"ਚਿੱਟਾ ਛੱਡੋ ਚਿੱਟੀ ਫੜੋ" ਤਰੁਨ ਚੁੱਘ ਦਾ ਬਿਆਨ
2027 ਵਿੱਚ ਪੰਜਾਬ 'ਚ ਭਾਜਪਾ ਸਰਕਾਰ ਬਣਨ ਦਾ ਦਾਅਵਾ, ਏਐਸਆਈ ਤੇ ਕਤਲ ਉੱਤੇ ਆਪ ਸਰਕਾਰ ਨੂੰ ਘੇਰਿਆ
ਕੁਲਵਿੰਦਰ ਸਿੰਘ
ਅੰਮ੍ਰਿਤਸਰ 24 ਮਈ
ਅੰਮ੍ਰਿਤਸਰ ਵਿੱਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਨ ਚੁੱਘ ਵੱਲੋਂ ਇੱਕ ਵੱਖਰੇ ਅੰਦਾਜ਼ ਵਿੱਚ ਨਸ਼ਾ ਮੁਕਤੀ ਅਤੇ ਸਿਹਤਮੰਦ ਪੰਜਾਬ ਦਾ ਸੁਨੇਹਾ ਦਿੱਤਾ ਗਿਆ। ਉਹ ਸ਼ਹਿਰ ਦੀ ਮਸ਼ਹੂਰ ਅਹੂਜਾ ਲੱਸੀ ਦੀ ਦੁਕਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਖੁਦ ਲੱਸੀ ਤਿਆਰ ਕੀਤੀ, ਲੱਸੀ ਪੀਤੀ ਅਤੇ ਭਾਜਪਾ ਵਰਕਰਾਂ ਨੂੰ ਵੀ ਲੱਸੀ ਪਿਲਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ "ਚਿੱਟਾ ਛੱਡ ਕੇ ਚਿੱਟੀ ਲੱਸੀ ਅਤੇ ਚਿੱਟਾ ਦੁੱਧ ਅਪਣਾਉਣ ਦੀ ਲੋੜ ਹੈ", ਤਾਂ ਜੋ ਪੰਜਾਬ ਨੂੰ ਤੰਦਰੁਸਤ ਅਤੇ ਨਸ਼ਾ-ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਦੁੱਧ, ਦਹੀਂ ਅਤੇ ਲੱਸੀ ਵਰਗੀਆਂ ਪੌਸ਼ਟਿਕ ਖੁਰਾਕਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਭਾਜਪਾ ਆਗੂ ਨੇ ਰਾਜਨੀਤਿਕ ਮਾਮਲਿਆਂ 'ਤੇ ਵੀ ਆਪਣੀ ਰਾਏ ਰੱਖਦਿਆਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਦਲਾਅ ਦਾ ਮਨ ਬਣਾ ਚੁੱਕੇ ਹਨ ਅਤੇ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉਤਰੀ ਅਤੇ ਪ੍ਰਸ਼ਾਸਨਿਕ ਪੱਧਰ 'ਤੇ ਵੀ ਨਾਕਾਮ ਸਾਬਤ ਹੋਈ ਹੈ। ਤਰੁਣ ਚੁੱਗ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮਜੀਠਾ ਇਲਾਕੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਦੀ ਘਟਨਾ ਬਹੁਤ ਹੀ ਚਿੰਤਾਜਨਕ ਹੈ, ਜੋ ਸੂਬੇ ਦੀ ਸੁਰੱਖਿਆ ਸਥਿਤੀ ਉੱਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ-ਵਿਵਸਥਾ ਕਾਇਮ ਰੱਖਣ ਅਤੇ ਸੂਬੇ ਦਾ ਪ੍ਰਭਾਵਸ਼ਾਲੀ ਪ੍ਰਬੰਧ ਚਲਾਉਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਦੁੱਧ, ਦਹੀਂ ਅਤੇ ਲੱਸੀ ਵਰਗੇ ਪਰੰਪਰਾਗਤ ਖਾਣ-ਪੀਣ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।
- Download Babushahi App
-
-