Punjab Breaking: ਨਵੰਬਰ 'ਚ ਹੋਣਗੀਆਂ ਪੰਜਾਬ ਵਿਧਾਨ ਸਭਾ ਚੋਣਾਂ- ਕੇਜਰੀਵਾਲ
Babushahi Network
ਚੰਡੀਗੜ੍ਹ, 12 ਜੂਨ 2026-
ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਚੋਣਾਂ ਫਰਵਰੀ ਵਿੱਚ ਨਹੀਂ, ਬਲਕਿ ਇਸੇ ਸਾਲ ਨਵੰਬਰ ਵਿੱਚ ਹੋਣਗੀਆਂ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਵਿੱਚ ਹੁਣ ਸਿਰਫ਼ ਚਾਰ ਮਹੀਨੇ ਦਾ ਸਮਾਂ ਬਾਕੀ ਰਹਿ ਗਿਆ ਹੈ ਅਤੇ ਇਸ ਵਕਤ ਸਾਰਿਆਂ ਦਾ ਇੱਕੋ-ਇੱਕ ਨਿਸ਼ਾਨਾ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਹੋਣਾ ਚਾਹੀਦਾ ਹੈ। ਰੋਡ ਸ਼ੋਅ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰੀ ਦੀ ਜੰਮ ਕੇ ਤਾਰੀਫ਼ ਕੀਤੀ।
ਉਨ੍ਹਾਂ ਕਿਹਾ, "ਪਿਛਲੇ 75 ਸਾਲਾਂ ਵਿੱਚ ਪੰਜਾਬ ਅੰਦਰ ਬਹੁਤ ਸਾਰੇ ਮੁੱਖ ਮੰਤਰੀ ਅਤੇ ਮੰਤਰੀ ਆਏ ਤੇ ਗਏ, ਪਰ ਭਗਵੰਤ ਮਾਨ ਜਿੰਨਾ ਇਮਾਨਦਾਰ ਕੋਈ ਨਹੀਂ ਰਿਹਾ। ਪੁਰਾਣੇ ਹਰ ਮੁੱਖ ਮੰਤਰੀ ਨੂੰ ਕਿਸੇ ਨਾ ਕਿਸੇ ਦੋਸ਼ ਦਾ ਸਾਹਮਣਾ ਕਰਨਾ ਪਿਆ, ਕਿਸੇ ਨੇ ਸਰਕਾਰੀ ਖ਼ਜ਼ਾਨਾ ਲੁੱਟਿਆ, ਕੋਈ ਘੁਟਾਲਿਆਂ ਵਿੱਚ ਸ਼ਾਮਲ ਰਿਹਾ, ਜਾਂ ਉਨ੍ਹਾਂ ਦੇ ਪਰਿਵਾਰ ਤੇ ਮੰਤਰੀ ਭ੍ਰਿਸ਼ਟਾਚਾਰ ਵਿੱਚ ਫਸੇ ਹੋਏ ਸਨ।" ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਮੇਂ ਵਿੱਚ ਭਗਵੰਤ ਮਾਨ, ਉਨ੍ਹਾਂ ਦੇ ਪਰਿਵਾਰ ਜਾਂ ਕਿਸੇ ਮੰਤਰੀ 'ਤੇ ਵਿੱਤੀ ਬੇਨਿਯਮੀਆਂ ਦਾ ਇੱਕ ਵੀ ਦੋਸ਼ ਨਹੀਂ ਹੈ।
ਕੇਂਦਰ ਦੀ ਭਾਜਪਾ ਸਰਕਾਰ ਨੂੰ ਘੇਰਦਿਆਂ ਕੇਜਰੀਵਾਲ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜਿੱਥੇ ਈਡੀ (ED) ਅਤੇ ਸੀਬੀਆਈ (CBI) ਵਰਗੀਆਂ ਕੇਂਦਰੀ ਏਜੰਸੀਆਂ ਵਿਰੋਧੀਆਂ 'ਤੇ ਲਗਾਤਾਰ ਕਾਰਵਾਈਆਂ ਕਰ ਰਹੀਆਂ ਹਨ, ਉੱਥੇ ਭਗਵੰਤ ਮਾਨ ਹਰ ਦੋਸ਼ ਤੋਂ ਪੂਰੀ ਤਰ੍ਹਾਂ ਮੁਕਤ ਹਨ। ਉਨ੍ਹਾਂ ਕਿਹਾ, "ਜੇਕਰ ਭਗਵੰਤ ਮਾਨ 'ਤੇ ਕੋਈ ਛੋਟਾ ਜਿਹਾ ਦੋਸ਼ ਵੀ ਹੁੰਦਾ, ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਨੂੰ ਬਿਲਕੁਲ ਨਾ ਬਖਸ਼ਦੇ।"
'ਆਪ' ਸੁਪਰੀਮੋ ਨੇ ਮਾਨ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਬੱਚਤ ਕਰਕੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਹੈ ਅਤੇ ਲੱਖਾਂ ਰੁਪਏ ਦੀਆਂ ਬੀਮਾ ਯੋਜਨਾਵਾਂ ਲਾਗੂ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੀ ਹਰ ਮਾਂ-ਭੈਣ ਨੂੰ ਜਲਦ ਹੀ 1000-1500 ਰੁਪਏ ਮਹੀਨਾ ਮਿਲਣੇ ਸ਼ੁਰੂ ਹੋ ਜਾਣਗੇ।
- Download Babushahi App
-
-