ਸੰਗਰੂਰ: ADC ਵੱਲੋਂ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ
ਦਲਜੀਤ ਕੌਰ
ਸੰਗਰੂਰ, 25 ਅਪ੍ਰੈਲ, 2026: ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅੰਕੁਰ ਮਹਿੰਦਰੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਅਣਜਾਣ ਵਿਅਕਤੀ ਨੂੰ ਜਿਸਦੀ ਪਹਿਚਾਣ ਕੈਫੇ ਦੇ ਮਾਲਕ ਵੱਲੋਂ ਨਹੀ ਕੀਤੀ ਗਈ, ਸਾਈਬਰ ਕੈਫੇ ਦੀ ਵਰਤੋਂ ਕਰਨ ਤੇ ਰੋਕ ਲਗਾਈ ਜਾਵੇ। ਸਾਈਬਰ ਕੈਫ਼ੇ ’ਤੇ ਪ੍ਰਾਪਤ ਸਹੂਲਤਾਂ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਦੇ ਰਿਕਾਰਡ ਲਈ ਰਜਿਸਟਰ ਲਗਾਇਆ ਜਾਵੇ। ਸਾਈਬਰ ਕੈਫੇ ’ਤੇ ਆਉਣ ਵਾਲੇ, ਵਰਤੋਂ ਕਰਨ ਵਾਲੇ ਵਿਅਕਤੀ ਦੀ ਸ਼ਨਾਖਤ ਉਸਦੇ ਪਛਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੰਸ, ਪਾਸਪੋਰਟ, ਕਰੈਡਿਟ ਕਾਰਡ ਆਦਿ ਵੇਖ ਕੇ ਕੀਤੀ ਜਾਵੇ। ਸਾਈਬਰ ਕੈਫੇ ਵਿੱਚ ਸਥਿਤ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਮ, ਘਰ ਦਾ ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੰਧੀ ਸਬੂਤ ਇੰਦਰਾਜ ਕਰੇਗਾ ਅਤੇ ਰਜਿਸਟਰ ਵਿੱਚ ਹਸਤਾਖਰ ਕਰੇਗਾ। ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਸਾਈਬਰ ਕੈਫੇ ਵਿੱਚ ਆਉਣ ਵਾਲੇ ਕਿਸੇ ਵੀ ਵਿਅਕਤੀ ਦੀ ਗਤੀਵਿਧੀ ਸਾਈਬਰ ਕੈਫੇ ਦੇ ਮਾਲਕ ਨੂੰ ਸ਼ੱਕੀ ਲਗਦੀ ਹੈ ਤਾਂ ਉਹ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਬਹੁਤ ਸਾਰੀਆਂ ਦੁਕਾਨਾਂ ਅਤੇ ਕਮਰਸ਼ੀਅਲ ਸਥਾਨ ਹੋਂਦ ਵਿੱਚ ਆ ਰਹੇ ਹਨ, ਜੋ ਕਿ ਸਾਈਬਰ ਕੈਫ਼ੇ ਦੇ ਤੌਰ ’ਤੇ ਜਾਣੇ ਜਾਂਦੇ ਹਨ। ਇਨ੍ਹਾਂ ਸਥਾਨਾਂ ਤੋਂ ਮੁਹੱਈਆ ਕੀਤੀ ਜਾਣ ਵਾਲੀ ਈ-ਮੇਲ ਸੁਵਿਧਾ ਸਹਿਤ ਹੋਰ ਸੁਵਿਧਾਵਾਂ ਦੀ ਵਰਤੋਂ ਲਈ ਬਹੁਤ ਸਾਰੇ ਲੋਕ ਇਨ੍ਹਾਂ ਸਥਾਨਾਂ ’ਤੇ ਜਾਂਦੇ ਹਨ ਅਤੇ ਕੁਝ ਗੈਰ-ਸਮਾਜਿਕ ਤੱਤ, ਅੱਤਵਾਦੀ ਅਤੇ ਅਪਰਾਧੀ ਵੀ ਇਨ੍ਹਾਂ ਸੁਵਿਧਾਵਾਂ ਦੀ ਸੁਰੱਖਿਆ/ਜਾਂਚ ਪੜਤਾਲ ਏਜੰਸੀਆਂ ਨੂੰ ਗੁੰਮਰਾਹ ਕਰਨ, ਜਨਤਾ ਵਿੱਚ ਡਰ ਪੈਦਾ ਕਰਨ, ਆਮ ਜਨਤਾ, ਵੀ.ਆਈ.ਪੀਜ਼ ਅਤੇ ਸਰਕਾਰੀ ਸੰਸਥਾਵਾਂ ਦੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਅਤੇ ਅੱਤਵਾਦੀ ਗਤੀਵਿਧੀਆਂ ਦੀ ਮਦਦ ਕਰਕੇ ਸਿੱਧੇ ਤੌਰ ’ਤੇ ਰਾਜ ਦੀ ਸੁਰੱਖਿਆ ’ਤੇ ਅਸਰ ਪਾਉਣ ਲਈ ਵਰਤੋਂ ਕਰ ਸਕਦੇ ਹਨ। ਇਸ ਲਈ ਮਨੁੱਖੀ ਜ਼ਿੰਦਗੀਆਂ ਨੂੰ ਖਤਰਿਆਂ ਤੋਂ ਅਤੇ ਕਿਸੇ ਵੀ ਅਜਿਹੀ ਸਥਿਤੀ ਤੋਂ ਬਚਾਉਣ ਲਈ ਤੁਰੰਤ ਕਾਰਵਾਈ ਕਰਨ ਦੀ ਲੋੜ ਹੈ। ਇਹ ਹੁਕਮ 22 ਜੂਨ 2026 ਤੱਕ ਲਾਗੂ ਰਹਿਣਗੇ।
