DC ਮਾਨਸਾ ਨਵਜੋਤ ਕੌਰ ਨੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ
ਅਸ਼ੋਕ ਵਰਮਾ
ਮਾਨਸਾ, 6 ਅਪ੍ਰੈਲ 2026:
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਮੌਜੂਦਾ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਬਿਜਲੀ ਦੀ ਰੌਸ਼ਨੀ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਹਰ ਹਾਲ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੇ ਖਰੀਦ ਪ੍ਰਬੰਧਾਂ ਦੀ ਨਿਗਰਾਨੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਬੰਧਤ ਉਪ ਮੰਡਲ ਮੈਜਿਸਟਰੇਟ ਆਪਣੇ-ਆਪਣੇ ਖੇਤਰਾਂ ਦੀਆਂ ਮੰਡੀਆਂ ਦੀ ਨਿਯਮਤ ਨਿਗਰਾਨੀ ਕਰਨਗੇ, ਤਾਂ ਜੋ ਕਿਸਾਨਾਂ ਦੀ ਫ਼ਸਲ ਦੀ ਤੁਲਾਈ, ਚੁਕਾਈ ਅਤੇ ਅਦਾਇਗੀ ਸਮੇਂ ਸਿਰ ਹੋ ਸਕੇ।
ਡੀਸੀ ਨਵਜੋਤ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕੀ ਅਤੇ ਸਾਫ਼ ਕਣਕ ਹੀ ਲੈ ਕੇ ਆਉਣ ਤਾਂ ਜੋ ਨਮੀ ਦੀ ਮਾਤਰਾ ਨਿਰਧਾਰਿਤ ਹੱਦ ਦੇ ਅੰਦਰ ਰਹੇ ਅਤੇ ਖਰੀਦ ਤੁਰੰਤ ਕੀਤੀ ਜਾ ਸਕੇ। ਇਸ ਦੇ ਨਾਲ ਹੀ ਖ਼ਰੀਦੀ ਗਈ ਕਣਕ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਮੰਡੀਆਂ ਵਿੱਚ ਤਰਪਾਲਾਂ ਅਤੇ ਪੁਖ਼ਤਾ ਸਟੋਰੇਜ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ ਗਏ ਹਨ।
ਡੀਸੀ ਵੱਲੋਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਗਿਆ ਹੈ ਕਿ ਉਹ ਨਿੱਜੀ ਤੌਰ 'ਤੇ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ।
ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ , ਡੀਐਫਐਸਸੀ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾਂ ਸਮੇਤ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਹਾਜ਼ਰ ਸਨ।
Click to Follow Babushahi Facebook page →