ਬਠਿੰਡਾ ਜ਼ਿਲ੍ਹੇ 'ਚ 7 ਕੇਂਦਰਾਂ ਵਿੱਚ 21 ਜੂਨ ਦੀ ਨੀਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ : DC
ਨੀਟ ਸਬੰਧੀ ਜਾਣਕਾਰੀ ਲਈ 0164-2862100 ਅਤੇ 0164-2862101 ਕੰਟਰੋਲ ਰੂਮ ਨੰਬਰ ਸਥਾਪਤ
ਪੇਪਰ ਦੇਣ ਆਏ ਵਿਦਿਆਰਥੀਆਂ, ਮਾਪਿਆਂ ਨੂੰ ਦਿੱਤੀ ਜਾਵੇਗੀ ਪੰਜਾਬ ਸਰਕਾਰ ਦੁਆਰਾ ਮੁਫ਼ਤ ਬੱਸ ਸੁਵਿਧਾ
ਪੀ.ਆਰ.ਟੀ.ਸੀ. ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਹਿਦਾਇਤਾਂ ਜਾਰੀ
ਅਸ਼ੋਕ ਵਰਮਾ
ਬਠਿੰਡਾ, 19 ਜੂਨ 2026 : ਬਠਿੰਡਾ ਵਿਖੇ 21 ਜੂਨ (ਐਤਵਾਰ) ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਡਿਪਟੀ ਕਮਿਸ਼ਨਰ ਰਾਜੇਸ਼ ਧਿਮਾਨ ਨੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਐੱਸ.ਐੱਸ.ਪੀ. ਬਠਿੰਡਾ ਡਾ. ਜਯੋਤੀ ਯਾਦਵ ਬੈਂਸ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੇ 7 ਪ੍ਰੀਖਿਆ ਕੇਂਦਰਾਂ 'ਤੇ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਪੀ.ਐਮ.ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ 1, ਨੰਬਰ 4 ਅਤੇ ਨੰਬਰ 5, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਬਠਿੰਡਾ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਬਠਿੰਡਾ ਅਤੇ ਆਰਮੀ ਪਬਲਿਕ ਸਕੂਲ ਵਿੱਚ ਇਹ ਕੇਂਦਰ ਬਣਾਏ ਗਏ ਹਨ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਟਰੋਲ ਰੂਮ ਸਥਾਪਿਤ ਕਰਦਿਆਂ ਹੈਲਪਲਾਈਨ ਨੰਬਰ 0164-2862100 ਅਤੇ 0164-2862101 ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸੰਪਰਕ ਕਰਕੇ ਲੋੜੀਂਦੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਸਾਰੇ ਪ੍ਰੀਖਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਦੇ ਦਿਨ ਸਮੇਂ ਦਾ ਵਿਸ਼ੇਸ਼ ਧਿਆਨ ਰੱਖਣ, ਪ੍ਰੀਖਿਆ ਕੇਂਦਰ 'ਤੇ ਨਿਰਧਾਰਤ ਸਮੇਂ ਤੋਂ ਪਹਿਲਾਂ ਪਹੁੰਚਣ। ਨਾਲ ਹੀ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਪ੍ਰਬੰਧਾਂ ਦੇ ਰੂਪ ਚ ਬੱਸ ਸਫਰ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੀ. ਆਰ.ਟੀ.ਸੀ. ਦੇ ਡਰਾਇਵਰਾਂ ਅਤੇ ਕੰਡਕਟਰਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਮਾਪਿਆਂ/ਜਾਂ ਹੋਰ ਰਿਸ਼ਤੇਦਾਰਾਂ ਨੂੰ ਇਹ ਸਹੂਲਤ ਸਵੇਰ 6 ਵਜੇ ਤੋਂ ਸ਼ੁਰੂ ਕਰ ਦਿੱਤੀ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਗੁਰਜਿੰਦਰ ਸਿੰਘ, ਐੱਸ.ਪੀ. ਸ਼੍ਰੀ ਜਗਦੀਸ਼ ਬਿਸ਼ਨੋਈ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
- Download Babushahi App
-
-