ਜ਼ਿਲ੍ਹਾ ਸਿਹਤ ਅਫਸਰ ਵੱਲੋਂ ਤੰਬਾਕੂ ਕੰਟਰੋਲ ਸਬੰਧੀ ਹੈਲਥ ਸੁਪਰਵਾਇਜਰਾਂ ਦੀ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 2 ਜੂਨ 2026 :ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਜਿਲ੍ਹੇ ਦੇ ਸਮੂਹ ਹੈਲਥ ਸੁਪਰਵਾਇਜਰਾਂ ਨਾਲ ਤੰਬਾਕੂ ਕੰਟਰੋਲ ਪ੍ਰੋਗਰਾਮ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਤੰਬਾਕੂ ਅਤੇ ਇਸ ਨਾਲ ਬਣੇ ਉਤਪਾਦਾਂ ਦੀ ਵਰਤੋਂ ਨਾਲ ਹੋਣ ਵਾਲੇ ਸਿਹਤ ਨੁਕਸਾਨਾਂ ਬਾਰੇ ਚਰਚਾ ਕੀਤੀ ਗਈ ਅਤੇ ਤੰਬਾਕੂ ਵਿਰੋਧੀ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।
ਇਸ ਸਬੰਧੀ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਘਟਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਤੰਬਾਕੂ ਰਹਿਤ ਸਮਾਜ ਦੀ ਸਿਰਜਣਾ ਲਈ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਤੰਬਾਕੂ ਕੰਟਰੋਲ ਐਕਟ ਕੋਟਪਾ ਐਕਟ (COTPA) ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਤੰਬਾਕੂ ਛੱਡਣ ਲਈ ਉਤਸ਼ਾਹਿਤ ਕਰਨ।
ਜਿਲ੍ਹਾ ਸਿਹਤ ਅਫ਼ਸਰ ਕਮ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਪ੍ਰੋਗਰਾਮ ਡਾ. ਊਸ਼ਾ ਗੋਇਲ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੇ ਰੋਗਾਂ, ਸਾਹ ਦੀਆਂ ਬਿਮਾਰੀਆਂ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ। ਉਨ੍ਹਾਂ ਹੈਲਥ ਸੁਪਰਵਾਇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਇਸ ਦੀ ਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।
ਮੀਟਿੰਗ ਦੌਰਾਨ ਤੰਬਾਕੂ ਕੰਟਰੋਲ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਐਪੀਡੀਮੋਲੋਜਿਸਟ ਡਾ ਰਣਦੀਪ ਕੌਰ, ਸਮੂਹ ਹੈਲਥ ਸੁਪਰਵਾਇਜਰ ਹਾਜ਼ਰ ਸਨ ।
- Download Babushahi App
-
-