ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ*
*ਅਧਿਕਾਰੀਆਂ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕਰਨ ਦੀ ਹਦਾਇਤ*
*ਵਿਕਾਸ ਕਾਰਜਾਂ ਦੀ ਗੁਣਵੱਤਾ 'ਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੈਬਨਿਟ ਮੰਤਰੀ*
ਸੰਗਰੂਰ, 16 ਅਪ੍ਰੈਲ:
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ।
ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ।
ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਉਣ ਯਕੀਨੀ ਬਣਾਇਆ ਜਾਵੇ।
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਸੁਨਾਮ ਹਲਕੇ ਵਿੱਚ ਸੜਕਾਂ, ਲਾਇਬ੍ਰੇਰੀਆਂ, ਖੇਡ ਮੈਦਾਨ, ਪੰਚਾਇਤ ਘਰ, ਟੋਭੇ, ਅੰਡਰ ਗਰਾਊਂਡ ਪਾਈਪ ਲਾਈਨਾਂ, ਜਲ ਸਪਲਾਈ ਸਕੀਮਾਂ, ਟਰੋਮਾ ਸੈਂਟਰ ਆਦਿ ਬਾਰੇ ਸਬੰਧਤ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ 'ਚ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਸ ਲਈ ਅਧਿਕਾਰੀ ਸਮੇਂ ਸਮੇਂ ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਚੈਨ ਸਿੰਘ ਪਾਪੜਾ, ਉਪ ਮੰਡਲ ਮੈਜਿਸਟਰੇਟ ਸੰਗਰੂਰ ਸਤੀਸ਼ ਚੰਦਰ, ਉਪ ਮੰਡਲ ਮੈਜਿਸਟਰੇਟ ਸੁਨਾਮ ਗਗਨਦੀਪ ਸਿੰਘ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਮਨਜੀਤ ਕੌਰ ਸਮੂਹ ਵਿਭਾਗਾਂ ਦੇ ਐਕਸੀਅਨ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।
Click to Follow Babushahi Facebook page →