ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਸਕਿਓਰਿਟੀ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ ਪੰਜਾਬੀ ਉਹਨਾਂ ਨੂੰ ਉਹਨਾਂ ਦੀਆਂ ਸਸਤੀਆਂ ’ਕਿਕਲੀਆਂ’ ਭੁਲਾ ਦੇਣਗੇ
ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪ ਸਰਕਾਰ ਵੱਲੋਂ ਦਰਜ ਕੀਤੇ ਸਾਰੇ ਝੂਠੇ ਕੇਸਾਂ ਦੀ ਇਕ ਮੌਜੂਦਾ ਜੱਜ ਦੀ ਅਗਵਾਈ ਹੇਠ ਕਮੇਟੀ ਬਣਾ ਕੇ ਜਾਂਚ ਕਰਵਾਈ ਜਾਵੇਗੀ
ਪਟਿਆਲਾ, 5 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਓ ਐਸ ਡੀਜ਼ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ।
ਅੱਜ ਇਥੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਲ ਰਲ ਕੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਭ੍ਰਿਸ਼ਟ ਲੋਕ ਸਮਝਦੇ ਹਨ ਕਿ ਇਹ ਕੈਨੇਡਾ, ਆਸਟਰੇਲੀਆ ਤੇ ਹੋਰ ਮੁਲਕਾਂ ਵਿਚ ਭੱਜ ਜਾਣਗੇ ਜਿਥੇ ਇਹਨਾਂ ਗੈਰ ਕਾਨੂੰਨੀ ਪੈਸਾ ਰੱਖਿਆ ਹੈ। ਉਹਨਾਂ ਕਿਹਾ ਕਿ ਮੈਂ ਇਹਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹਨਾਂ ਨੂੰ ਜਵਾਬਦੇਹ ਠਹਿਰਾਇਆ ਜਾਵੇਗਾ। ਜੇਕਰ ਇਹ ਭੱਜ ਵੀ ਗਏ ਤਾਂ ਇਹਨਾਂ ਨੂੰ ਵਾਪਸ ਲਿਆ ਕੇ ਕਾਨੂੰਨ ਮੁਤਾਬਕ ਇਹਨਾਂ ਦੇ ਅਪਰਾਧਾਂ ਲਈ ਜਵਾਬਦੇਹ ਠਹਿਰਾਇਆ ਜਾਵੇਗਾ।
ਬਾਅਦ ਵਿਚ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੇਰੇ ਖਿਲਾਫ ਕਿੱਕਲੀਆਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੁਝ ਨਹੀਂ ਮਿਲਣਾ। ਉਹ ਭਾਵੇਂ ਜਿੰਨੀਆਂ ਮਰਜ਼ੀ ਕਿੱਕਲੀਆਂ ਪਾ ਲੈਣ ਪਰ ਇਸ ਨਾਲ ਉਹ ਪੰਜਾਬੀਆਂ ਦੇ ਗੁੱਸੇ ਤੋਂ ਨਹੀਂ ਬਚ ਸਕਣਗੇ ਜੋ ਉਹਨਾਂ ਤੋਂ ਹਰ ਮਾਮਲੇ ਵਿਚ ਦਿੱਤੇ ਧੋਖੇ ਦਾ ਹਿਸਾਬ ਲੈਣਾ ਚਾਹੁੰਦੇ ਹਨ।
ਉਹਨਾਂ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਆਪਣੀ 500 ਬੰਦਿਆਂ ਦੀ ਪੁਲਿਸ ਸੁਰੱਖਿਆ ਤੋਂ ਬਗੈਰ ਇਕ ਵੀ ਪਿੰਡ ਵਿਚ ਜਾ ਕੇ ਵਿਖਾਉਣ। ਉਹਨਾਂ ਕਿਹਾ ਕਿ ਜਿਥੇ ਕਿਤੇ ਭਗਵੰਤ ਮਾਨ ਜਾਂਦੇ ਹਨ, ਇਹ ਸੁਰੱਖਿਆ ਦਸਤੇ ਲਾਕ ਡਾਊਨ ਲਗਾ ਦਿੰਦੇ ਹਨ ਅਤੇ ਹਥਿਆਰ ਜ਼ਬਤ ਕਰ ਲੈਂਦੇ ਹਨ ਜਿਵੇਂ ਉਹਨਾਂ ਅੱਜ ਜੈਤੋਂ ਵਿਚ ਕੀਤਾ। ਉਹਨਾਂ ਕਿਹਾ ਕਿ ਇਕ ਵਾਰ ਬਗੈਰ ਸੁਰੱਖਿਆ ਦੇ ਕਿਸੇ ਵੀ ਪਿੰਡ ਵਿਚ ਗਏ ਤਾਂ ਪੰਜਾਬੀ ਉਹਨਾਂ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਸਸਤੀਆਂ ਕਿੱਕਲੀਆਂ ਭੁਲਾ ਦੇਣਗੇ।
ਨਾਰਾਜ਼ਗ ਅਕਾਲੀਆਂ ਦੇ ਪਾਰਟੀ ਵਿਚ ਵਾਪਸ ਆਉਣ ਬਾਰੇ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਸੀ ਮਤਭੇਦ ਭੁਲਾ ਕੇ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਦੇ ਝੰਡੇ ਹੇਠ ਇਕੱਠੇ ਹੋਣ।
ਉਹਨਾਂ ਕਿਹਾ ਕਿ ਇਕੱਲੇ ਰਲ ਕੇ ਅਸੀਂ ਪੰਜਾਬ ਨੂੰ ਦਿੱਲੀ ਦੇ ’ਲੁਟੇਰਿਆਂ’ ਤੋਂ ਬਚਾਈਏ ਤੇ ਪੰਜਾਬ ਦਾ ਮਾਣ ਤੇ ਖੁਸ਼ਹਾਲੀ ਮੁੜ ਬਹਾਲ ਕਰੀਏ।
