ਅੰਮ੍ਰਿਤਸਰ ਵਿੱਚ AK-47 ਅਤੇ 25 ਪਿਸਤੌਲਾਂ ਦੀ ਬਰਾਮਦਗੀ ਪੰਜਾਬ ਦੀ ਸੁਰੱਖਿਆ ਲਈ ਗੰਭੀਰ ਚੇਤਾਵਨੀ, ਕੇਂਦਰ ਅਤੇ ਸੂਬਾ ਸਰਕਾਰ ਜਵਾਬ ਦੇਣ: ਸੁਖਜਿੰਦਰ ਰੰਧਾਵਾ
ਹਥਿਆਰਾਂ ਦੀ ਇੰਨੀ ਵੱਡੀ ਖੇਪ ਨੂੰ ਪੰਜਾਬ ਵਿੱਚ ਦਾਖ਼ਲ ਹੋਣ ਤੋਂ ਰੋਕਣ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਨਾਕਾਮ
ਸਰਹੱਦ ਦੀ ਸੁਰੱਖਿਆ, ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਖ ਜ਼ਿੰਮੇਵਾਰੀ
ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਸਰਹੱਦ ਪਾਰ ਤੋਂ ਹਥਿਆਰ ਭੇਜਣ ਵਾਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇ
ਚੰਡੀਗੜ੍ਹ, 19 ਜੂਨ
ਗੁਰਦਾਸਪੁਰ ਤੋਂ ਸੰਸਦ ਮੈਂਬਰ, ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ 1 AK-47 ਰਾਈਫਲ, 25 ਪਿਸਤੌਲਾਂ ਅਤੇ 368 ਜ਼ਿੰਦਾ ਕਾਰਤੂਸਾਂ ਦੀ ਬਰਾਮਦਗੀ ਨੂੰ ਬੇਹੱਦ ਗੰਭੀਰ ਅਤੇ ਚਿੰਤਾਜਨਕ ਘਟਨਾ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਲਈ ਵੱਡੇ ਖ਼ਤਰੇ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਅਤੇ ਹਥਿਆਰਾਂ ਦੀ ਇਸ ਖੇਪ ਦੇ ਪਿੱਛੇ ਕੰਮ ਕਰ ਰਹੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਰੰਧਾਵਾ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਇਸ ਕਾਰਵਾਈ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ, ਪਰ ਇਸ ਦੇ ਨਾਲ ਹੀ ਇਹ ਘਟਨਾ ਕਈ ਗੰਭੀਰ ਸਵਾਲ ਵੀ ਖੜ੍ਹੇ ਕਰਦੀ ਹੈ। ਆਖ਼ਰ ਇੰਨੀ ਵੱਡੀ ਮਾਤਰਾ ਵਿੱਚ ਆਧੁਨਿਕ ਹਥਿਆਰ ਪੰਜਾਬ ਦੀ ਧਰਤੀ ਤੱਕ ਕਿਵੇਂ ਪਹੁੰਚ ਗਏ? ਜੇਕਰ ਇਹ ਖੇਪ ਸਮੇਂ ਸਿਰ ਬਰਾਮਦ ਨਾ ਹੁੰਦੀ ਤਾਂ ਇਸਦਾ ਇਸਤੇਮਾਲ ਕਿਸੇ ਵੱਡੇ ਅੱਤਵਾਦੀ ਹਮਲੇ, ਸੰਗਠਿਤ ਅਪਰਾਧ ਜਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਲਈ ਕੀਤਾ ਜਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸੂਬੇ ਦੀਆਂ ਖੁਫ਼ੀਆ ਏਜੰਸੀਆਂ ਇਨ੍ਹਾਂ ਨੈੱਟਵਰਕਾਂ ਦਾ ਪਹਿਲਾਂ ਪਤਾ ਲਗਾਉਣ ਵਿੱਚ ਕਿਉਂ ਨਾਕਾਮ ਰਹੀਆਂ। ਪਿਛਲੇ ਕੁਝ ਸਾਲਾਂ ਤੋਂ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਲਗਾਤਾਰ ਪੰਜਾਬ ਪਹੁੰਚ ਰਹੀਆਂ ਹਨ, ਜੋ ਇਹ ਦਰਸਾਉਂਦੀਆਂ ਹਨ ਕਿ ਸੂਬੇ ਦੇ ਅੰਦਰ ਖੁਫ਼ੀਆ ਤੰਤਰ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ।
ਰੰਧਾਵਾ ਨੇ ਕੇਂਦਰ ਸਰਕਾਰ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੀ ਸੁਰੱਖਿਆ ਅਤੇ ਸਰਹੱਦ ਪਾਰ ਤੋਂ ਹੋ ਰਹੀ ਘੁਸਪੈਠ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਦਾ ਵਾਰ-ਵਾਰ ਸਾਹਮਣੇ ਆਉਣਾ ਇਸ ਗੱਲ ਦਾ ਸੰਕੇਤ ਹੈ ਕਿ ਸਰਹੱਦੀ ਸੁਰੱਖਿਆ ਪ੍ਰਣਾਲੀ ਵਿੱਚ ਕਿਤੇ ਨਾ ਕਿਤੇ ਗੰਭੀਰ ਕਮੀਆਂ ਮੌਜੂਦ ਹਨ।
ਉਨ੍ਹਾਂ ਮੰਗ ਕੀਤੀ ਕਿ ਸਰਹੱਦੀ ਖੇਤਰਾਂ ਵਿੱਚ ਬੀਐਸਐਫ ਦੀ ਨਿਗਰਾਨੀ ਅਤੇ ਗਸ਼ਤ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਡਰੋਨਾਂ ਰਾਹੀਂ ਹੋ ਰਹੀ ਤਸਕਰੀ ਨੂੰ ਰੋਕਣ ਲਈ ਅਤਿ-ਆਧੁਨਿਕ ਤਕਨਾਲੋਜੀ ਅਤੇ ਪ੍ਰਭਾਵਸ਼ਾਲੀ ਰਣਨੀਤੀ ਅਪਣਾਈ ਜਾਵੇ। ਪਾਕਿਸਤਾਨ ਵੱਲੋਂ ਪ੍ਰਾਯੋਜਿਤ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾ ਸਕਦਾ।
ਰੰਧਾਵਾ ਨੇ ਕਿਹਾ ਕਿ ਪੰਜਾਬ ਅੱਤਵਾਦ ਦਾ ਦਰਦਨਾਕ ਦੌਰ ਦੇਖ ਚੁੱਕਾ ਹੈ। ਪੰਜਾਬ ਦੇ ਲੋਕ ਸ਼ਾਂਤੀ, ਭਾਈਚਾਰੇ ਅਤੇ ਵਿਕਾਸ ਦੇ ਹਾਮੀ ਹਨ। ਇਸ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇੱਕ-ਦੂਜੇ 'ਤੇ ਜ਼ਿੰਮੇਵਾਰੀ ਸੁੱਟਣ ਦੀ ਬਜਾਏ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ਦਾ ਇਸਤੇਮਾਲ ਕਿਸੇ ਵੀ ਤਰ੍ਹਾਂ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ਲਈ ਨਾ ਹੋ ਸਕੇ।
- Download Babushahi App
-
-