ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕਮਿਸ਼ਨਰ ਹਰ ਜ਼ਿਲ੍ਹਾ, ਤਹਿਸੀਲ ਤੇ ਪਿੰਡ ਪੱਧਰ ‘ਤੇ ਬਣਾ ਰਿਹਾ ਹੈ 25-25 ਵਲੰਟੀਅਰਸ ਦੀ ਟੀਮ: ਜਸਵੀਰ ਸਿੰਘ ਗੜ੍ਹੀ
- ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੇ ਵਿਸਾਖੀ ਦੇ ਸ਼ੁਭ ਮੌਕੇ 'ਤੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ
- ਸਮਾਜਿਕ ਸਮਾਨਤਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼
ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ), 13 ਅਪ੍ਰੈਲ :
ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਮਿਸ਼ਨ ਵਲੋਂ ਸੂਬੇ ਦੇ ਹਰ ਜ਼ਿਲ੍ਹੇ, ਤਹਿਸੀਲ ਤੇ ਪਿੰਡ ਵਿਚ 25-25 ਵਲੰਟੀਅਰਸ ਦੀਆਂ ਟੀਮਾਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਂਦੀ ਜਾ ਸਕੇ। ਉਹ ਅੱਜ ਵਿਸਾਖੀ ਦੇ ਪਵਿੱਤਰ ਤਿਉਹਾਰ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਥਿਤ ਪਵਿੱਤਰ ਸਥਾਨਾਂ 'ਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ੍ਰੀ ਚਰਨ ਛੋਹ ਪ੍ਰਾਪਤ ਗੰਗਾ ਸਥਲ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਤਪ ਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਤਿਕਾਰ ਸਹਿਤ ਮੱਥਾ ਟੇਕਿਆ ਅਤੇ ਰਾਜ ਦੀ ਖੁਸ਼ੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਇਸ ਪਵਿੱਤਰ ਧਰਤੀ 'ਤੇ ਲਗਭਗ 4 ਸਾਲ, 2 ਮਹੀਨੇ ਅਤੇ 11 ਦਿਨ ਤਪੱਸਿਆ ਕਰਕੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉਠ ਕੇ ਇੱਕਜੁੱਟ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।
ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਸਾਡੇ ਦੇਸ਼ ਅਤੇ ਖਾਸ ਕਰਕੇ ਪੰਜਾਬ ਦੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਇੱਕ ਮਹੱਤਵਪੂਰਨ ਪ੍ਰਤੀਕ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਦੇ ਯੋਗਦਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਵਿਧਾਨ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰ ਅਧਿਕਾਰ ਪ੍ਰਦਾਨ ਕੀਤੇ ਹਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਨੀਂਹ ਰੱਖੀ ਹੈ। ਇਹ ਦਿਨ ਸਾਨੂੰ ਸਮਾਨਤਾ, ਅਧਿਕਾਰਾਂ ਅਤੇ ਸਮਾਜਿਕ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਹਿਬਾਨਾਂ ਦੀਆਂ ਸਿੱਖਿਆਵਾਂ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਵਿਚਾਰ ਸਮਾਜ ਨੂੰ ਸਮਾਨਤਾ, ਭਾਈਚਾਰੇ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੇ ਹਨ ਜਿਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗ ਦੀ ਤਰੱਕੀ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਸਮਾਜਿਕ ਵਿਤਕਰੇ ਨੂੰ ਖਤਮ ਕਰਨ ਅਤੇ ਇੱਕ ਸਦਭਾਵਨਾਪੂਰਨ ਸਮਾਜ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਡਾ. ਕੁਲਵਰਨ ਸਿੰਘ, ਮੱਖਣ ਸਿੰਘ ਵਹੀਦਪੁਰੀ, ਹਰਭਜਨ ਸਿੰਘ, ਚੌਧਰੀ ਜੀਤ ਸਿੰਘ, ਬਿੰਦਰ ਸਿੰਘ, ਸਤਪਾਲ ਸਿੰਘ, ਰੋਸ਼ਨ ਸਰਪੰਚ, ਚਰਣ ਭਾਰਤੀ, ਡਾ. ਜਸਵੀਰ ਗੁਰਲਾਲ ਸੈਲਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
Click to Follow Babushahi Facebook page →