ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲ ਵਾਰਸ ਖਾਲਸਾ ਪੰਥ ਨੂੰ ਆਪਣੀਆਂ ਜ਼ਿੰਮੇਂਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 18 ਜੂਨ,2026- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਮੂਹ ਸੰਗਤਾਂ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ, ਧਰਮ ਅਤੇ ਸੱਚ ਦੀ ਰੱਖਿਆ ਲਈ ਦਿੱਤੀ ਗਈ ਇੱਕ ਅਦੁੱਤੀ ਮਿਸਾਲ ਹੈ, ਜਿਸ ਦਾ ਦੁਨੀਆ ਦੇ ਇਤਿਹਾਸ ਵਿੱਚ ਕੋਈ ਬਰਾਬਰੀ ਕਰਨ ਵਾਲਾ ਨਹੀਂ।
ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿੱਚ ਅਨੇਕਾਂ ਸ਼ਹਾਦਤਾਂ ਹੋਈਆਂ ਹਨ, ਪਰ ਗੁਰੂ ਅਰਜਨ ਦੇਵ ਜੀ ਨੂੰ "ਸ਼ਹੀਦਾਂ ਦੇ ਸਰਤਾਜ" ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਸਿੱਖ ਕੌਮ ਵਿੱਚ ਸ਼ਹਾਦਤਾਂ ਦੀ ਪ੍ਰੰਪਰਾ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਨਾਲ ਹੋਈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਵੱਖ-ਵੱਖ ਗੁਰੂ ਸਾਹਿਬਾਨ, ਭਗਤਾਂ, ਭੱਟਾਂ ਅਤੇ ਗੁਰਸਿੱਖਾਂ ਦੀ ਬਾਣੀ ਨੂੰ ਇਕੱਠਾ ਕਰਕੇ ਆਦਿ ਗ੍ਰੰਥ ਦੀ ਸੰਪਾਦਨਾ ਕੀਤੀ, ਜੋ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਸੰਸਾਰ ਨੂੰ ਆਤਮਕ ਮਾਰਗਦਰਸ਼ਨ ਦੇ ਰਹੇ ਹਨ।
ਸ੍ਰੀ ਕਾਲਕਾ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਾਂਦੇੜ ਦੀ ਧਰਤੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਬਖ਼ਸ਼ ਕੇ ਸਿੱਖ ਕੌਮ ਨੂੰ "ਗੁਰੂ ਮਾਨਿਓ ਗ੍ਰੰਥ" ਦਾ ਹੁਕਮ ਦਿੱਤਾ। ਇਸ ਦੇ ਨਾਲ ਹੀ 1699 ਦੀ ਵਿਸਾਖੀ 'ਤੇ ਖਾਲਸਾ ਪੰਥ ਦੀ ਸਿਰਜਣਾ ਕਰਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਅਸਲ ਵਾਰਸ ਵੀ ਤਿਆਰ ਕੀਤਾ।
ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਜ਼ਿੰਮੇਂਵਾਰੀ ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਦੀ ਸੇਵਾ, ਸੰਭਾਲ, ਪ੍ਰਚਾਰ ਅਤੇ ਪ੍ਰਸਾਰ ਨੂੰ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਅੱਜ ਸਿੱਖ ਕੌਮ ਆਪਣੀਆਂ ਕੁਝ ਧਾਰਮਿਕ ਜ਼ਿੰਮੇਂਵਾਰੀਆਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜਦਕਿ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਇਸ ਅਨਮੋਲ ਦਾਤ ਨਾਲ ਜੁੜੇ ਰਹਿਣਾ ਸਿਖ ਕੌਮ ਲਈ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
ਦਿੱਲੀ ਕਮੇਟੀ ਦੇ ਪ੍ਰਧਾਨ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਗੁਰੂ ਘਰਾਂ ਵਿੱਚ ਸਹਿਜ ਪਾਠ ਅਤੇ ਗੁਰਬਾਣੀ ਪਾਠ ਦੀ ਲੜੀ ਲਗਾਤਾਰ ਜਾਰੀ ਰੱਖਣ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਵੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜੀਆਂ ਰਹਿਣ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦਾ ਅਸਲ ਸੰਦੇਸ਼ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣਾ ਅਤੇ ਖਾਲਸਾ ਪੰਥ ਦੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਹੈ।ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਉਨ੍ਹਾਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਮਰਪਣ ਹੀ ਸਿੱਖ ਕੌਮ ਦੀ ਸਭ ਤੋਂ ਵੱਡੀ ਤਾਕਤ ਹੈ।
- Download Babushahi App
-
-