ਪਿੰਡ ਪੂਹਲਾ 'ਚ ਗੂੰਜਿਆ ਕਿਸਾਨੀ ਸੰਘਰਸ਼: ਚਿੱਪ ਵਾਲੇ ਮੀਟਰਾਂ ਅਤੇ ਅਮਰੀਕਾ ਨਾਲ ਹੋਏ ਸਮਝੌਤੇ ਵਿਰੁੱਧ ਕਿਸਾਨਾਂ ਦੀ ਵਿਸ਼ਾਲ ਕਾਨਫਰੰਸ
Baljeet Singh
ਪੱਟੀ/ਤਰਨ ਤਾਰਨ 28 ਮਾਰਚ, 2026: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪੂਹਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਵੱਲੋਂ ਇੱਕ ਵਿਸ਼ਾਲ ਕਾਨਫਰੰਸ ਕੀਤੀ ਗਈ। ਇਸ ਕਾਨਫਰੰਸ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਥਿਤ ਲੋਕ-ਵਿਰੋਧੀ ਨੀਤੀਆਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਗਿਆ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰੇ 'ਤੇ ਪਿੰਡਾਂ ਵਿੱਚ ਧੱਕੇ ਨਾਲ ਚਿੱਪ ਵਾਲੇ ਮੀਟਰ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੀਟਰ ਗਰੀਬ ਲੋਕਾਂ ਨੂੰ ਹਨੇਰੇ ਵਿੱਚ ਰਹਿਣ ਲਈ ਮਜਬੂਰ ਕਰਨਗੇ। ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਗਏ ਕਥਿਤ ਸਮਝੌਤੇ ਦਾ ਵਿਰੋਧ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨਾਲ ਵੱਡਾ ਧੋਖਾ ਹੈ। ਜਥੇਬੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਪੁਲਿਸ ਦੀ ਸ਼ਹਿ 'ਤੇ ਕਿਸਾਨਾਂ-ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਦਾ ਡਟ ਕੇ ਮੁਕਾਬਲਾ ਕੀਤਾ ਜਾਵੇਗਾ।
ਕਾਨਫਰੰਸ ਵਿੱਚ ਪਹੁੰਚੇ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਸੂਬਾ ਜਨਰਲ ਸਕੱਤਰ ਦਲਬਾਗ ਸਿੰਘ ਦਰਾਜਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਇਹ ਨੀਤੀਆਂ ਸਰਾਸਰ ਧੱਕੇਸ਼ਾਹੀ ਹਨ। ਉਨ੍ਹਾਂ ਐਲਾਨ ਕੀਤਾ ਕਿ ਜਥੇਬੰਦੀ ਇਹਨਾਂ ਪ੍ਰੀਪੇਡ ਮੀਟਰਾਂ ਵਿਰੁੱਧ ਪਿੰਡ-ਪਿੰਡ ਸੰਘਰਸ਼ ਤੇਜ਼ ਕਰੇਗੀ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਪਹੂਵਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਪਹੂਵਿੰਡ ਨੇ ਵੀ ਕਾਨਫਰੰਸ ਵਿੱਚ ਹਿੱਸਾ ਲਿਆ ਅਤੇ ਕਿਸਾਨ ਜਥੇਬੰਦੀ ਨਾਲ ਜੁੜਨ ਦਾ ਫੈਸਲਾ ਕੀਤਾ। ਕਾਨਫਰੰਸ ਵਿੱਚ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮਜ਼ਦੂਰ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Click to Follow Babushahi Facebook page →