ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀ.ਟੀ.ਐਮ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ 1 ਜੂਨ 2026 : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨਾਰਥਲ ਕਲਾਂ ਵਿਖੇ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ , ਇਹ ਸਮਾਗਮ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸ਼ਮੂਲੀਅਤ ਕੀਤੀ , ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਅਧਿਆਪਕਾਂ ਨਾਲ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ , ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸੁਝਾਅ ਸਾਂਝੇ ਕੀਤੇ
ਇਸ ਮੌਕੇ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ , ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਅਨੁਸਾਰ ਪਹਿਲਾ ਇਨਾਮ 800 ਰੁਪਏ, ਦੂਜਾ ਇਨਾਮ 600 ਰੁਪਏ ਅਤੇ ਤੀਜਾ ਇਨਾਮ 400 ਰੁਪਏ ਦਿੱਤਾ ਗਿਆ , ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜਮਾਤਾਂ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ , ਇਸ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 100 ਪ੍ਰਤੀਸ਼ਤ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ , ਸਕੂਲ ਦੀਆਂ ਉਪਲੱਬਧੀਆਂ ਵਿੱਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ
ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਹਰਦੀਪ ਕੌਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ , ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਕੂਲ, ਮਾਪਿਆਂ ਅਤੇ ਵਿਦਿਆਰਥੀਆਂ ਵਿਚਕਾਰ ਮਜ਼ਬੂਤ ਸਾਂਝ ਬਣਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ , ਸਮਾਗਮ ਦਾ ਸਮਾਪਨ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਅਤੇ ਸਿੱਖਿਆ ਪ੍ਰਤੀ ਹੋਰ ਸਮਰਪਣ ਨਾਲ ਕੀਤਾ ਗਿਆ
- Download Babushahi App
-
-