ADC ਸਿਮਰਪ੍ਰੀਤ ਕੌਰ ਵੱਲੋਂ ਸੜਕ ਸੁਰੱਖਿਆ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਸਮੀਖਿਆ ਮੀਟਿੰਗ
ਅਸ਼ੋਕ ਵਰਮਾ
ਮਾਨਸਾ, 5 ਜੂਨ 2026 : ਮਾਨਸਾ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਉਣ, ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਅਤੇ 'ਸੇਫ਼ ਸਕੂਲ ਵਾਹਨ ਪਾਲਿਸੀ' ਨੂੰ ਇੰਨ ਬਿੰਨ ਲਾਗੂ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਸਮੂਹ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸੜਕ ਸੁਰੱਖ਼ਿਆ ਕਮੇਟੀ ਨਾਲ ਸਬੰਧਤ ਵੱਖ-ਵੱਖ ਮਸਲਿਆਂ ਦੀ ਨਿਰੰਤਰ ਸਮੀਖਿਆ ਲਈ ਹਰ ਮਹੀਨੇ ਮੀਟਿੰਗ ਕਰਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਕੀਤੇ ਗਏ ਕੰਮਾਂ ਦੀ ਪ੍ਰਗਤੀ ਜਾਣਨ ਲਈ ਹਰ ਹਫ਼ਤੇ 'ਐਕਸ਼ਨ ਟੇਕਨ ਰਿਪੋਰਟ' ਪੇਸ਼ ਕੀਤੀ ਜਾਵੇ ਤਾਂ ਜੋ ਜ਼ਮੀਨੀ ਪੱਧਰ 'ਤੇ ਸੁਧਾਰ ਨਜ਼ਰ ਆ ਸਕੇ।
ਸੜਕ ਦੁਰਘਟਨਾਵਾਂ ਦੇ ਮੁੱਖ ਕਾਰਨਾਂ 'ਤੇ ਚਰਚਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਨੈਸ਼ਨਲ ਹਾਈਵੇਅ ਅਥਾਰਟੀ ਅਤੇ ਹੋਰ ਸਰਕਾਰੀ ਕਾਰਜਕਾਰੀ ਏਜੰਸੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੀਆਂ ਸੜਕਾਂ 'ਤੇ ਚਿੰਨ੍ਹਿਤ ਕੀਤੇ ਗਏ ਬਲੈਕ ਸਪੋਟਸ (ਹਾਦਸਿਆਂ ਵਾਲੀਆਂ ਥਾਵਾਂ) ਨੂੰ ਤੁਰੰਤ ਦਰੁਸਤ ਕੀਤਾ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਪ੍ਰਮੁੱਖ ਸੜਕਾਂ 'ਤੇ ਗਤੀ ਸੀਮਾ ਦੇ ਬੋਰਡ ਲਗਾਏ ਜਾਣ ਅਤੇ ਜ਼ਿਲ੍ਹੇ ਵਿੱਚ ਲੋੜੀਂਦੀਆਂ ਥਾਵਾਂ 'ਤੇ ਸਪੀਡ ਬਰੇਕਰ, ਸੰਕੇਤ ਚਿੰਨ੍ਹ, ਰੈਂਪ, ਟਰੈਫਿਕ ਲਾਈਟਾਂ ਅਤੇ ਬਲਿੰਕਰਾਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ। ਟ੍ਰੈਫਿਕ ਪੁਲਿਸ ਨੂੰ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ ।
ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਮੀਖਿਆ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਵਿਦਿਆਰਥੀਆਂ ਦੀ ਜਾਨ ਨੂੰ ਜੋਖਮ ਵਿੱਚ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲੀ ਵਾਹਨਾਂ ਦੀ ਜਾਂਚ ਦੌਰਾਨ ਅਨਿਯਮਤਾਵਾਂ ਪਾਏ ਜਾਣ ਦੀ ਸੂਰਤ ਵਿੱਚ ਵਾਹਨਾਂ ਨੂੰ ਤੁਰੰਤ ਜ਼ਬਤ ਕੀਤਾ ਜਾਵੇ।
ਇਸ ਮੌਕੇ ਆਰ ਟੀ ਓ - ਕਮ -ਐੱਸ.ਡੀ.ਐੱਮ ਬੁਢਲਾਡਾ ਗਗਨਦੀਪ ਸਿੰਘ, ਐੱਸ.ਡੀ.ਐੱਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਇੰਚਾਰਜ ਟਰੈਫਿਕ ਭਗਵੰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
- Download Babushahi App
-
-