ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਭਰਵੀਂ ਮੀਟਿੰਗ
ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਕੌਂਸਲਰ, ਸਾਬਕਾ ਕੌਂਸਲਰ ਵੀ ਰਹੇ ਵੱਡੀ ਗਿਣਤੀ ਵਿੱਚ ਮੌਜੂਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਅਪ੍ਰੈਲ:
ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਮੂਹ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਸ਼ਹਿਰ ਦੇ ਵਿਕਾਸ ਸਬੰਧੀ ਆਯੋਜਿਤ ਸੰਵਾਦ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਨੁਮਾਇੰਦਿਆਂ ਨੇ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਮੋਹਾਲੀ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਵਿਸਥਾਰ ਨਾਲ ਲੇਖਾ-ਜੋਖਾ ਪੇਸ਼ ਕੀਤਾ ਗਿਆ।
ਹਾਜ਼ਰੀਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਵਿਕਾਸ ਕਾਰਜਾਂ ਦੀ ਸਰਾਹਨਾ ਕਰਦਿਆਂ, ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
ਵਿਧਾਇਕ ਕੁਲਵੰਤ ਸਿੰਘ ਨੇ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਮੋਹਾਲੀ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਸ਼ਹਿਰ ਦੀਆਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਤੋਂ ਇਲਾਵਾ ਮੌਜੂਦਾ ਕੌਂਸਲਰ, ਸਾਬਕਾ ਕੌਂਸਲਰ ਅਤੇ ਪਾਰਟੀ ਦੇ ਬਲਾਕ ਪ੍ਰਧਾਨ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।
ਇਸ ਦੌਰਾਨ ਮੋਹਾਲੀ ਦੇ ਵਿਕਾਸ ਲਈ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਇਨ੍ਹਾਂ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਬਿਜਲੀ, ਪਾਣੀ ਸਪਲਾਈ ਅਤੇ ਸੜਕਾਂ ਦੀ ਮੁਰੰਮਤ ਵਰਗੀਆਂ ਮੁੱਖ ਸਮੱਸਿਆਵਾਂ ‘ਤੇ ਵੀ ਗੰਭੀਰ ਚਰਚਾ ਹੋਈ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਇਨ੍ਹਾਂ ਮੁੱਦਿਆਂ ਦੇ ਤੁਰੰਤ ਹੱਲ ਦੀ ਮੰਗ ਕੀਤੀ।
ਵਿਧਾਇਕ ਕੁਲਵੰਤ ਸਿੰਘ ਨੇ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਤੇ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ ਅਤੇ ਮੋਹਾਲੀ ਨੂੰ ਆਧੁਨਿਕ ਤੇ ਸੁੰਦਰ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਯਾਤਰਾ ਲਈ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਹਰ ਬੂਥ ਤੋਂ ਦੋ ਬੱਸਾਂ ਯਾਤਰਾ ਲਈ ਭੇਜਣ ਦੀ ਯੋਜਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਬਾਲ ਰਾਮ ਤੀਰਥ (ਵਾਲਮੀਕਿ ਤੀਰਥ) ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਦੇ ਹਨ, ਜਦਕਿ ਵਾਪਸੀ ਦੌਰਾਨ ਵਾਘਾ ਬਾਰਡਰ ਦਾ ਦੌਰਾ ਵੀ ਕਰਵਾਇਆ ਜਾਂਦਾ ਹੈ।
ਮੀਟਿੰਗ ਤੋਂ ਬਾਅਦ ਸ਼ਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਵਿਧਾਇਕ ਦੇ ਇਸ ਸੰਵੇਦਨਸ਼ੀਲ ਅਤੇ ਲੋਕ-ਹਿਤੈਸ਼ੀ ਰਵੱਈਏ ਦੀ ਭਰਪੂਰ ਸਰਾਹਨਾ ਕੀਤੀ।
Click to Follow Babushahi Facebook page →