ਟਰੈਵਲ ਏਜੰਟ ਵੱਲੋਂ ਕੀਤੀ ਠੱਗੀ ਦੇ ਮਾਮਲੇ ਵਿੱਚ ਪੁਲਿਸ ਦੀ ਵੱਡੀ ਕਾਰਵਾਈ
ਪੀੜਤਾਂ ਨੂੰ ਵਾਪਸ ਕਰਵਾਏ 70 ਲੱਖ ਤੋਂ ਵੱਧ ਰੁਪਏ
ਸੁਖਮਿੰਦਰ ਭੰਗੂ
ਲੁਧਿਆਣਾ 5 ਜੂਨ 2026
ਵਿਦੇਸ਼ ਭੇਜਣ ਦੇ ਨਾਮ 'ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਟਰੈਵਲ ਏਜੰਟ ਖ਼ਿਲਾਫ਼ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕੀਤੀ ਗਈ ਪੜਤਾਲ ਅਤੇ ਕਾਰਵਾਈ ਦੇ ਨਤੀਜੇ ਵਜੋਂ ਠੱਗੀ ਦਾ ਸ਼ਿਕਾਰ ਹੋਏ 11 ਪੀੜਤਾਂ ਨੂੰ 70 ਲੱਖ 77 ਹਜ਼ਾਰ 910 ਰੁਪਏ ਦੀ ਰਕਮ ਵਾਪਸ ਦਿਵਾਈ ਗਈ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਟਰੈਵਲ ਏਜੰਟ ਖ਼ਿਲਾਫ਼ ਦਰਜ ਮਾਮਲੇ ਵਿੱਚ ਕੁੱਲ 17 ਪੀੜਤ ਸਾਹਮਣੇ ਆਏ ਸਨ, ਜਿਨ੍ਹਾਂ ਤੋਂ ਵੱਖ-ਵੱਖ ਢੰਗਾਂ ਨਾਲ ਵਿਦੇਸ਼ ਭੇਜਣ ਦੇ ਝੂਠੇ ਵਾਅਦੇ ਕਰਕੇ 1 ਕਰੋੜ 7 ਲੱਖ 86 ਹਜ਼ਾਰ 594 ਰੁਪਏ ਦੀ ਠੱਗੀ ਕੀਤੀ ਗਈ ਸੀ। ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੋਸ਼ੀ ਧਿਰ 'ਤੇ ਦਬਾਅ ਬਣਾਇਆ, ਜਿਸ ਤੋਂ ਬਾਅਦ ਪੀੜਤਾਂ ਨੂੰ ਰਕਮ ਵਾਪਸ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਹੋਈ।
ਤਾਜ਼ਾ ਕਾਰਵਾਈ ਤਹਿਤ 11 ਪੀੜਤਾਂ ਨੂੰ ਉਨ੍ਹਾਂ ਦੀ ਹੱਕੀ ਰਕਮ 70.77 ਲੱਖ ਰੁਪਏ ਵਾਪਸ ਦਿਵਾਏ ਗਏ ਹਨ, ਜਦਕਿ ਬਾਕੀ ਪੀੜਤਾਂ ਦੀ ਰਕਮ ਵੀ ਵਾਪਸ ਕਰਵਾਉਣ ਲਈ ਕਾਨੂੰਨੀ ਕਾਰਵਾਈ ਜਾਰੀ ਹੈ।
ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵਿਦੇਸ਼ ਜਾਣ ਲਈ ਕਿਸੇ ਵੀ ਟਰੈਵਲ ਏਜੰਟ ਨਾਲ ਲੈਣ-ਦੇਣ ਕਰਨ ਤੋਂ ਪਹਿਲਾਂ ਉਸ ਦੀ ਪੂਰੀ ਤਸਦੀਕ ਜ਼ਰੂਰ ਕਰਨ ਅਤੇ ਸਿਰਫ਼ ਅਧਿਕਾਰਤ ਏਜੰਟਾਂ ਦੀਆਂ ਸੇਵਾਵਾਂ ਹੀ ਲੈਣ। ਪੁਲਿਸ ਨੇ ਇਹ ਵੀ ਕਿਹਾ ਕਿ ਠੱਗੀ ਦੇ ਮਾਮਲਿਆਂ ਵਿੱਚ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਕਾਰਵਾਈ ਨੂੰ ਲੁਧਿਆਣਾ ਪੁਲਿਸ ਦੀ ਇੱਕ ਮਹੱਤਵਪੂਰਨ ਕਾਮਯਾਬੀ ਮੰਨਿਆ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਪੀੜਤਾਂ ਨੂੰ ਵੱਡੀ ਰਾਹਤ ਮਿਲੀ ਹੈ, ਸਗੋਂ ਟਰੈਵਲ ਏਜੰਟਾਂ ਦੇ ਨਾਮ 'ਤੇ ਠੱਗੀ ਕਰਨ ਵਾਲਿਆਂ ਨੂੰ ਵੀ ਸਖ਼ਤ ਸੰਦੇਸ਼ ਗਿਆ ਹੈ।
- Download Babushahi App
-
-