DM ਖੁਦਕੁਸ਼ੀ ਮਾਮਲਾ: ਭਾਜਪਾ ਵੱਲੋਂ ਰੋਸ ਵਿਖਾਵੇ ਦੌਰਾਨ ਸੀਬੀਆਈ ਜਾਂਚ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ, 23 ਮਾਰਚ 2026 :ਵੇਅਰਹਾਊਸ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਆਤਮਹੱਤਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਮਾਮਲੇ ਦੀ ਸੀਬੀਆਈ ਤੂੰ ਜਾਂਚ ਕਰਵਾਉਣ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਚੌਂਕ ‘ਤੇ ਰੋਜ਼ਾਨਾ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਜ਼ੋਰਦਾਰ ਨਾਰੇਬਾਜ਼ੀ ਕੀਤੀ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਮਾਮਲੇ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕੇਂਦਰੀ ਜਾਂਚ ਏਜੰਸੀ ਸੀਬੀਆਈ ਵੱਲੋਂ ਨਿਰਪੱਖ ਜਾਂਚ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਹਾਲਾਤ ਬਹੁਤ ਹੀ ਗੰਭੀਰ ਹੋ ਚੁੱਕੇ ਹਨ। ਆਮ ਲੋਕਾਂ ਤੋਂ ਲੈ ਕੇ ਸਰਕਾਰੀ ਅਧਿਕਾਰੀ ਤੱਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੇ ਮੰਤਰੀ ਆਪਣੇ ਨਿੱਜੀ ਹਿਤਾਂ ਲਈ ਅਧਿਕਾਰੀਆਂ ‘ਤੇ ਬੇਹੱਦ ਦਬਾਅ ਬਣਾਉਂਦੇ ਹਨ, ਜਿਸ ਕਰਕੇ ਉਹ ਮਾਨਸਿਕ ਤਣਾਅ ‘ਚ ਆ ਕੇ ਆਤਮਹੱਤਿਆ ਵਰਗੇ ਕਦਮ ਚੁੱਕਣ ਲਈ ਮਜਬੂਰ ਹੋ ਜਾਂਦੇ ਹਨ।
ਸਿੰਗਲਾ ਨੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਸਿਰਫ਼ ਇੱਕ ਘਟਨਾ ਨਹੀਂ, ਸਗੋਂ ਪੰਜਾਬ ਵਿੱਚ ਪ੍ਰਸ਼ਾਸਨਿਕ ਤਣਾਅ ਅਤੇ ਸਰਕਾਰ ਦੀ ਨਾਕਾਮੀ ਦੀ ਵੱਡੀ ਮਿਸਾਲ ਹੈ। ਜੇ ਇਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰਵਾਈ ਗਈ ਤਾਂ ਭਾਜਪਾ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ।ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ ਹੋ ਚੁੱਕੀ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਖਰਾਬ ਹੈ, ਭ੍ਰਿਸ਼ਟਾਚਾਰ ਵਧ ਰਿਹਾ ਹੈ ਅਤੇ ਲੋਕ ਡਰ ਦੇ ਸਾਏ ‘ਚ ਜੀ ਰਹੇ ਹਨ। ਇਸ ਲਈ ਹੁਣ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨਾ ਹੀ ਇਕੱਲਾ ਹੱਲ ਦਿੱਸਦਾ ਹੈ, ਤਾਂ ਜੋ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਠੀਕ ਕੀਤਾ ਜਾ ਸਕੇ।
ਅੰਤ ਵਿੱਚ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲ ਸਕੇ। ਨਾਲ ਹੀ ਚੇਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਨੇ ਜਲਦੀ ਕੋਈ ਢੁਕਵਾਂ ਕਦਮ ਨਾ ਚੁੱਕਿਆ ਤਾਂ ਇਹ ਆੰਦੋਲਨ ਸੂਬੇ ਭਰ ‘ਚ ਹੋਰ ਤੇਜ਼ ਕੀਤਾ ਜਾਵੇਗਾ।
Click to Follow Babushahi Facebook page →