ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਜਾਣਗੇ 6.50 ਲੱਖ ਬੂਟੇ
ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਨਿਰਧਾਰਿਤ ਟੀਚੇ ਅਨੁਸਾਰ ਪੌਦੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਮਨਪ੍ਰੀਤ ਸਿੰਘ
ਰੂਪਨਗਰ , 09 ਜੂਨ:
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਵਿਚ 6.50 ਲੱਖ ਬੂਟੇ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸੰਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ 'ਤੇ ਬੂਟੇ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਸਮਾਜ ਨੂੰ ਹਰਿਆਲੀ ਪ੍ਰਤੀ ਜਾਗਰੂਕ ਕਰਨਾ ਹੈ।
ਸ੍ਰੀ ਡੇਚਲਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਲਈ ਨਿਰਧਾਰਿਤ ਟੀਚਿਆਂ ਅਨੁਸਾਰ ਬੂਟੇ ਲਗਾਉਣ ਲਈ ਢੁੱਕਵੇਂ ਸਥਾਨਾਂ ਦੀ ਪਛਾਣ ਕਰਨ ਅਤੇ ਬੂਟੇ ਲਗਾਉਣ ਦੀ ਕਾਰਵਾਈ ਨੂੰ ਸਮੇਂ ਸਿਰ ਮੁਕੰਮਲ ਕਰਨ। ਉਨ੍ਹਾਂ ਕਿਹਾ ਕਿ ਬੂਟੇਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਅਤੇ ਬਚਾਅ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਮੁਹਿੰਮ ਦੇ ਅਸਲ ਉਦੇਸ਼ ਦੀ ਪੂਰਤੀ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਪਿੰਡ ਪੱਧਰ 'ਤੇ ਪੰਚਾਇਤਾਂ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਸਿੱਖਿਆ ਵਿਭਾਗ, ਖੇਡ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਆਪਣੇ ਅਦਾਰਿਆਂ ਅਤੇ ਦਫ਼ਤਰਾਂ ਦੇ ਆਲੇ-ਦੁਆਲੇ ਬੂਟੇ ਲਗਾਉਣ ਅਤੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਬੂਟੇ ਲਗਾਉਣ ਮੁਹਿੰਮ ਦੀ ਸਫ਼ਲਤਾ ਲਈ ਵਿਭਾਗਾਂ ਵਿਚਾਲੇ ਤਾਲਮੇਲ, ਬੂਟਿਆ ਦੀ ਉਪਲਬਧਤਾ, ਰਿਕਾਰਡ ਸੰਭਾਲ ਅਤੇ ਪ੍ਰਗਤੀ ਰਿਪੋਰਟਾਂ ਸਬੰਧੀ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਸਡੀਐਮ ਸ੍ਰੀ ਚਮਕੌਰ ਸਾਹਿਬ ਪ੍ਰਦੀਪ ਸਿੰਘ ਬੈਂਸ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਮੋਰਿੰਡਾ ਚੇਤਨ ਬੰਗੜ, ਜ਼ਿਲ੍ਹਾ ਜੰਗਲਾਤ ਅਫ਼ਸਰ ਕੰਵਰਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ, ਬੀ.ਡੀ.ਪੀ.ਓ. ਰੂਪਨਗਰ ਸ੍ਰੀ ਅਮਿਤ ਸ਼ਰਮਾ, ਬੀ.ਡੀ.ਪੀ.ਓ. ਸ੍ਰੀ ਅਨੰਦਪੁਰ ਸਾਹਿਬ ਸ੍ਰੀ ਇਸ਼ਾਨ ਚੌਧਰੀ, ਬੀ.ਡੀ.ਪੀ.ਓ. ਸ੍ਰੀ ਚਮਕੌਰ ਸਾਹਿਬ ਸ੍ਰੀ ਅਜੈਬ ਸਿੰਘ ਸਮੇਤ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
- Download Babushahi App
-
-