ਦੇ ਹਿੱਸੇ ਵਜੋਂ ਹਲਕਾ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜਸਥਾਨ ਤੋਂ ਰਾਇਲਟੀ ਲੈਣ ਦਾ ਬਿਆਨ ਸਿਰਫ ਇਸ ਕਰ ਕੇ ਆਇਆ ਹੈ ਕਿਉਂਕਿ ਉਹਨਾਂ ਨੇ ਬਿਆਨ ਦਿੱਤਾ ਸੀ ਕਿ ਅਕਾਲੀ ਦਲ ਦੀ ਸਰਕਾਰ ਪਾਣੀ ਦੀ ਇਕ ਬੂੰਦ ਵੀ ਰਾਜਸਥਾਨ ਰਾਹੀਂ ਨਹੀਂ ਜਾਣ ਦੇਵੇਗੀ। ਉਹਨਾਂ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਕੀਤੀ ਇਸ ਇਤਿਹਾਸਕ ਗਲਤੀ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹਾਂ ਜਿਸਨੇ ਸਾਡੇ ਦਰਿਆਈ ਪਾਣੀਆਂ ਵਿਚੋਂ ਅੱਧੇ ਪਾਣੀ ਰਾਜਸਥਾਨ ਨੂੰ ਦੇ ਦਿੱਤੇ। ਉਹਨਾਂ ਕਿਹਾ ਕਿ ਇਹ ਪਾਣੀ ਪੰਜਾਬ ਦੇ ਖੇਤਾਂ ਨੂੰ ਦਿੱਤੇ ਜਾਣਗੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੂਰ ਕਰਨ ਦੀ ਥਾਂ ਧਿਆਨ ਭੜਕਾਊ ਕੰਮਾਂ ਵਿਚ ਲੱਗੇ ਹਨ। ਉਹਨਾਂ ਕਿਹਾ ਕਿ ਆਲੂ ਉਤਪਾਦਨ ਕਰਨ ਵਾਲੇ ਕਿਸਾਨ ਆਪਣੀ ਫਸਲ ਸੜਕਾਂ ’ਤੇ ਸੁੱਟ ਰਹੇ ਹਨ ਪਰ ਮੁੱਖ ਮੰਤਰੀ ਨੂੰ ਉਹਨਾਂ ਦੀ ਤਕਲੀਫ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਮੰਗ ਕਰਦਾ ਹੈ ਕਿ ਸਰਕਾਰ ਤੁਰੰਤ ਦਖਲ ਦੇਵੇ ਅਤੇ ਮਾਰਕਫੈਡ ਨੂੰ ਹਦਾਇਤ ਦੇਵੇ ਕਿ ਉਹ ਤੁਰੰਤ ਆਲੂ ਦੀ ਫਸਲ ਰਾਖਵੀਂ ਕੀਮਤ ’ਤੇ ਖਰੀਦੇ ਤੇ ਕਿਸਾਨਾਂ ਨੂੰ ਮੰਦੇ ਭਾਅ ਫਸਲ ਵੇਚਣ ਤੋਂ ਬਚਾਇਆ ਜਾਵੇ।
ਉਹਨਾਂ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਅਜਿਹੇ ਹਾਲਾਤ ਵਿਚ ਸਰਕਾਰੀ ਏਜੰਸੀਆਂ ਰਾਹੀਂ ਦਖਲ ਬਾਰੇ ਕੋਈ ਨਾ ਕੋਈ ਯੰਤਰ ਵਿਧੀ ਜ਼ਰੂਰ ਤਿਆਰ ਕਰੇਗੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਵੀ ਗੱਲ ਕੀਤੀ ਕਿ ਕਿਵੇਂ ਅਕਾਲੀ ਦਲ ਇਹ ਕਹਿੰਦਾ ਆ ਰਿਹਾ ਹੈ ਕਿ ਆਪ ਦੇ ਆਗੂ ਤੇ ਵਿਧਾਇਕ ਨਸ਼ਾ ਤਸਕਰਾਂ ਨਾਲ ਰਲੇ ਹੋਏ ਹਨ ਤੇ ਨਸ਼ਾ ਤਸਕਰਾਂ ਤੋਂ ਮਹੀਨੇ ਲੈ ਰਹੇ ਹਨ।
ਉਹਨਾਂ ਕਿਹਾ ਕਿ ਆਪ ਆਗੂ ਤਲਬੀਰ ਗਿੱਲ ਦੇ ਨਜ਼ਦੀਕੀ ਦੀ 4 ਕਿਲੋ ਹੈਰੋਇਨ ਨਾਲ ਗ੍ਰਿਫਤਾਰੀ ਤੋਂ ਇਹ ਸਾਬਤ ਹੋ ਗਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰ ਰਹੀ ਹੈ ਜੋ ਇਸ ਤੋਂ ਵੀ ਸਾਬਤ ਹੁੰਦੀ ਹੈ ਕਿ ਜੱਗੂ ਭਗਵਾਨਪੁਰੀਆ ਜਿਸਦੀ ਵਰਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਵਿਰੋਧੀਆਂ ਨੂੰ ਡਰਾਉਣ ਵਾਸਤੇ ਕੀਤੀ ਗਈ, ਦੀ ਮਾਸੀ ਡੇਰਾ ਬਾਬਾ ਨਾਨਕ ਬਲਾਕ ਸੰਮਤੀ ਦੇ ਚੇਅਰਪਰਸਨ ਦੀ ਚੋਣ ਜਿੱਤ ਗਈ ਹੈ।
