ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਹੋਣ ‘ਤੇ ਲਹਿਰਾ ਹਲਕੇ ‘ਚ 35 ਥਾਂਵਾਂ ਵਿਖੇ ਸ਼ੁਕਰਾਨਾ ਸਮਾਗਮ-ਬਰਿੰਦਰ ਗੋਇਲ
-ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026 ਲਾਗੂ ਹੋਣ ਨਾਲ ਹੁਣ ਕੋਈ ਬੇਅਦਬੀ ਦੀ ਹਿੰਮਤ ਨਹੀਂ ਕਰੇਗਾ : ਬਰਿੰਦਰ ਗੋਇਲ
-ਕਿਹਾ, ਭਗਵੰਤ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਕਰਕੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਕੀਤੀ
ਦਲਜੀਤ ਕੌਰ
ਖਨੌਰੀ/ਲਹਿਰਾਗਾਗਾ/ਸੰਗਰੂਰ, 26 ਅਪ੍ਰੈਲ, 2026: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਲਾਗੂ ਕੀਤੇ ਜਾਣ ਦੀ ਖੁਸ਼ੀ ‘ਚ ਲਹਿਰਾ ਹਲਕੇ ਅੰਦਰ 35 ਥਾਂਵਾਂ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸ਼ੁਕਰਾਨਾ ਅਰਦਾਸ ਸਮਾਗਮ ਆਯੋਜਿਤ ਕੀਤੇ ਗਏ। ਇਸ ਮੌਕੇ ਸੰਗਤ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਦੇ ਦੋਵੇਂ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਗੋਇਲ ਨੇ ਦੱਸਿਆ ਕਿ ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਕਰਕੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ, ਜਿਸ ਕਾਰਨ ਹੁਣ ਕੋਈ ਬੇਅਦਬੀ ਦੀ ਹਿੰਮਤ ਨਹੀਂ ਕਰ ਸਕੇਗਾ।
ਇਸ ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਕਾਨੂੰਨ ਦੀ ਉਲੰਘਣਾ ਲਈ ਪੰਜ ਸਾਲ ਦੀ ਸਜ਼ਾ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੱਤ ਤੋਂ 20 ਸਾਲ, ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਲਈ 10 ਸਾਲ ਤੋਂ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ ਕਰਵਾਉਣ ਸਮੇਤ ਦੋਸ਼ੀਆਂ ਨੂੰ ਕੋਈ ਜ਼ਮਾਨਤ ਨਾ ਦੇਣਾ ਅਤੇ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਬਰਿੰਦਰ ਗੋਇਲ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡੇ ਜਾਗਤ ਗੁਰੂ ਹਨ ਅਤੇ ਅਸੀਂ ਇਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਹੁਕਮ ਅਨੁਸਾਰ ਆਪਣਾ ਗੁਰੂ ਮੰਨਦੇ ਹਾਂ ਅਤੇ ਇਨ੍ਹਾਂ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਜਦੋਂ ਕੋਈ ਬੇਅਦਬੀ ਹੁੰਦੀ ਸੀ ਤਾਂ ਦੋਸ਼ੀਆਂ ਬਾਰੇ ਇਹ ਕਹਿ ਦਿੱਤਾ ਜਾਂਦਾ ਸੀ ਕਿ ਉਹ ਮੰਦਬੁਧੀ ਹੈ ਜਾਂ ਮਾਨਸਿਕ ਰੋਗੀ ਹੈ ਪ੍ਰੰਤੂ ਹੁਣ ਇਸ ਤਰ੍ਹਾਂ ਦੇ ਮਾਮਲੇ ਵਿੱਚ ਉਸ ਵਿਅਕਤੀ ਦੇ ਸਰਪ੍ਰਸਤ ਅਤੇ ਪਰਿਵਾਰ ਨੂੰ ਵੀ ਬਰਾਬਰ ਦੋਸ਼ੀ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਬੇਅਦਬੀ ਵਿੱਚ ਮਦਦ ਕਰਨ ਵਾਲਿਆਂ ਨੂੰ ਸੋਧੇ ਕਾਨੂੰਨ ਤਹਿਤ ਮੁੱਖ ਦੋਸ਼ੀ ਦੇ ਬਰਾਬਰ ਸਜ਼ਾ ਅਤੇ ਜੁਰਮਾਨਾ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਗੁਰੂ ਸਾਹਿਬ ਦੇ ਨਾਮ ‘ਤੇ ਵੋਟਾਂ ਮੰਗੀਆਂ ਪਰ ‘ਆਪ` ਸਰਕਾਰ ਨੇ ਪਾਲਕੀ ਸਾਹਿਬ ਲੈ ਜਾਣ ਵਾਲੇ ਵਾਹਨਾਂ ‘ਤੇ ਵੀ ਟੈਕਸ ਮੁਆਫ਼ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਕਮੀਆਂ ਰੱਖੀਆਂ, ਇਸੇ ਕਰ ਕੇ ਬਿੱਲ ਚਾਰ ਵਾਰ ਆਇਆ ਪਰ ਪਾਸ ਨਹੀਂ ਹੋ ਸਕਿਆ ਪਰੰਤੂ ਮਾਨ ਸਰਕਾਰ ਨੇ ਇਸ ਕਾਨੂੰਨ ਨੂੰ ਲਾਗੂ ਕਰਕੇ ਸੰਗਤ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਹੈ।
ਬਰਿੰਦਰ ਗੋਇਲ ਨੇ ਕਿਹਾ ਆਪ` ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਦੁਬਾਰਾ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਸਮੁੱਚੇ ਸੰਸਾਰ, ਦੇਸ਼ ਭਰ ਸਮੇਤ ਪੰਜਾਬ ਅੰਦਰ ਸਿੱਖ ਸੰਗਤ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਸੰਗਤ ਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
Click to Follow Babushahi Facebook page →