ਕਿਸੇ ਵੀ ਵਿਅਕਤੀ ਨੂੰ ਬਿਨਾਂ ਸ਼ਨਾਖਤੀ ਸਬੂਤ ਲਏ ਹੋਟਲ, ਰੈਸਟੋਰੈਂਟ ਤੇ ਧਰਮਸ਼ਾਲਾ ਆਦਿ ਵਿੱਚ ਨਾ ਠਹਿਰਾਇਆ ਜਾਵੇ: ਵਧੀਕ ਜ਼ਿਲ੍ਹਾ ਮੈਜਿਸਟਰੇਟ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅੰਕੁਰ ਮਹਿੰਦਰੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਸਥਿਤ ਹੋਟਲ, ਰੈਸਟੋਰੈਂਟ ਤੇ ਧਰਮਾਸ਼ਾਲਾਂ ਦੇ ਮਾਲਕਾਂ ਤੇ ਪ੍ਰਬੰਧਕਾਂ ਨੂੰ ਪ੍ਰਸ਼ਾਸਨਿਕ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਸ਼ਨਾਖਤੀ ਸਬੂਤ ਲਏ ਹੋਟਲ, ਰੈਸਟੋਰੈਂਟ ਤੇ ਧਰਮਸ਼ਾਲਾ ਆਦਿ ਵਿੱਚ ਨਾ ਠਹਿਰਾਇਆ ਜਾਵੇ। ਹੋਟਲ, ਰੈਸਟੋਰੈਂਟ ਅਤੇ ਧਰਮਸ਼ਾਲਾ ਆਦਿ ਵਿੱਚ ਠਹਿਰਨ ਵਾਲੇ ਵਿਅਕਤੀਆਂ ਦੇ ਵੇਰਵਿਆਂ ਦਾ ਇੰਦਰਾਜ ਰਜਿਸਟਰ ਵਿੱਚ ਕੀਤਾ ਜਾਵੇ ਜਿਵੇਂ ਕਿ ਟੈਲੀਫੋਨ ਨੰਬਰ ਅਤੇ ਘਰ ਦਾ ਪਤਾ ਆਦਿ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜੇਕਰ ਹੋਟਲ, ਰੈਸਟੋਰੈਂਟ ਜਾਂ ਧਰਮਸ਼ਾਲਾ ਦੇ ਪ੍ਰਬੰਧਕਾਂ ਨੂੰ ਠਹਿਰਨ ਵਾਲੇ ਕਿਸੇ ਵਿਅਕਤੀ ਦੀ ਗਤੀਵਿਧੀ ਸ਼ੱਕੀ ਲਗਦੀ ਹੋਵੇ ਤਾਂ ਉਹ ਸਬੰਧਤ ਥਾਣੇ ਵਿਖੇ ਸੰਪਰਕ ਕਰਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਅਤੇ ਇਸ ਜ਼ਿਲ੍ਹੇ ਅਧੀਨ ਦੂਸਰੇ ਸ਼ਹਿਰਾਂ ਵਿੱਚ ਕਾਫ਼ੀ ਤਾਦਾਦ ਵਿੱਚ ਹੋਟਲ, ਰੈਸਟੋਰੈਂਟ ਖੁਲ੍ਹੇ ਹੋਏ ਹਨ, ਜਿਨ੍ਹਾਂ ਵਿੱਚ ਪਾਰਟੀਆਂ ਵਗੈਰਾ ਕੀਤੀਆਂ ਜਾਂਦੀਆਂ ਹਨ ਅਤੇ ਰਾਤਾਂ ਨੂੰ ਠਹਿਰਨ ਲਈ ਕਮਰੇ ਵੀ ਉਪਲਬਧ ਕਰਵਾਏ ਜਾਂਦੇ ਹਨ। ਅਜੋਕੇ ਸਮੇਂ ਵਿੱਚ ਹੋਟਲਾਂ/ਰੈਸਟੋਰੈਂਟਾਂ ਵਿੱਚ ਕਤਲ, ਰੇਪ/ਸਮੂਹਿਕ ਬਲਾਤਕਾਰ ਦੀਆਂ ਘਟਨਾਵਾਂ ਕਾਫ਼ੀ ਤਾਦਾਦ ਵਿੱਚ ਵਧ ਰਹੀਆਂ ਹਨ। ਕਈ ਵਾਰ ਇਨ੍ਹਾਂ ਹੋਟਲਾਂ, ਰੈਸਟੋਰੈਂਟਾਂ ਦੇ ਮਾਲਕ ਪੈਸਿਆਂ ਦੇ ਲਾਲਚ ਵਿੱਚ ਆਪਣੇ ਗਾਹਕਾਂ ਪਾਸੋਂ ਵਾਧੂ ਪੈਸੇ ਵਸੂਲ ਕੇ ਬਿਨਾਂ ਕੋਈ ਸ਼ਨਾਖਤੀ ਸਬੂਤ ਲਏ ਅਤੇ ਬਿਨਾਂ ਕਿਸੇ ਰਜਿਸਟਰ ਵਿੱਚ ਇੰਦਰਾਜ ਕੀਤੇ ਕਮਰੇ ਕਿਰਾਏ ’ਤੇ ਦੇ ਦਿੰਦੇ ਹਨ। ਇਸ ਤੋਂ ਇਲਾਵਾ ਹੋਟਲਾਂ, ਰੈਸਟੋਰੈਂਟਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਦੀ ਵੀ ਕੋਈ ਵਿਵਸਥਾ ਨਹੀਂ ਹੈ, ਜਿਸ ਕਾਰਨ ਅਪਰਾਧ ਹੋਣ ਦੀ ਸਥਿਤੀ ਵਿੱਚ ਇਨ੍ਹਾਂ ਹੋਟਲਾਂ/ਰੈਸਟੋਰੈਂਟਾਂ ਵਿੱਚ ਅਪਰਾਧੀ ਰਾਤ ਠਹਿਰਨ ਉਪਰੰਤ ਬੇਖੌਫ਼ ਚਲੇ ਜਾਂਦੇ ਹਨ ਅਤੇ ਕੋਈ ਰਿਕਾਰਡ ਉਪਲਬਧ ਨਾ ਹੋਣ ਕਾਰਨ ਕਰਾਈਮ ਏਜੰਸੀਆਂ ਨੂੰ ਅਪਰਾਧੀਆਂ ਦੀ ਭਾਲ ਕਰਨ ਵਿੱਚ ਮੁਸ਼ਕਿਲ ਪੈਦਾ ਹੋ ਜਾਂਦੀ ਹੈ। ਇਸ ਲਈ ਇਨ੍ਹਾਂ ਖਤਰਿਆਂ ਤੋਂ ਬਚਣ ਅਤੇ ਲੋਕ ਹਿੱਤ ਵਿੱਚ ਤੁਰੰਤ ਕਾਰਵਾਈ ਕਰਨ ਦੀ ਅਤਿਅੰਤ ਲੋੜ ਹੈ। ਇਹ ਹੁਕਮ 22 ਜੂਨ 2026 ਤੱਕ ਲਾਗੂ ਰਹਿਣਗੇ।
ਪਤੰਗ ਉਡਾਉਣ ਲਈ ਸੰਥੈਟਿਕ ਜਾਂ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਖਰੀਦਣ, ਸਟੋਰ, ਆਯਾਤ, ਸਪਲਾਈ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਗਰੂਰ ਅੰਕੁਰ ਮਹਿੰਦਰੂ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ,2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਗਰੂਰ ’ਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸੰਥੈਟਿਕ/ਪਲਾਸਟਿਕ/ਨਾਇਲੋਨ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਜ਼ਾਜ (ਕੱਚ ਦੇ ਪਾਊਡਰ/ਮੈਟਲ ਜਾਂ ਕੋਈ ਤਿੱਖੇ ਮਟੀਰੀਅਲ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ, ਸਪਲਾਈ, ਆਯਾਤ ਕਰਨ ਅਤੇ ਇਸ ਦੀ ਵਰਤੋਂ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਈ ਹੈ।
ਹੁਕਮ ’ਚ ਕਿਹਾ ਗਿਆ ਹੈ ਕਿ ਅੱਜ ਕੱਲ੍ਹ ਪਤੰਗ/ਗੁੱਡੀਆਂ ਉਡਾਉਣ ਲਈ ਜ਼ਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਜਾਂ ਮਾਂਜਾ ਦਾ ਇਸਤੇਮਾਲ ਹੁੰਦਾ ਹੈ ਅਤੇ ਉਹ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ ਤੋਂ ਇਲਾਵਾ ਉਡੱਦੇ ਪੰਛੀਆਂ ਦੇ ਫਸ ਜਾਣ ਤੇ ਉਨ੍ਹਾਂ ਦੇ ਮਰਨ ਦੀਆਂ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਇਸ ਤਰ੍ਹਾਂ ਸੰਥੈਟਿਕ/ਪਲਸਾਟਿਕ ਦੀ ਬਣੀ ਇਹ ਡੋਰ/ਚਾਇਨਾ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ।
ਹੁਕਮ ’ਚ ਅੱਗੇ ਦੱਸਿਆ ਕਿ ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿ ਲੋੜ ਮਹਿਸੂਸ ਕੀਤੀ ਗਈ ਹੈ। ਇਹ ਹੁਕਮ ਮਿਤੀ 22 ਜੂਨ 2026 ਤੱਕ ਲਾਗੂ ਰਹਿਣਗੇ।
Click to Follow Babushahi Facebook page →