ਸਰਦਾਰ ਬਾਦਲ ਨੇ ਮੁੱਖ ਮੰਤਰੀ ਵੱਲੋਂ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਉਦਯੋਗਿਕ ਨਿਵੇਸ਼ ’ਤੇ ਝੂਠ ਬੋਲਣ ਲਈ ਵੀ ਉਹਨਾਂ ਦੀ ਘੇਰਾਬੰਦੀ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਚਾਰ ਸਾਲਾਂ ਵਿਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਆਰ ਟੀ ਆਈ ਰਾਹੀਂ ਪ੍ਰਾਪਤ ਜਾਣਕਾਰੀ ਮੁਤਾਬਕ ਸਿਰਫ 2600 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਏਜੰਸੀਆਂ ਪੰਜਾਬ ਦੀਆਂ ਆਉਂਦੀਆਂ ਚੋਣਾਂ ਵਿਚ ਨਵੀਂਆਂ ਪਾਰਟੀਆਂ ਦੀ ਆਮਦ ਕਰਵਾ ਰਹੀਆਂ ਹਨ ਤੇ ਉਸੇ ਤਰੀਕੇ ਲੋਕਾਂ ਦੀ ਐਂਟਰੀ ਕਰਵਾ ਰਹੀਆਂ ਹਨ ਜਿਵੇਂ 2024 ਦੀਆਂ ਪਾਰਲੀਮਾਨੀ ਚੋਣਾਂ ਵਿਚ ਕਰਵਾਈਸੀ ਤਾਂ ਜੋ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਜਨਰਲ ਵਰਗ ਦੀਆਂ ਔਰਤਾਂ ਨੂੰ 1-1 ਹਜ਼ਾਰ ਅਤੇ ਰਾਖਵੇਂ ਵਰਗ ਦੀਆਂ ਔਰਤਾਂ ਨੂੰ 15-15 ਸੌ ਰੁਪਏ ਦੇਣ ਦੇ ਨਾਂ ’ਤੇ ਗੁੰਮਰਾਹ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਇਸ ਮਕਸਦ ਵਾਸਤੇ 52000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਤੇ ਸਰਕਾਰੀ ਜਾਇਦਾਦਾਂ ਵੇਚ ਰਹੀ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਸਰਕਾਰ ਨੇ ਪੰਜਾਬ ਬਿਜਲੀ ਨਿਗਮ ਦੀ ਸਬਸਿਡੀ ਵੀ ਰੋਕ ਕੇ ਰੱਖੀ ਹੈ।ਉਹਨਾਂ ਕਿਹਾ ਕਿ ਇਸ ਕਾਰਨ ਪੰਜਾਬ ਅਤੇ ਇਸਦੇ ਕਿਸਾਨਾਂ ਵਾਸਤੇ ਬਹੁਤ ਔਖਾ ਸਮਾਂ ਬਣ ਆਇਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਅਧੀਨ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਦਿਨ ਵੇਲੇ 12 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ ਤੇ ਇਸ ਤੋਂ ਮਾਨਤਾ ਪ੍ਰਾਪਤ ਕਾਲਜ ਹਰ ਜ਼ਿਲ੍ਹੇ ਵਿਚ ਖੋਲ੍ਹੇ ਜਾਣਗੇ ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ।
Click to Follow Babushahi Facebook page →