1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ, 10 ਅਪ੍ਰੈਲ ਨੂੰ ਪਾਕਿਸਤਾਨ ਲਈ ਹੋਵੇਗਾ ਜਥਾ ਰਵਾਨਾ
ਕਈ ਸ਼ਰਧਾਲੂ ਪਹਿਲੀ ਵਾਰ ਕਰਨਗੇ ਦਰਸ਼ਨ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 9 ਅਪ੍ਰੈਲ 2026 : ਅੰਮ੍ਰਿਤਸਰ ਤੋਂ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਲੈ ਕੇ ਸੰਗਤਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਇਸ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋ ਚੁੱਕੇ ਹਨ। ਜਦਕਿ 32 ਸ਼ਰਧਾਲੂ ਵੀਜ਼ਾ ਪ੍ਰਾਪਤ ਕਰਨ ਤੋਂ ਵਾਂਝੇ ਰਹੇ। ਜਾਣਕਾਰੀ ਮੁਤਾਬਕ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ। ਇਹ ਜਥਾ ਪਾਕਿਸਤਾਨ ਵਿੱਚ ਸਥਿਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ, ਜਿਸ ਵਿੱਚ ਖਾਸ ਤੌਰ ‘ਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮਨਾਏ ਜਾਣ ਵਾਲੇ ਮੁੱਖ ਵਿਸਾਖੀ ਸਮਾਗਮ ਵਿੱਚ ਭਾਗ ਲਵੇਗਾ। ਜਥਾ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਇਸ ਦੌਰਾਨ ਅੱਜ ਸ਼ਰਧਾਲੂ ਆਪਣੇ ਪਾਸਪੋਰਟ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ‘ਤੇ ਪਾਕਿਸਤਾਨ ਦਾ ਵੀਜ਼ਾ ਲੱਗਿਆ ਹੋਇਆ ਹੈ। ਵੀਜ਼ੇ ਮਿਲਣ ਨਾਲ ਸੰਗਤਾਂ ਵਿੱਚ ਕਾਫੀ ਖੁਸ਼ੀ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਸਥਿਤ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ, ਜਿਸ ਨੂੰ ਲੈ ਕੇ ਉਹ ਬਹੁਤ ਹੀ ਉਤਸ਼ਾਹਿਤ ਹਨ। ਖਾਸ ਗੱਲ ਇਹ ਹੈ ਕਿ ਕਈ ਸ਼ਰਧਾਲੂ ਪਹਿਲੀ ਵਾਰ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਹਨ, ਜਿਸ ਕਰਕੇ ਉਹਨਾਂ ਵਿੱਚ ਵੱਖਰਾ ਹੀ ਚਾਅ ਅਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਹ ਯਾਤਰਾ ਸਿੱਖ ਇਤਿਹਾਸ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੀ ਹੋਈ ਹੈ, ਜਿਸ ਨੂੰ ਲੈ ਕੇ ਸੰਗਤਾਂ ਵਿੱਚ ਖਾਸ ਉਤਸਾਹ ਬਣਿਆ ਹੋਇਆ ਹੈ।
Click to Follow Babushahi Facebook page →