ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਈਨਮੈਨਾਂ ਤੇ ਜਬਰ ਖਿਲਾਫ ਅਰਥੀ ਫੂਕ ਮੁਜ਼ਾਹਰੇ
ਅਸ਼ੋਕ ਵਰਮਾ
ਬਠਿੰਡਾ, 6 ਜੂਨ 2026: ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਪਾਵਰ ਕਾਮ ਦੇ ਦਫਤਰ ਅੱਗੇ ਆਪਣੀਆਂ ਡਿਗਰੀਆਂ ਲੈ ਕੇ ਨੌਕਰੀਆਂ ਦੀ ਮੰਗ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਪੁਲਿਸ ਵੱਲੋਂ ਢਾਹੇ ਅੰਨੇ ਤਸ਼ੱਦਦ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਅੱਜ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਮੁਜਾਹਰੇ ਕਰਕੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ । ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਦੀਆਂ ਰੁਜ਼ਗਾਰ ਵਿਰੋਧੀ ਨੀਤੀਆਂ ਅਤੇ ਪੁਲਿਸ ਕੁੱਟਮਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਬੀ ਕੇ ਯੂ ਏਕਤਾ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਸ਼ੂਆਂ ਵਾਂਗ ਕੁੱਟਣ ਦੀ ਪੰਜਾਬ ਸਰਕਾਰ ਦੀ ਜ਼ੋਰਦਾਰ ਸਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਬੇਰੁਜ਼ਗਾਰ ਨੌਜਵਾਨਾਂ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਡੀਐਸਪੀ ਸੰਜੀਵ ਸਿੰਗਲਾ ਅਤੇ ਹੋਰਨਾਂ ਵੱਲੋਂ ਅਣਮਨੁੱਖੀ ਤਸ਼ੱਦਦ ਢਾਹਿਆ ਗਿਆ। ਸ਼ਿੰਗਾਰਾ ਸਿੰਘ ਮਾਨ ਨੇ ਬੇਰੁਜ਼ਗਾਰ ਨੌਜਵਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ ਅਤੇ ਹੋਰ ਮੰਗਾਂ ਤੁਰੰਤ ਮੰਨੀਆਂ ਜਾਣ, ਨੌਜਵਾਨਾਂ ਤੇ ਤਸ਼ੱਦਦ ਕਰਨ ਵਾਲੇ ਸਾਰੇ ਦੋਸ਼ੀਆਂ ਖਿਲਾਫ ਬਣਦੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।
- Download Babushahi App
-
-