ਸ਼ਰਧਾਲੂਆਂ ਨੂੰ ਪ੍ਰਮੁੱਖ ਤੀਰਥ ਅਸਥਾਨਾਂ ਦੇ ਮੁਫਤ ਦਰਸ਼ਨ ਕਰਵਾ ਰਹੀ ਸਰਕਾਰ : ਸੁਖਵੀਰ ਸਿੰਘ ਮਾਈਸਰਖਾਨਾ
ਅਸ਼ੋਕ ਵਰਮਾ
ਬਠਿੰਡਾ, 4 ਮਈ 2026 : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਤੋਂ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਮੌੜ ਕਲ੍ਹਾਂ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਸ. ਸੁਖਵੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਲੋਕ ਆਪਣੀ ਆਸਥਾ ਅਨੁਸਾਰ ਤੀਰਥ ਯਾਤਰਾ ਕਰਕੇ ਸਰਕਾਰ ਦੀ ਇਸ ਲੋਕ ਹਿਤੈਸ਼ੀ ਯੋਜਨਾ ਨੂੰ ਚੰਗਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ-ਪੀਣ ਦਾ ਮਿਆਰੀ ਪ੍ਰਬੰਧ ਕੀਤਾ ਹੋਇਆ ਹੈ।
ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਲੋਂ ਪਿੰਡ ਜੰਗੀ ਰਾਣਾ ਤੋਂ ਹਰੀ ਝੰਡੀ ਦਿਖਾ ਕੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਦੇ ਹਜੂਰਾ ਕਪੂਰਾ ਕਾਲੋਨੀ ਤੋਂ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਦਿਆਲਪੁਰਾ ਭਾਈਕਾ ਅਤੇ ਸਲਾਬਤਪੁਰਾ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਅਤੇ ਨੇਹੀਆਂਵਾਲਾ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਫੁੱਲੋਖਾਰੀ ਅਤੇ ਰਾਮਾਂ ਮੰਡੀ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।
Click to Follow Babushahi Facebook page →