ਧੂਰੀ ਸ਼ਹਿਰ 'ਚ 2.28 ਕਰੋੜ ਰੁਪਏ ਦੇ ਸੁੰਦਰੀਕਰਨ ਤੇ ਵਿਕਾਸ ਕਾਰਜਾਂ ਦੀ ਹੋਈ ਸ਼ੁਰੂਆਤ
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
ਧੂਰੀ ਦੇ ਵਾਰਡ ਨੰਬਰ 1 'ਚ 1.34 ਕਰੋੜ ਰੁਪਏ ਨਾਲ ਬਣੇਗਾ ਨੇਚਰ ਪਾਰਕ : ਦਲਬੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ
ਕਿਹਾ, ਧੂਰੀ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਕੰਮ ਜੰਗੀ ਪੱਧਰ 'ਤੇ ਜਾਰੀ
ਦਲਜੀਤ ਕੌਰ
ਧੂਰੀ, 13 ਅਪ੍ਰੈਲ, 2026: ਧੂਰੀ ਸ਼ਹਿਰ ਨੂੰ ਸੁੰਦਰ, ਸਾਫ-ਸੁਥਰਾ ਅਤੇ ਆਧੁਨਿਕ ਸ਼ਹਿਰ ਬਣਾਉਣ ਦੇ ਮੰਤਵ ਨਾਲ ਅੱਜ ਲਗਭਗ 2.28 ਕਰੋੜ ਰੁਪਏ ਦੇ ਸੁੰਦਰੀਕਰਨ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦੇ ਹੋਏ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਦੱਸਿਆ ਕਿ ਸ਼ਹਿਰ ਦੇ ਵਾਰਡ ਨੰਬਰ 1 ਵਿੱਚ ਲਗਭਗ 1.34 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਸਹੂਲਤਾਂ ਨਾਲ ਲੈਸ ਨੇਚਰ ਪਾਰਕ ਬਣਾਇਆ ਜਾ ਰਿਹਾ ਹੈ। ਇਸ ਪਾਰਕ ਵਿੱਚ ਗਰੀਨ ਏਰੀਆ, ਵਾਕਿੰਗ ਟ੍ਰੈਕ, ਬੱਚਿਆਂ ਲਈ ਖੇਡਣ ਵਾਲੇ ਝੂਲੇ, ਬੈਠਣ ਲਈ ਬੈਂਚਾਂ ਅਤੇ ਸੁੰਦਰ ਲਾਈਟਿੰਗ ਕੀਤੀ ਜਾਵੇਗੀ, ਜਿਸ ਨਾਲ ਇਹ ਥਾਂ ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਅਤੇ ਪਰਿਵਾਰਾਂ ਲਈ ਖਾਸ ਖਿੱਚ ਦਾ ਕੇਂਦਰ ਬਣੇਗੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧੂਰੀ ਸ਼ਹਿਰ ਦੇ ਵਾਰਡ ਨੰਬਰ 21 ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਈਲਾਂ ਲਗਾਉਣ ਸਮੇਤ ਹੋਰ ਬੁਨਿਆਦੀ ਢਾਂਚੇ ਨਾਲ ਸੰਬੰਧਤ ਕਾਰਜ ਵੀ ਸ਼ੁਰੂ ਕੀਤੇ ਗਏ ਹਨ।
ਚੇਅਰਮੈਨ ਦਲਬੀਰ ਸਿੰਘ ਢਿੱਲੋਂ ਅਤੇ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ, ਤਾਂ ਜੋ ਧੂਰੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਬਣਾਇਆ ਜਾ ਸਕੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਹਿਯੋਗ ਦੇਣ ਅਤੇ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਡਾਇਰੈਕਟਰ ਲਘੂ ਉਦਯੋਗ ਅਨਿਲ ਮਿੱਤਲ, ਡਾਇਰੈਕਟਰ ਜਸਪਾਲ ਸਿੰਘ ਭੁੱਲਰ, ਬਲਾਕ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ, ਪੁਸ਼ਪਿੰਦਰ ਸ਼ਰਮਾ, ਨਵਰਾਜ, ਜਿਉਣਾ ਸਿੰਘ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬੀਰ ਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।
Click to Follow Babushahi Facebook page →