ਮੰਡੀਆਂ 'ਚ ਰੁਲ ਰਹੀ ਕਿਸਾਨਾਂ ਦੀ 'ਸੋਨੇ' ਵਰਗੀ ਫ਼ਸਲ: ਸਭਰਾ ਮੰਡੀ ਵਿਖੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਬਲਜੀਤ ਸਿੰਘ
ਸਭਰਾ/ਪੱਟੀ (ਤਰਨ ਤਾਰਨ), 14 ਅਪ੍ਰੈਲ 2026: ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਇਆਂ ਕਈ ਦਿਨ ਬੀਤ ਜਾਣ ਦੇ ਬਾਵਜੂਦ ਮੰਡੀਆਂ ਵਿੱਚ ਖਰੀਦ ਪ੍ਰਬੰਧ ਸੁਸਤ ਨਜ਼ਰ ਆ ਰਹੇ ਹਨ। ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੀ ਦਾਣਾ ਮੰਡੀ ਸਭਰਾ ਵਿਖੇ ਕਿਸਾਨਾਂ ਨੇ ਖੁੱਲ੍ਹੇ ਅਸਮਾਨ ਹੇਠ ਪਈ ਆਪਣੀ ਫ਼ਸਲ ਨੂੰ ਲੈ ਕੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ।
ਰੋਸ ਪ੍ਰਦਰਸ਼ਨ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਮੈਂਬਰ ਸਤਨਾਮ ਸਿੰਘ ਅਤੇ ਬਲਾਕ ਪ੍ਰਧਾਨ ਸੋਹਨ ਸਿੰਘ ਸਭਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦਾ ਦਾਅਵਾ ਕੀਤਾ ਸੀ, ਪਰ ਅੱਜ ਕਈ ਦਿਨ ਬੀਤ ਜਾਣ ਮਗਰੋਂ ਵੀ ਮੰਡੀਆਂ ਵਿੱਚ ਖਰੀਦ ਨਾ-ਮਾਤਰ ਹੈ। ਕਿਸਾਨ ਆਪਣੀ 'ਪੁੱਤਾਂ ਵਾਂਗ ਪਾਲੀ' ਫ਼ਸਲ ਲੈ ਕੇ ਖੁੱਲ੍ਹੇ ਅੰਬਾਰਾਂ ਹੇਠ ਬੈਠੇ ਹਨ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਅਚਾਨਕ ਬਾਰਿਸ਼ ਆ ਗਈ ਤਾਂ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਪਾਣੀ ਵਿੱਚ ਮਿਲ ਜਾਵੇਗੀ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਕਿਹਾ ਕਿ, ਮੰਡੀਆਂ ਵਿੱਚ ਬਾਰਦਾਨੇ ਅਤੇ ਚੁਕਾਈ ਦੇ ਪ੍ਰਬੰਧ ਅਧੂਰੇ ਹਨ। ਕਿਸਾਨ ਕਈ ਰਾਤਾਂ ਤੋਂ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਇੱਕ-ਦੂਜੇ 'ਤੇ ਜ਼ਿੰਮੇਵਾਰੀ ਸੁੱਟ ਕੇ ਕਿਸਾਨਾਂ ਨੂੰ ਖ਼ੁਆਰ ਕਰ ਰਹੀਆਂ ਹਨ।
ਬਲਾਕ ਪ੍ਰਧਾਨ ਸੋਹਨ ਸਿੰਘ ਸਭਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਅਗਲੇ ਕੁਝ ਦਿਨਾਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਸ਼ੁਰੂ ਨਾ ਕੀਤੀ ਗਈ, ਤਾਂ ਕਿਸਾਨ ਜਥੇਬੰਦੀਆਂ ਵੱਡੇ ਪੱਧਰ 'ਤੇ ਤਿੱਖਾ ਸੰਘਰਸ਼ ਸ਼ੁਰੂ ਕਰਨਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਜਾਨੀ-ਮਾਲੀ ਨੁਕਸਾਨ ਜਾਂ ਅਣਸੁਖਾਵੀਂ ਘਟਨਾ ਲਈ ਪੰਜਾਬ ਸਰਕਾਰ ਅਤੇ ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹੱਥਾਂ ਵਿੱਚ ਯੂਨੀਅਨ ਦੇ ਝੰਡੇ ਲੈ ਕੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤੁਰੰਤ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ।
Click to Follow Babushahi Facebook page →