ਬਾਬਾ ਹਰਬੰਸ ਸਿੰਘ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ 20 ਜੂਨ ਨੂੰ: ਹਰਮੀਤ ਸਿੰਘ ਕਾਲਕਾ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 19 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਨਿਸ਼ਕਾਮ ਸੇਵਾ, ਤਿਆਗ ਅਤੇ ਸਮਰਪਣ ਦੇ ਪ੍ਰਤੀਕ ਪੰਥ ਰਤਨ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਜਥੇਬੰਦੀ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੀ ਪਵਿੱਤਰ ਕਾਰ ਸੇਵਾ ਸੌਂਪੇ ਜਾਣ ਦੇ 50 ਸਾਲ ਪੂਰੇ ਹੋਣ ਦੇ ਮੌਕੇ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ, 20 ਜੂਨ 2026 ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਨਵੀਂ ਦਿੱਲੀ ਵਿਖੇ ਸ਼ਾਮ 7 ਵਜੇ ਤੋਂ ਰਾਤ 11 ਵਜੇ ਤੱਕ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਸਮਾਗਮ ਦੌਰਾਨ ਗੁਰੂ ਘਰ ਦੇ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਦੇ ਇਲਾਹੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਅੱਗੇ ਦੱਸਿਆ ਕਿ ਸਮਾਗਮ ਵਿੱਚ ਭਾਈ ਚਮਨਜੀਤ ਸਿੰਘ ਜੀ ਦਿੱਲੀ ਵਾਲੇ, ਭਾਈ ਜਗਤਾਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਅਤੇ ਭਾਈ ਗੁਰਦੇਵ ਸਿੰਘ ਜੀ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਆਪਣੀ ਹਾਜ਼ਰੀ ਭਰਨਗੇ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਦਾ ਸਿੱਧਾ ਪ੍ਰਸਾਰਣ (ਲਾਈਵ ਟੈਲੀਕਾਸਟ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ, ਫੇਸਬੁੱਕ ਪੇਜ, ਯੂਟਿਊਬ ਚੈਨਲ ਡੀਐੱਸਜੀਐੱਮਸੀ, ਚੜ੍ਹਦੀ ਕਲਾ ਟਾਈਮ ਟੀਵੀ, ਜੀਐੱਸਬੀਐੱਸ ਲਾਈਵ, ਅਕਾਲ ਸਹਾਇ ਗੁਰਬਾਣੀ, ਪਰਮ ਸਿੱਖ ਇਤਿਹਾਸ, ਅੰਮ੍ਰਿਤ ਰਸ ਲਾਈਵ ਅਤੇ ਸਿੱਖੀ ਚੈਨਲ ਰਾਹੀਂ ਕੀਤਾ ਜਾਵੇਗਾ, ਤਾਂ ਜੋ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਵੀ ਇਸ ਪਵਿੱਤਰ ਸਮਾਗਮ ਨਾਲ ਜੁੜ ਸਕਣ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤਾਂ ਨੂੰ ਇਸ ਵਿਸ਼ੇਸ਼ ਗੁਰਮਤਿ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਮਾਗਮ ਬਾਬਾ ਹਰਬੰਸ ਸਿੰਘ ਜੀ ਦੀ ਨਿਸ਼ਕਾਮ ਸੇਵਾ, ਪੰਥ ਪ੍ਰਤੀ ਸਮਰਪਣ ਅਤੇ ਇਤਿਹਾਸਕ ਵਡਮੁੱਲੇ ਯੋਗਦਾਨ ਨੂੰ ਨਮਨ ਕਰਨ ਦਾ ਸੁਨਹਿਰੀ ਮੌਕਾ ਹੈ।
ਉਨ੍ਹਾਂ ਦੱਸਿਆ ਕਿ ਸਮਾਗਮ ਦੇ ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।
- Download Babushahi App
-
-