ਰੈਲੀ ਵਿਚ ਆਪ ਵੱਲੋਂ ਦਰਜ ਕੀਤੇ ਝੂਠੇ ਕੇਸਾਂ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਇਕ ਮੌਜੂਦਾ ਜੱਜ ਦੀ ਅਗਵਾਈ ਹੇਠ ਕਮੇਟੀ ਬਣਾਵਾਂਗੇ ਜੋ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਇਹਨਾਂ ਸਾਰੇ ਝੂਠੇ ਕੇਸਾਂ ਦੀ ਜਾਂਚ ਕਰੇਗੀ। ਉਹਨਾਂ ਕਿਹਾ ਕਿ ਸਾਰੇ ਝੂਠੇ ਕੇਸ ਖਾਰਜ ਕੀਤੇ ਜਾਣਗੇ ਅਤੇ ਇਹ ਕੇਸ ਦਰਜ ਕਰਵਾਉਣ ਵਾਲੇ ਸਿਆਸੀ ਆਗੂਆਂ ਤੇ ਦਰਜ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਕਾਂਗਰਸ ਨੇ ਵਾਰ-ਵਾਰ ਪੰਜਾਬੀਆਂ ਨੂੰ ਧੋਖਾ ਦਿੱਤਾ ਤੇ 25 ਸਾਲ ਤੱਕ ਸੱਤਾ ਵਿਚ ਰਹਿਣ ਦੇ ਬਾਵਜੂਦ ਉਸ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਵੀ ਨਹੀਂ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਰਹੇ ਪਰ ਇਕ ਵਾਰ ਵੀ ਉਹ ਪਟਿਆਲਾ ਦਿਹਾਤੀ ਦੇ ਕਿਸੇ ਵਾਰਡ ਜਾਂ ਪਿੰਡ ਵਿਚ ਨਹੀਂ ਆਏ ਜਦੋਂ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਾਰੇ ਪਿੰਡਾਂ ਵਿਚ ਸੰਗਤ ਦਰਸ਼ਨ ਪ੍ਰੋਗਰਾਮ ਕੀਤੇ। ਉਹਨਾਂ ਨੇ ਇਸ ਮੌਕੇ ਪੰਥਕ ਏਕਤਾ ਦੀ ਅਪੀਲ ਵੀ ਕੀਤੀ ਤੇ ਸਾਰੇ ਅਕਾਲੀਆਂ ਨੂੰ ਵਾਪਸ ਪਾਰਟੀ ਵਿਚ ਪਰਤਣ ਦੀ ਅਪੀਲ ਕੀਤੀ।
ਪੰਜਾਬ ਲਈ ਆਪਣੀ ਸੋਚ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ ਨਾ ਕਿ ਆਪ ਸਰਕਾਰ ਵਾਂਗੂ ਬਾਹਰਲਿਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਸੂਬੇ ਵਿਚ ਨਵਾਂ ਨਿਵੇਸ਼ ਲਿਆਵੇਗੀ ਪਰ ਨਾਲ ਹੀ ਸ਼ਰਤ ਰੱਖੇਗੀ ਕਿ ਸਾਰੀਆਂ ਲੱਗਣ ਵਾਲੀਆਂ ਨਵੀਂਆਂ ਇਕਾਈਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ। ਉਹਨਾਂ ਐਲਾਨ ਕੀਤਾ ਕਿ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ ਅਤੇ ਪਸ਼ੂ ਪਾਲਣ ਫਾਰਮ ਸਥਾਪਿਤ ਕਰਨ ਲਈ 75 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਸਰਦਾਰ ਬਾਦਲ ਨੇ ਇਹ ਵੀ ਦੱਸਿਆ ਕਿ ਅਕਾਲੀ ਸਰਕਾਰ ਵਿਸ਼ਵ ਸਕਿੱਲ ਯੂਨੀਵਰਸਿਟੀ ਸਥਾਪਿਤ ਕਰੇਗੀ ਜੋ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਸਿੱਖਲਾਈ ਦੇਵੇਗੀ ਅਤੇ ਇਸਦੇ ਸੈਂਟਰ ਹਰ ਜ਼ਿਲ੍ਹੇ ਵਿਚ ਹੋਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਟਾ ਦਾਲ ਸਕੀਮ ਦਾ ਵਿਸਥਾਰ ਕਰੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
ਇਸ ਮੌਕੇ ਐਨ ਕੇ ਸ਼ਰਮਾ, ਡਾ. ਦਲਜੀਤ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਬੀਰ ਦਾਸ, ਮੱਖਣ ਸਿੰਘ ਲਾਲਕਾ ,ਸਰਬਜੀਤ ਸਿੰਘ ਝਿੰਜਰ, ਰਾਜਿੰਦਰ ਸਿੰਘ ਵਿਰਕ, ਅਮਿਤ ਸਿੰਘ ਰਾਠੀ ਤੇ ਅਰਸ਼ਦੀਪ ਸਿੰਘ ਕਲੇਰ ਨੇ ਵੀ ਸੰਬੋਧਨ ਕੀਤਾ।
Click to Follow Babushahi Facebook page →