SGPC ਪ੍ਰਧਾਨ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ
ਸਤਿਕਾਰ ਐਕਟ ’ਚ ਸ਼ਾਮਲ ਮੱਦਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕਰੇ ਸਰਕਾਰ : ਐਡਵੋਕੇਟ ਧਾਮੀ
ਬਾਬਾ ਬਕਾਲਾ ਸਾਹਿਬ ਵਿਖੇ ਪੰਥਕ ਇਕੱਠ ’ਚ ਨਿਹੰਗ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ ਮੁਖੀ ਕਰਨਗੇ ਸ਼ਮੂਲੀਅਤ
ਜਗਤਾਰ ਸਿੰਘ ਪਟਿਆਲਾ 27 ਮਈ 2027:
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਰੱਖੀ ਪੰਥਕ ਕਾਨਫਰੰਸ ਦੇ ਸਬੰਧ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਸਾਹਿਬ ਐਡਵੋਕੇਟ ਧਾਮੀ ਦੇ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਬਲਤੇਜ ਸਿੰਘ ਖੌਖ ਵੀ ਹਾਜਰ ਸਨ।
ਇਸ ਉਪਰੰਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ ਵਿਚ ਸ਼ਾਮਲ ਦਰਜ ਕੁਝ ਮੱਦਾਂ ਬਾਰੇ ਸੰਗਤਾਂ ਦੇ ਵੱਡੇ ਇਤਰਾਜ਼ ਹਨ ਅਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ, ਜਿਨ੍ਹਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਐਕਟ ਵਿਚ ਦਰਜ ਮੱਦਾਂ ਨੂੰ ਹਟਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਆਦੇਸ਼ ਕੀਤੇ ਹੋਏ ਹਨ ਜਿਸ ਤਹਿਤ ਸ਼ੋ੍ਰਮਣੀ ਗਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਬਾਬਾ ਬਕਾਲਾ ਸਹਿਬ ਵਿਖੇ 31 ਮਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਤਾਂ ਜੋ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸਾਂਝਾ ਗੁਰਮਤਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਮੱਦਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸਰਕਾਰ ਵੱਲੋਂ ਲਿਆਂਦਾ ਗਿਆ ਉਹ ਗੁਰਮਤਿ ਦੇ ਅਨੁਕੂਲ ਨਹੀਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋਂ ਵੀ ਸਮੇਂ ਸਮੇਂ ’ਤੇ ਕਾਨੁੰਨ ਅੰਦਰ ਸੋਧ ਹੋਈ ਉਸ ਸਮੇਂ ਸਿਰਮੌਰ ਸੰਸਥਾ ਵੱਲੋਂ ਮਤਾ ਪਾਸ ਕੀਤਾ ਜਾਂਦਾ ਰਿਹਾ, ਪ੍ਰੰਤੂ ਹੁਣ ਸਰਕਾਰ ਸੋਧ ਕਾਨੂੰਨ ਅੰਦਰ ਅਜਿਹੀਆਂ ਮੱਦਾਂ ਲੈ ਕੇ ਆਈ ਹੈ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ ਅਤੇ ਸਿੱਖ ਸਿਧਾਂਤਾਂ ਦੀ ਤਰਜ਼ਮਾਨੀ ਨਹੀਂ ਹੋ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖਤ ਸ਼ਜਾਵਾਂ ਮਿਲਣੀਆਂ ਚਾਹੀਦੀਆਂ ਹਨ, ਜਿਸ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਇਤਰਾਜ਼ ਨਹੀਂ ਕੀਤਾ ਜਾ ਰਿਹਾ ਹੈ, ਪ੍ਰੰਤੂ ਸਰਕਾਰ ਨੂੰ ਸੋਧ ਕਾਨੂੰਨ ਅੰਦਰ ਲਿਆਂਦੀਆਂ ਮਦਾਂ ਨੂੰ ਦੂਰ ਕਰਨ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦੀਆਂ ਰਵਾਇਤਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸਿੱਖ ਮਰਿਆਦਾ ਨਾਲ ਜੁੜੀਆਂ ਤਰਜੀਹਾਂ ਹਨ, ਜਿਨਾਂ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਲਾਗੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਟਕਰਾਲ ਦਾ ਸਵਾਲ ਨਹੀਂ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸੰਗਤਾਂ ਵਿਚ ਇਨ ਬਿਨ ਲਾਗੂ ਕਰਵਾਉਣਾ ਵੀ ਵੱਡੀ ਜਿ਼ੰਮੇਵਾਰੀ ਹੈ।
ਇਸ ਮੌਕੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ 31 ਮਈ ਦੀ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਪੰਥਕ ਕਾਨਫਰੰਸ ਵਿਚ ਉਹ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਨੂੰ ਲੈ ਕੇ ਪਹੁੰਚਣਗੇ ਤਾਂ ਜੋ ਸਰਕਾਰ ਵੱਲੋਂ ਲਿਆਂਦੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਤਿਕਾਰ ਐਕਟ ਵਿਚ ਸ਼ਾਮਲ ਮੱਦਾਂ ’ਤੇ ਦੀਰਘ ਵਿਚਾਰਾਂ ਤੋਂ ਬਾਅਦ ਸੰਗਤੀ ਰੂਪ ਵਿਚ ਸਾਂਝਾ ਗੁਰਮਤਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਸਹਿਬਾਨ ਤੇ ਅਧਿਕਾਰੀ ਆਦਿ ਸ਼ਾਮਲ ਸਨ।
- Download Babushahi App
-
-