ਨੀਟ ਯੂਜੀ 2026 ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਲਈ DC ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਦਲਜੀਤ ਕੌਰ
ਸੰਗਰੂਰ, 27 ਅਪ੍ਰੈਲ, 2026: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਹੁਲ ਚਾਬਾ ਨੇ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਐਤਵਾਰ, 3 ਮਈ 2026 ਨੂੰ ਕਰਵਾਈ ਜਾ ਰਹੀ ਨੀਟ ਯੂਜੀ 2026 ਪ੍ਰੀਖਿਆ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਗਰੂਰ ਜ਼ਿਲ੍ਹੇ ਵਿੱਚ ਵੀ 6 ਸੈਂਟਰਾਂ ਵਿਖੇ ਇਹ ਪ੍ਰੀਖਿਆ ਦੁਪਹਿਰ 2:00 ਵਜੇ ਤੋਂ ਸ਼ਾਮ 5:00 ਵਜੇ ਤੱਕ ਔਫਲਾਈਨ ਪੈਨ-ਐਂਡ-ਪੇਪਰ ਮੋਡ ਵਿੱਚ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੀਖਿਆ ਕੇਂਦਰਾਂ ’ਤੇ ਉਮੀਦਵਾਰਾਂ ਲਈ ਸੁਰੱਖਿਆ, ਪੀਣ ਵਾਲਾ ਪਾਣੀ, ਬਿਜਲੀ, ਸਫ਼ਾਈ ਅਤੇ ਟ੍ਰੈਫ਼ਿਕ ਪ੍ਰਬੰਧਾਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਰਾਹੁਲ ਚਾਬਾ ਨੇ ਕਿਹਾ ਕਿ ਪ੍ਰੀਖਿਆ ਦੇ ਨਿਰਵਿਘਨ ਆਯੋਜਨ ਲਈ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਏ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ ਚੁਸਤ ਕਰਨ ਅਤੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰਾਂ ’ਤੇ ਬਿਹਤਰ ਸਹਿਯੋਗ ਦੇਣ ਲਈ ਕਿਹਾ।
ਜਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਕੇਂਦਰੀ ਵਿਦਿਆਲਿਆ ਉਭਾਵਾਲ, ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ, ਪੀਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ, ਮਾਤਾ ਰਾਜ ਕੌਰ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਅਤੇ ਸੁਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ ਐਮੀਨੈਂਸ ਸੰਗਰੂਰ ਵਿਖੇ ਇਸ ਨੀਟ ਯੂਜੀਸੀ ਪ੍ਰੀਖਿਆ ਦੇ ਸੈਂਟਰ ਬਣਾਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਤਾਂ ਜੋ ਉਮੀਦਵਾਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਾ ਆਵੇ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਪ੍ਰਿੰਸੀਪਲ ਕੇਂਦਰੀ ਵਿਦਿਆਲਿਆ ਉਭਾਵਾਲ ਅਤੇ ਸੰਬੰਧਤ ਕੇਂਦਰ ਸੁਪਰਿੰਟੈਂਡੈਂਟ ਵੀ ਹਾਜ਼ਰ ਸਨ।
ਨੀਟ ਪ੍ਰੀਖਿਆ ਦੇ ਉਮੀਦਵਾਰਾਂ ਤੇ ਮਾਪਿਆਂ ਦੀ ਸਹੂਲਤ ਲਈ ਵਿਸ਼ੇਸ਼ ਬੱਸ ਸੇਵਾ ਦੇ ਪ੍ਰਬੰਧ
*****
ਜ਼ਿਲ੍ਹਾ ਪ੍ਰਸ਼ਾਸਨ, ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ, 3 ਮਈ, 2026 ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸਹੂਲਤ ਲਈ ਵਿਸ਼ੇਸ਼ ਬੱਸ ਸੇਵਾ ਦੇ ਪ੍ਰਬੰਧ ਕੀਤੇ ਗਏ ਹਨ।
ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ ਸੰਗਰੂਰ ਬੱਸ ਸਟੈਂਡ ਤੋਂ ਜ਼ਿਲ੍ਹੇ ਦੇ ਸਾਰੇ ਛੇ ਪ੍ਰੀਖਿਆ ਕੇਂਦਰਾਂ ਲਈ ਸਵੇਰੇ 9:00 ਵਜੇ ਤੋਂ ਬੱਸ ਸੇਵਾ ਉਪਲਬਧ ਹੋਵੇਗੀ। ਇਹ ਪ੍ਰਬੰਧ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਲਈ ਸਮੇਂ ਸਿਰ ਅਤੇ ਸੁਵਿਧਾਜਨਕ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਕਿਸੇ ਵੀ ਸਮੱਸਿਆ ਦੇ ਹੱਲ ਲਈ, ਹੈਲਪਲਾਈਨ ਨੰਬਰਾਂ, 9419265833 ਅਤੇ 8360277500 'ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਉਮੀਦਵਾਰਾਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰਾਂ ਵਿੱਚ ਦਾਖਲ ਹੋਣ ਲਈ ਉਪਲਬਧ ਬੱਸ ਸੇਵਾਵਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ।
Click to Follow Babushahi Facebook page →