ਸ਼ਾਮੁਚਰਾਸੀ ਨਗਰ ਕੌਂਸਲ ਚੋਣ: ਸ਼ਨੀਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ : ਨਿਕਾਸ ਕੁਮਾਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ
9 ਵਾਰਡ, 9 ਬੂਥ ਅਤੇ ਕੁੱਲ 37 ਉਮੀਦਵਾਰ ਮੈਦਾਨ ਵਿੱਚ
ਵੋਟਰ ਕਾਰਡ ਨਾ ਹੋਣ ਦੀ ਸੂਰਤ ‘ਚ ਵੋਟਰ ਚੋਣ ਕਮਿਸ਼ਨ ਵੱਲੋਂ ਮਨਜ਼ੂਰ ਹੋਰ ਪਛਾਣ ਪੱਤਰ ਦਿਖਾ ਕੇ ਵੀ ਪਾ ਸਕਦੇ ਹਨ ਵੋਟ
ਬਾਬੂਸ਼ਾਹੀ ਬਿਊਰੋ
ਹੁਸ਼ਿਆਰਪੁਰ, 12 ਜੂਨ : ਰਾਜ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ ਜ਼ਿਲ੍ਹੇ ਦੀ ਸ਼ਾਮਚੁਰਾਸੀ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਈ.ਵੀ.ਐੱਮ. ਰਾਹੀਂ ਵੋਟਾਂ ਪਾਈਆਂ ਜਾਣਗੀਆਂ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਵੋਟਿੰਗ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਦੱਸਿਆ ਕਿ 9 ਵਾਰਡਾਂ ਲਈ ਵੋਟਾਂ ਪੈਣਗੀਆਂ, ਜਿਨ੍ਹਾਂ ਲਈ ਕੁੱਲ 9 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਕੁੱਲ 37 ਉਮੀਦਵਾਰ ਚੋਣ ਮੈਦਾਨ ਵਿੱਚ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੇ ਅੰਦਰ ਅਤੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਵੋਟਿੰਗ ਸਮਾਪਤ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਤਾਂ ਜੋ ਸਮੁੱਚੀ ਚੋਣ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਆਪਣੇ ਵੋਟਰ ਕਾਰਡ ਨਾਲ ਵੋਟ ਪਾ ਸਕਣਗੇ। ਜੇਕਰ ਕਿਸੇ ਵੋਟਰ ਕੋਲ ਵੋਟਰ ਕਾਰਡ ਨਹੀਂ ਹੈ ਤਾਂ ਉਹ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲਾ ਪੈਨਸ਼ਨ ਦਸਤਾਵੇਜ਼, ਫੋਟੋ ਸਮੇਤ ਆਜ਼ਾਦੀ ਘੁਲਾਟੀਆਂ ਦਾ ਪਛਾਣ ਪੱਤਰ ਅਤੇ ਬੈਂਕ ਜਾਂ ਡਾਕਘਰ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਇਸੇ ਤਰ੍ਹਾਂ ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਸੰਸਦ ਮੈਂਬਰਾਂ ਜਾਂ ਵਿਧਾਇਕਾਂ ਨੂੰ ਜਾਰੀ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰ ਅਤੇ ਰਾਜ ਸਰਕਾਰ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਵਿਭਾਗੀ ਪਛਾਣ ਪੱਤਰ ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਵਾਲਾ ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾਈ ਜਾ ਸਕੇਗੀ।
ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਤੋਂ ਬਾਅਦ ਪੋਲਿੰਗ ਪਾਰਟੀਆਂ ਅਤੇ ਲੋੜੀਂਦਾ ਸਟਾਫ਼ ਆਪਣੇ-ਆਪਣੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਸੀ।
- Download Babushahi App
-
-