ਸਫਾਈ ਸੇਵਕਾਂ ਦੇ ਸੰਘਰਸ਼ ਨੂੰ ਢਾਹ ਲਾਉਣ ਲਈ ਐਤਵਾਰ ਨੂੰ ਸਰਕਾਰੀ ਅਧਿਕਾਰੀ ਹੁੰਦੇ ਰਹੇ ਤਰਲੋ ਮੱਛੀ- ਪ੍ਰਧਾਨ ਅਰੁਣ ਗਿੱਲ
ਜਗਰਾਉਂ, 17 ਮਈ (ਦੀਪਕ ਜੈਨ)- ਪੰਜਾਬ ਭਰ ਦੇ ਸਫਾਈ ਸੇਵਕਾਂ ਅਤੇ ਮਿਊਂਸੀਪਲ ਕਾਮਿਆਂ ਦੇ ਚੱਲ ਰਹੇ ਤਿੱਖੇ ਸੰਘਰਸ਼ ਤੋਂ ਘਬਰਾਈ ਪੰਜਾਬ ਸਰਕਾਰ ਹੁਣ ਬੈਕਫੁੱਟ ’ਤੇ ਨਜ਼ਰ ਆ ਰਹੀ ਹੈ। ਸੰਘਰਸ਼ ਨੂੰ ਢਾਹ ਲਾਉਣ ਲਈ ਐਤਵਾਰ ਦੇ ਦਿਨ ਵੀ ਸਰਕਾਰੀ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਤਰਲੋ-ਮੱਛੀ ਹੁੰਦੇ ਰਹੇ, ਪਰ ਸਫਾਈ ਕਾਮਿਆਂ ਨੇ ਸਰਕਾਰ ਦੇ ਝੂਠੇ ਲਾਰਿਆਂ ਅਤੇ ਦਬਾਅ ਅੱਗੇ ਝੁਕਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਹ ਪ੍ਰਗਟਾਵਾ ਸਫਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਨੇ ਨਗਰ ਕੌਂਸਲ ਜਗਰਾਉਂ ਵਿਖੇ ਚੱਲ ਰਹੇ ਧਰਨੇ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਬੀਤੇ ਸ਼ਨੀਵਾਰ ਰਾਤ ਤੋਂ ਹੀ ਸਰਕਾਰ ਵੱਲੋਂ ਆਪਣੇ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਅੱਗੇ ਕਰਕੇ ਸੰਘਰਸ਼ ਨੂੰ ਖਤਮ ਕਰਨ ਲਈ ਹਰ ਤਰ੍ਹਾਂ ਦੇ ਹਥਕੰਡੇ ਵਰਤੇ ਜਾ ਰਹੇ ਹਨ। ਦੇਰ ਰਾਤ ਤੱਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਚੱਲਦੀਆਂ ਰਹੀਆਂ, ਜਦਕਿ ਐਤਵਾਰ ਸਵੇਰੇ ਤੋਂ ਹੀ ਤਹਿਸੀਲਦਾਰ ਰੇਸ਼ਮ ਸਿੰਘ ਅਤੇ ਸਿਟੀ ਥਾਣਾ ਮੁਖੀ ਪਰਮਿੰਦਰ ਸਿੰਘ ਨਗਰ ਕੌਂਸਲ ਜਗਰਾਉਂ ਅੰਦਰ ਡਟੇ ਰਹੇ। ਅਧਿਕਾਰੀਆਂ ਵੱਲੋਂ ਬਾਰ-ਬਾਰ ਧਰਨਾਕਾਰੀਆਂ ਨੂੰ ਸਰਕਾਰ ਦੇ “ਜਲਦ ਹੱਲ” ਦੇ ਦਿਲਾਸੇ ਦੇ ਕੇ ਧਰਨਾ ਖਤਮ ਕਰਨ ਲਈ ਕਿਹਾ ਗਿਆ, ਪਰ ਸੰਘਰਸ਼ ਕਰ ਰਹੇ ਸਫਾਈ ਕਾਮਿਆਂ ਨੇ ਇਕ ਸੁਰ ਵਿੱਚ ਕਿਹਾ ਕਿ ਜਦ ਤੱਕ ਪੰਜਾਬ ਪੱਧਰੀ ਬਾਡੀ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਾਂ ਸਪਸ਼ਟ ਸੰਦੇਸ਼ ਨਹੀਂ ਆਉਂਦਾ, ਧਰਨਾ ਕਿਸੇ ਵੀ ਕੀਮਤ ’ਤੇ ਸਮਾਪਤ ਨਹੀਂ ਕੀਤਾ ਜਾਵੇਗਾ।
ਪ੍ਰਧਾਨ ਅਰੁਣ ਗਿੱਲ ਨੇ ਕਿਹਾ ਕਿ ਇਹ ਹਾਲਾਤ ਸਿਰਫ਼ ਜਗਰਾਉਂ ਤੱਕ ਸੀਮਿਤ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਸਰਕਾਰ ਦੇ ਖਿਲਾਫ਼ ਰੋਸ ਭੜਕਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਹੁਣ ਚੋਣ ਜਾਬਤੇ ਦਾ ਬਹਾਨਾ ਬਣਾ ਕੇ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਭੱਜ ਰਹੀ ਹੈ, ਜਦਕਿ ਸੰਘਰਸ਼ ਤਾਂ 6 ਮਈ ਤੋਂ ਲਗਾਤਾਰ ਚੱਲ ਰਿਹਾ ਹੈ ਅਤੇ ਚੋਣਾਂ ਦਾ ਐਲਾਨ ਉਸ ਤੋਂ ਕਈ ਦਿਨ ਬਾਅਦ ਹੋਇਆ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਅਤੇ ਹੁਣ ਸਫਾਈ ਕਾਮੇ ਝੂਠੇ ਭਰੋਸਿਆਂ ਵਿੱਚ ਆਉਣ ਵਾਲੇ ਨਹੀਂ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਸਰਕਾਰ ਲਿਖਤੀ ਤੌਰ ’ਤੇ ਮੰਗਾਂ ਮੰਨ ਕੇ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ, ਉਦੋਂ ਤੱਕ ਪੰਜਾਬ ਦੇ ਸਮੂਹ ਸਫਾਈ ਸੇਵਕ ਅਤੇ ਮਿਊਂਸੀਪਲ ਕਾਮੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੈਦਾ ਹੋ ਰਹੇ ਮੌਜੂਦਾ ਹਾਲਾਤਾਂ ਲਈ ਸਫਾਈ ਕਾਮੇ ਨਹੀਂ, ਸਗੋਂ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੈ। ਜੇ ਸਮੇਂ ਸਿਰ ਵਾਜਿਬ ਮੰਗਾਂ ਮੰਨ ਲਈਆਂ ਜਾਂਦੀਆਂ ਤਾਂ ਅੱਜ ਇਹ ਟਕਰਾਅ ਵਾਲੀ ਸਥਿਤੀ ਪੈਦਾ ਨਾ ਹੁੰਦੀ।
ਇਸ ਮੌਕੇ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਅੱਜ ਦੇ ਸੰਘਰਸ਼ ਵਿੱਚ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਕਿਰਤੀ ਕਿਸਾਨ ਯੂਨੀਅਨ ਦੇ ਸੁਖਦੇਵ ਸਿੰਘ ਮਾਣੂਕੇ ਵਿਸ਼ੇਸ਼ ਤੌਰ ਤੇ ਸਹਿਯੋਗ ਦੇਣ ਲਈ ਸ਼ਾਮਿਲ ਹੋਏ।
- Download Babushahi App
-
-