ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ
*— ਪੁਲਿਸ ਟੀਮਾਂ ਨੇ 56 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 51 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ*
*— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ*
*— ਯੁੱਧ ਨਸ਼ਿਆਂ ਵਿਰੁੱਧ ਦੇ 422ਵੇਂ ਦਿਨ 4.1 ਕਿਲੋਗ੍ਰਾਮ ਹੈਰੋਇਨ ਸਮੇਤ 132 ਨਸ਼ਾ ਤਸਕਰ ਕਾਬੂ*
ਚੰਡੀਗੜ੍ਹ, 27 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 97ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 486 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
97ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 240 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 24,520 ਹੋ ਗਈਆਂ।
ਇਸ ਤੋਂ ਇਲਾਵਾ 56 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 51 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 422ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 132 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.1 ਕਿਲੋ ਹੈਰੋਇਨ, 23 ਕਿਲੋ ਭੁੱਕੀ, 704 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 422 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 61,103 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Click to Follow Babushahi Facebook page →