ਡਾ ਅੰਬੇਡਕਰ ਦੀ ਮੂਰਤੀ ਦੀ ਤੋੜਫੋੜ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼: ਸਰੂਪ ਸਿੰਗਲਾ
ਅਸ਼ੋਕ ਵਰਮਾ
ਬਠਿੰਡਾ, 31 ਮਾਰਚ 2026 :ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਦੀ ਤੋੜਫੋੜ ਦੀ ਘਟਨਾ ‘ਤੇ ਭਾਰਤੀ ਜਨਤਾ ਪਾਰਟੀ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸਨੂੰ ਬਹੁਤ ਹੀ ਨਿੰਦਣਯੋਗ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਘਟਨਾ ਲਈ ਰਾਜ ਪੁਲਿਸ ਦੀ ਨਿਕੰਮੀ ਕਾਰਗੁਜ਼ਾਰੀ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਲਾਪਰਵਾਹੀ ਨੂੰ ਬੇਨਕਾਬ ਕਰਦੀਆਂ ਹਨ।ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਫਿਰਕੂ ਤਾਕਤਾਂ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਕਰ ਰਹੀਆਂ ਹਨ, ਪਰ ਸੂਬੇ ਦੀ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਅਜਿਹੇ ਵੰਡਕਾਰੀ ਯਤਨ ਕਦੇ ਕਾਮਯਾਬ ਨਹੀਂ ਹੋਣਗੇ।
ਉਨ੍ਹਾਂ ਨੇ ਦੋਸ਼ੀਆਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਸਰਕਾਰ ਤੋਂ ਜਵਾਬਦੇਹੀ ਤੈਅ ਕਰਨ ‘ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸ਼ਾਸਨ ਦੌਰਾਨ ਰਾਜ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਸਿੰਗਲਾ ਮੁਤਾਬਕ ਸੂਬੇ ਵਿੱਚ ਲਗਾਤਾਰ ਅਪਰਾਧਿਕ ਘਟਨਾਵਾਂ ਵੱਧ ਰਹੀਆਂ ਹਨ, ਜਿੱਥੇ ਰੋਜ਼ਾਨਾ ਕਤਲ, ਸਰਪੰਚਾਂ ‘ਤੇ ਹਮਲੇ ਅਤੇ ਇੱਥੋਂ ਤੱਕ ਕਿ ਪੁਲਿਸ ਥਾਣਿਆਂ ‘ਤੇ ਵੀ ਹਮਲੇ ਹੋ ਰਹੇ ਹਨ। ਵਿਦੇਸ਼ੀ ਧਰਤੀ ਤੇ ਬੈਠੇ ਖਾਲਿਸਤਾਨੀ ਅਨਸਰ ਪੰਜਾਬ ਵਿੱਚ ਸ਼ਰੇਆਮ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਪੰਜਾਬ ਸਰਕਾਰ ਇਹ ਸਭ ਮੂਕ ਦਰਸ਼ਕ ਬਣ ਕੇ ਦੇਖ ਰਹੀ ਹੈ
ਉਨ੍ਹਾਂ ਨੇ ਕਿਹਾ ਕਿ ਜਿਸ ਰਾਜ ਵਿੱਚ ਪੁਲਿਸ ਥਾਣੇ ਹੀ ਸੁਰੱਖਿਅਤ ਨਹੀਂ ਹਨ, ਉੱਥੇ ਆਮ ਨਾਗਰਿਕਾਂ ਦੀ ਸੁਰੱਖਿਆ ‘ਤੇ ਗੰਭੀਰ ਸਵਾਲ ਖੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਸਰੂਪ ਸਿੰਗਲਾ ਨੇ ਡਾਕਟਰ ਭੀਮ ਰਾਵ ਅੰਬੇਡਕਰ ਦੀ ਮੂਰਤੀ ਦੀ ਤੁਰੰਤ ਸਨਮਾਨ ਸਹਿਤ ਯਥਾਸਥਿਤੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ।
Click to Follow Babushahi Facebook page →