Breaking: ਲਾਲਜੀਤ ਭੁੱਲਰ ਦੇ ਪੁਲਿਸ ਰਿਮਾਂਡ 'ਚ 3 ਦਿਨਾਂ ਦਾ ਵਾਧਾ
ਅਦਾਲਤ ਨੇ ਡਿਜੀਟਲ ਸਬੂਤਾਂ ਦੀ ਜਾਂਚ ਲਈ ਦਿੱਤੀ ਮਨਜ਼ੂਰੀ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 29 ਮਾਰਚ 2026: ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ ਐਤਵਾਰ ਨੂੰ ਲਾਲਜੀਤ ਸਿੰਘ ਭੁੱਲਰ ਦੇ ਪੁਲਿਸ ਰਿਮਾਂਡ ਵਿੱਚ ਹੋਰ ਪੁੱਛਗਿੱਛ ਲਈ ਤਿੰਨ ਦਿਨਾਂ ਦਾ ਵਾਧਾ ਕਰ ਦਿੱਤਾ ਹੈ। ਪੁਲਿਸ ਨੇ ਮੁਲਜ਼ਮ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਸ਼ਿਵਾਨੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਪੁਲਿਸ ਨੇ ਅਦਾਲਤ ਤੋਂ ਮੋਬਾਈਲ ਫ਼ੋਨ ਦੇ ਡਾਟਾ ਅਤੇ ਸੀਸੀਟੀਵੀ (CCTV) ਫੁਟੇਜ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਵਾਧੂ ਹਿਰਾਸਤ ਦੀ ਮੰਗ ਕੀਤੀ ਸੀ। ਸਰਕਾਰੀ ਪੱਖ (Prosecution) ਨੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਤੱਥਾਂ ਨੂੰ ਵਿਚਾਰਦਿਆਂ ਤਿੰਨ ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ।
ਸੁਣਵਾਈ ਤੋਂ ਬਾਅਦ ਐਡਵੋਕੇਟ ਹੀਰਾ ਸਿੰਘ ਨੇ ਮੀਡੀਆ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਲਾਲਜੀਤ ਭੁੱਲਰ ਦੀ ਪਤਨੀ ਵੀ ਅਦਾਲਤ ਵਿੱਚ ਮੌਜੂਦ ਸੀ, ਪਰ ਉਨ੍ਹਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕੋਈ ਵੀ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।
ਦੱਸਣਯੋਗ ਹੈ ਕਿ 24 ਮਾਰਚ ਨੂੰ ਲਾਲਜੀਤ ਸਿੰਘ ਭੁੱਲਰ ਨੂੰ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਅਨੁਸਾਰ ਜਾਂਚ ਅਜੇ ਜਾਰੀ ਹੈ ਅਤੇ ਡਿਜੀਟਲ ਸਬੂਤਾਂ ਨੂੰ ਖੰਗਾਲਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ।
Click to Follow Babushahi Facebook page →