ਲਖਨਊ 'ਚ ਭਿਆਨਕ ਅਗਨੀਕਾਂਡ: 200 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ; ਸਿਲੰਡਰ ਧਮਾਕਿਆਂ ਨਾਲ ਦਹਿਲਿਆ ਇਲਾਕਾ
ਲਖਨਊ, 15 ਅਪ੍ਰੈਲ 2026: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਿਕਾਸਨਗਰ ਸੈਕਟਰ-14 ਵਿੱਚ ਬੁੱਧਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗਣ ਕਾਰਨ ਲਗਭਗ 200 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਝੁੱਗੀਆਂ ਵਿੱਚ ਰੱਖੇ ਗੈਸ ਸਿਲੰਡਰਾਂ ਅਤੇ ਰੈਫ੍ਰਿਜਰੇਟਰਾਂ ਦੇ ਕੰਪ੍ਰੈਸਰਾਂ ਵਿੱਚ ਇੱਕ ਤੋਂ ਬਾਅਦ ਇੱਕ ਕਈ ਧਮਾਕੇ ਹੋਏ, ਜਿਸ ਕਾਰਨ ਪੂਰੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਮਚ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 18 ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਸ਼ੁਰੂ ਕੀਤੀ। ਦੂਰ-ਦੂਰ ਤੱਕ ਧੂੰਏਂ ਦੇ ਗੁਬਾਰ ਅਤੇ ਅੱਗ ਦੀਆਂ ਉੱਚੀਆਂ ਲਪਟਾਂ ਦਿਖਾਈ ਦੇ ਰਹੀਆਂ ਸਨ। ਆਪਣੀ ਉਮਰ ਭਰ ਦੀ ਕਮਾਈ ਅਤੇ ਸਾਮਾਨ ਸੜਦਾ ਦੇਖ ਝੁੱਗੀ-ਝੌਂਪੜੀ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਵਿਕਾਸ ਨਗਰ ਦੀ ਰਹਿਣ ਵਾਲੀ ਸ਼ਮਸ਼ੁਨਿਸ਼ਾਂ ਨੇ ਰੋਂਦੇ ਹੋਏ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਉਸ ਦਾ ਪੂਰਾ ਪਰਿਵਾਰ ਅੰਦਰ ਹੀ ਸੀ। ਉਸ ਦਾ ਸਾਰਾ ਘਰ ਸੜ ਚੁੱਕਾ ਹੈ ਅਤੇ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਧਰ-ਉਧਰ ਲੱਭ ਰਹੀ ਹੈ। ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਡਿਪਟੀ ਸੀ.ਐਮ. ਬ੍ਰਜੇਸ਼ ਪਾਠਕ ਨੇ ਕੀਤਾ ਦੌਰਾ
ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਤੁਰੰਤ ਘਟਨਾ ਸਥਾਨ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜ਼ਖ਼ਮੀਆਂ ਦੇ ਇਲਾਜ ਲਈ ਮੌਕੇ 'ਤੇ ਹੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਬੁਲਾਇਆ ਗਿਆ। ਪੀੜਤ ਪਰਿਵਾਰਾਂ ਦੇ ਰਹਿਣ ਅਤੇ ਖਾਣ-ਪੀਣ ਲਈ ਤੁਰੰਤ ਵਿਵਸਥਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹਰ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਨੋਟਿਸ
ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਘਟਨਾ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਐਨ.ਡੀ.ਆਰ.ਐਫ਼ (NDRF) ਅਤੇ ਹੋਰ ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
Click to Follow Babushahi Facebook page →