ਨੈਤਿਕਤਾ ਦੇ ਆਧਾਰ ਤੇ ਸੱਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ: ਹਰਚੰਦ ਸਿੰਘ ਬਰਸਟ
--- ਆਮ ਆਦਮੀ ਪਾਰਟੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਮਜ਼ਬੂਤ
--- ਭਾਰਤੀ ਜਨਤਾ ਪਾਰਟੀ ਲੋਕਤੰਤਰ ਵਿਰੋਧੀ ਕੋਝੀਆਂ ਚਾਲਾਂ ਚੱਲਣੀਆਂ ਬੰਦ ਕਰੇ - ਬਰਸਟ
ਐਸ.ਏ.ਐਸ ਨਗਰ/ਚੰਡੀਗੜ੍ਹ, 25 ਅਪ੍ਰੈਲ 2026
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਵੱਲੋਂ ਨਿਯੁਕਤ ਰਾਜ ਸਭਾ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਜਾਣ ਦੇ ਫੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਇਹ ਨੀਤੀਆਂ ਸਿੱਧੇ ਤੌਰ ਤੇ ਲੋਕਤੰਤਰ ਦੇ ਵਿਰੁੱਧ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਿਯੁਕਤ ਕੀਤੇ ਗਏ ਸਾਰੇ ਹੀ ਰਾਜ ਸਭਾ ਮੈਂਬਰ ਵੋਟਾਂ ਰਾਹੀਂ ਰਾਜ ਸਭਾ ਮੈਂਬਰ ਨਹੀਂ ਬਣੇ ਹਨ। ਇਹਨਾਂ ਨੂੰ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਿੱਤਾਂ ਨੂੰ ਰਾਜ ਸਭਾ ਵਿੱਚ ਚੁੱਕਣ ਵਾਸਤੇ ਬਤੌਰ ਰਾਜ ਸਭਾ ਮੈਂਬਰ ਨਿਯੁਕਤ ਕੀਤਾ ਗਿਆ ਸੀ, ਤਾਂ ਕਿ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜ਼ ਅਤੇ ਉਹਨਾਂ ਦੇ ਹੱਕਾਂ ਦੀ ਗੱਲ ਰਾਜ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।
ਸ. ਬਰਸਟ ਨੇ ਅੱਗੇ ਕਿਹਾ ਕਿ ਇਹਨਾਂ ਮੈਂਬਰਾਂ ਨੇ ਪੰਜਾਬ ਦੇ ਹੱਕਾਂ ਦੀ ਗੱਲ ਤਾਂ ਕੀ ਕਰਨੀ ਸੀ, ਉਲਟਾ ਜਿਸ ਪਾਰਟੀ ਅਤੇ ਆਗੂਆਂ ਵੱਲੋਂ ਇਹਨਾਂ ਨੂੰ ਰਾਜ ਸਭਾ ਵਰਗੀ ਵਕਾਰੀ ਮੈਂਬਰਸ਼ਿਪ ਲਈ ਨਿਯੁਕਤ ਕੀਤਾ ਗਿਆ, ਉਸੇ ਦੇ ਹੀ ਖ਼ਿਲਾਫ਼ ਆਪਣੀ ਰਾਜਨੀਤੀ ਕਰਨੀ ਸ਼ੁਰੂ ਕਰ ਦਿੱਤੀ। ਜੇ ਇਹਨਾਂ ਵਿੱਚ ਹਿੰਮਤ ਅਤੇ ਨੈਤਿਕਤਾ ਹੈ ਤਾਂ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦੇਣ ਅਤੇ ਪੰਜਾਬ ਵਿੱਚ ਆ ਕੇ ਕਿਸੇ ਵੀ ਜਗ੍ਹਾ ਤੋਂ ਆਪਣਾ ਵਕਾਰ ਸਿੱਧ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਲੋਕਾਂ ਦੀ ਸੇਵਾ ਲਈ ਡਟੀ ਹੋਈ ਹੈ। ਆਮ ਆਦਮੀ ਪਾਰਟੀ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਹੇਠ ਆ ਕੇ ਪੰਜਾਬ ਦੇ ਲੋਕਾਂ ਨਾਲ ਗੱਦਾਰੀ ਕਰਨ ਵਾਲਿਆਂ ਨੂੰ ਪੰਜਾਬ ਦੇ ਲੋਕ ਕਦੇ ਵੀ ਮੂੰਹ ਨਹੀਂ ਲਗਾਉਣਗੇ।
Click to Follow Babushahi Facebook page →