ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਕੀਤੀ ਗਈ ਚੈਕਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 15 ਅਪ੍ਰੈਲ, 2026
ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾਕਟਰ ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਕਿਸਾਨਾਂ ਨੂੰ ਮਿਆਰੀ ਅਤੇ ਸਮੇਂ ਸਿਰ ਖੇਤੀ ਸਮਗਰੀ ਉਪਲਬਧ ਕਰਵਾਉਣ ਦੇ ਮੰਤਵ ਲਈ ਰਾਜ ਪੱਧਰੀ ਨਿਗਰਾਨ ਟੀਮਾਂ ਵਲੋਂ ਸਮੂਹ ਜ਼ਿਲ੍ਹਿਆਂ ਵਿਚ ਖਾਦ ਡੀਲਰਾਂ ਦੀਆਂ ਦੁਕਾਨਾਂ, ਗੋਦਾਮਾਂ ਅਤੇ ਪਲਾਈ ਵੁਡ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੁਹਿੰਮ ਤਹਿਤ ਜ਼ਿਲੇ ਅੰਦਰ ਰਾਜ ਪੱਧਰੀ ਟੀਮ ਵੱਲੋਂ ਬਹਿਰਾਮ, ਬੰਗਾ, ਮੁਕੰਦਪੁਰ, ਰਾਹੋ, ਨਵਾਂਸ਼ਹਿਰ ਅਤੇ ਬਲਾਚੌਰ ਵਿਚ ਖਾਦ ਵਿਕ੍ਰੇਤਾਵਾਂ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਅਤੇ ਸੈਂਪਲਿੰਗ ਕਰਵਾਈ ਗਈ। ਇਸ ਤੋਂ ਇਲਾਵਾ ਬਲਾਚੌਰ ਵਿਚ ਸਥਿਤ ਪਲਾਈਵੁਡ ਉਦਯੋਗਿਕ ਇਕਾਈਆਂ ਦੀ ਵੀ ਚੈਕਿੰਗ ਕੀਤੀ ਗਈ। ਇਸ ਟੀਮ ਵਿੱਚ ਡਾਕਟਰ ਅਮਰੀਕ ਸਿੰਘ ਕੇਨ ਕਮਿਸ਼ਨਰ ਪੰਜਾਬ, ਡਾਕਟਰ ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫ਼ਸਰ, ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਫਤਿਹਗੜ ਚੂੜੀਆ, ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫਸਰ ਨਵਾਂਸ਼ਹਿਰ, ਡਾਕਟਰ ਲਛਮਣ ਦਾਸ ਖੇਤੀਬਾੜੀ ਅਫਸਰ ਬੰਗਾ, ਡਾਕਟਰ ਪੰਕਜ ਸਿੰਘ ਖੇਤੀਬਾੜੀ ਅਫਸਰ ਬਲਾਚੌਰ, ਡਾਕਟਰ ਵਿਜੈ ਮਹੇਸ਼ੀ ਖੇਤੀਬਾੜੀ ਵਿਕਾਸ ਅਫਸਰ (ਇਨਫੋ), ਡਾਕਟਰ ਕੁਲਦੀਪ ਸਿੰਘ, ਡਾਕਟਰ ਮੋਨਿਕਾ, ਡਾਕਟਰ ਜਗਮਨਦੀਪ ਕੌਰ ਸਾਰੇ ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ।
ਡਾ ਅਮਰੀਕ ਸਿੰਘ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਵਿਚ ਲਗਾਤਾਰ ਯੂਰੀਆ ਖਾਦ ਦੀ ਵਰਤੋਂ ਵੱਧ ਰਹੀ ਹੈ ਅਤੇ ਵੇਖਣ ਵਿਚ ਆਇਆ ਹੈ ਕਿ ਸਬਸਿਡੀ ਵਾਲੀ ਯੂਰੀਆ ਖਾਦ ਦੀ ਵਰਤੋਂ ਫੀਡ ਅਤੇ ਪਲਾਈਵੁੱਡ ਇੰਡਸਟਰੀ ਵਿਚ ਸੰਭਵ ਹੈ, ਜੋ ਕਿ ਗੈਰ ਕਾਨੂੰਨੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਦਯੋਗਿਕ ਇਕਾਈਆਂ ਵਿਚ ਯੂਰੀਆ ਖਾਦ ਦੀ ਵਰਤੋਂ ਨੂੰ ਰੋਕਣ ਸਬੰਧੀ ਪੂਰੇ ਪੰਜਾਬ ਵਿਚ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਸਮੂਹ ਖ਼ਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ ਮਸ਼ੀਨਾਂ ਵਿਚੋਂ ਸਟਾਕ ਕਲੀਅਰ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਲੋੜ ਅਨੁਸਾਰ ਹੀ ਖ਼ਾਦ ਦਿੱਤੀ ਜਾਵੇ ਅਤੇ ਫਾਲਤੂ ਖ਼ਾਦ ਦੀ ਵਿਕਰੀ ਬਿਲਕੁਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਖ਼ਾਦ ਵਿਕਰੇਤਾ ਯੂਰੀਆ ਖਾਦ ਫੀਡ ਅਤੇ ਪਲਾਈਵੁੱਡ ਇੰਡਸਟਰੀਆਂ ਨੂੰ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਖੇਤੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਸਮੂਹ ਖ਼ਾਦ ਵਿਕਰੇਤਾਵਾਂ, ਫੀਡ ਅਤੇ ਪਲਾਈਵੁੱਡ ਇੰਡਸਟਰੀ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਜੇਕਰ ਕਿਸੇ ਇੰਡਸਟਰੀ ਵਿਚ ਸਬਸਿਡੀ ਵਾਲੇ ਯੂਰੀਆ ਦੀ ਵਰਤੋਂ ਹੁੰਦੀ ਪਾਈ ਜਾਂਦੀ ਹੈ ਤਾਂ ਉਸ ਇੰਡਸਟਰੀ 'ਤੇ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਨੂੰ ਸੀਜ਼ ਕੀਤਾ ਜਾਵੇ। ਇਸ ਮੌਕੇ ਡਾ.ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਅੰਦਰ ਖ਼ਾਦ ਦੀ ਫਾਲਤੂ ਵਿਕਰੀ ਅਤੇ ਇੰਡਸਟਰੀ ਵਿੱਚ ਕੀਤੀ ਜਾ ਰਹੀ ਗੈਰ ਕਾਨੂੰਨੀ ਵਰਤੋਂ ਨੂੰ ਬਿਲਕੁਲ ਰੋਕਿਆ ਜਾਵੇਗਾ ਅਤੇ ਅਜਿਹਾ ਕਰਨ ਵਾਲਿਆਂ ਖਿਲਾਫ਼ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।
Click to Follow Babushahi Facebook page →