ਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ
ਬੰਗਾ 19 ਜੂਨ () ਯੁੱਗੋ-ਯੁੱਗ ਅਟੱਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ-ਆਸਰਾ ਲੈਂਦੇ ਹੋਏ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਮੂਹ ਸੰਗਤਾਂ ਅਤੇ ਵਿਦਿਆਰਥੀਆਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ । ਇਸ ਸ਼ਹੀਦੀ ਗੁਰਮਤਿ ਸਮਾਗਮ ਵਿੱਚ ਭਾਈ ਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਨਿਸ਼ਾਨ ਸਿੰਘ ਮੁੱਖ ਗ੍ਰੰਥੀ ਗੁ: ਬੀੜ ਬਾਬਾ ਬੁੱਢਾ ਸਾਹਿਬ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ, ਗੁਰਇਤਿਹਾਸ ਅਤੇ ਗੁਰੂ ਸਾਹਿਬ ਦੇ ਬਚਪਨ ਤੋਂ ਲੈ ਕੇ ਸ਼ਹੀਦੀ ਤੱਕ ਦੇ ਜੀਵਨ ਬਿਰਤਾਂਤ ਬਾਰੇ ਵਿਸਥਾਰਪੂਰਵਕ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉੱਚੇ ਆਦਰਸ਼ਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਤੋਂ ਜਾਣੂ ਕਰਵਾਇਆ। ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਦਰਸਾਏ ਸੇਵਾ, ਸਿਮਰਨ ਅਤੇ ਗੁਰਮਤਿ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਜੋਗਾ ਸਿੰਘ ਵੱਲੋਂ ਬਾਖੂਬੀ ਨਿਭਾਈ ਗਈ। ਸ਼ਹੀਦੀ ਗੁਰਮਤਿ ਸਮਾਗਮ ਵਿੱਚ ਹੁਨਰਦੀਪ ਸਿੰਘ ਬਰਾੜ , ਮਹਿੰਦਰਪਾਲ ਸਿੰਘ , ਡਾ. ਜਸਦੀਪ ਸਿੰਘ ਸੈਣੀ , ਡਾ. ਬਲਵਿੰਦਰ ਸਿੰਘ , ਮੈਡਮ ਦਵਿੰਦਰ ਕੌਰ , ਰਾਜਦੀਪ ਥਿਦਵਾਰ , ਮੈਡਮ ਸੁਖਮਿੰਦਰ ਕੌਰ, ਭਾਈ ਮਨਜੀਤ ਸਿੰਘ ਸਮੇਤ ਟਰੱਸਟ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ਮੁਖੀ, ਸਟਾਫ਼ ਮੈਂਬਰ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ ।
- Download Babushahi App
-
-