ਗੁਰਦਾਸਪੁਰ ਪੁਲਿਸ ਵਲੋਂ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਸਖ਼ਤੀ, SSP ਆਦਿਤਿਆ ਨੇ ਜਨਤਾ ਨੂੰ ਸਹਿਯੋਗ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ 6 ਅਪ੍ਰੈਲ 2026-ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਉਣ ਲਈ ਗੁਰਦਾਸਪੁਰ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ, ਆਦਿਤਿਆ ਨੇ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਰਚ ਆਪ੍ਰੇਸ਼ਨ ਅਤੇ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।ਐਸਐਸਪੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਾਲ ਹੀ ਵਿੱਚ 508 ਨਵੀਆਂ ERVs (Emergency Response Vehicles)ਨੂੰ ਹਰੀ ਝੰਡੀ ਦਿਖਾਈ ਗਈ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ 30 ਨਵੀਆਂ ਗੱਡੀਆਂ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦਾ ਮੁੱਖ ਮਕਸਦ ਘੱਟ ਤੋਂ ਘੱਟ ਸਮੇਂ ਵਿੱਚ ਐਮਰਜੈਂਸੀ ਕਾਲ (112) 'ਤੇ ਰਿਸਪਾਂਸ ਦੇਣਾ ਹੈ।ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਨੇ ਸਪੱਸ਼ਟ ਕੀਤਾ ਕਿ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਨਸ਼ਾ ਛੁਡਾਊ ਮੁਹਿੰਮਾਂ (De-addiction efforts) ਵਿੱਚ ਵੀ ਪੁਲਿਸ ਸਰਗਰਮ ਭੂਮਿਕਾ ਨਿਭਾ ਰਹੀ ਹੈ।ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਖ਼ਾਸਕਰ ਬਿਨਾਂ ਨੰਬਰ ਪਲੇਟ ਵਾਲੇ ਵਾਹਨ ਅਤੇ ਪਟਾਕੇ ਮਾਰਨ ਵਾਲੇ ਬੁਲੇਟ ਮੋਟਰਸਾਈਕਲਾਂ ਨੂੰ ਜ਼ਿਲ੍ਹੇ ਵਿੱਚ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਵਾਹਨ ਜ਼ਬਤ ਕੀਤੇ ਜਾਣਗੇ। ਐਸਐਸਪੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ 112 ਨੰਬਰ 'ਤੇ ਸੂਚਿਤ ਕਰਨ।
Click to Follow Babushahi Facebook page →