ਹੋਟਲ ਮਾਲਕ ਕਮਰੇ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦਾ ਆਈ.ਡੀ. ਪਰੂਫ ਜਰੂਰ ਲੈਣ
ਬਾਬੂਸ਼ਾਹੀ ਬਿਊਰੋ
ਮੋਗਾ, 07 ਮਈ
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਕਿਹਾ ਕਿ ਹੋਟਲ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦੀ ਸ਼ਨਾਖਤ ਲਈ ਆਈ.ਡੀ. ਪਰੂਫ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜਰੂਰ ਲਿਆ ਜਾਵੇ। ਜੇਕਰ ਇੱਕ ਤੋਂ ਵੱਧ ਵਿਅਕਤੀਆਂ ਵੱਲੋਂ ਇੱਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ ਵਿੱਚ ਠਹਿਰਣ ਵਾਲੇ ਹਰ ਇੱਕ ਵਿਅਕਤੀ ਦਾ ਆਈ.ਡੀ. ਪਰੂਫ ਲਿਆ ਜਾਵੇ।
ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ ਵਿੱਚ ਠਹਿਰਣ ਵਾਲੇ ਵਿਅਕਤੀਆਂ ਵੱਲੋਂ ਜੋ ਮੋਬਾਇਲ ਨੰਬਰ ਦਿੱਤਾ ਜਾਂਦਾ ਹੈ ਉਹ ਉਹਨਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿੱਚ ਹੋਵੇ। ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਇਲ ਨੰਬਰ ਤੇ ਕਾਲ ਕਰਕੇ ਪਤਾ ਲਗਾਇਆ ਜਾ ਸਕਦਾ ਹੈ। ਹੋਟਲਾਂ ਵਿੱਚ ਠਹਿਰਣ ਵਾਲਿਆਂ ਦੀ ਸੂਚਨਾ ਸਮੇਂ ਸਮੇਂ ਸਿਰ ਆਪਣੇ ਨਜਦੀਕੀ ਥਾਣੇ ਵਿੱਚ ਦਰਜ ਕਰਵਾਈ ਜਾਵੇ। ਜੇਕਰ ਹੋਟਲ ਮਾਲਕਾਂ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹਨਾਂ ਦੇ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਹੋਟਲ ਵਿੱਚ ਠਹਿਰਣ ਵਾਲੇ ਵਿਅਕਤੀ/ਵਿਅਕਤੀਆਂ ਵੱਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ ਇਸ ਬਾਰੇ ਨਜਦੀਕੀ ਥਾਣੇ ਵਿੱਚ ਸੂਚਨਾ ਦੇਣ। ਉਹਨਾਂ ਕਿਹਾ ਕਿ ਹੋਟਲਾਂ ਵਿੱਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ।
ਇਹ ਹੁਕਮ 30 ਜੂਨ, 2026 ਤੱਕ ਲਾਗੂ ਰਹਿਣਗੇ।
- Download Babushahi App
-
-