ਵੱਡੀ ਖ਼ਬਰ: ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚੇ ਨਿਤਿਨ ਨਬੀਨ
ਅੰਮ੍ਰਿਤਸਰ ਏਅਰਪੋਰਟ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ; ਕੇਵਲ ਢਿੱਲੋਂ ਅਤੇ ਤਰੁਣ ਚੁੱਘ ਸਮੇਤ ਸਮੂਹ ਲੀਡਰਸ਼ਿਪ ਵੱਲੋਂ ਨਿੱਘਾ ਸਵਾਗਤ
ਪੰਜਾਬ ਦੇ 3 ਦਿਨਾਂ ਦੌਰੇ 'ਤੇ ਆਏ ਭਾਜਪਾ ਦੇ ਕੌਮੀ ਪ੍ਰਧਾਨ; ਸ੍ਰੀ ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ 'ਤੇ ਟੇਕਣਗੇ ਮੱਥਾ
ਏਅਰਪੋਰਟ 'ਤੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਕੀਤਾ ਜ਼ੋਰਦਾਰ ਸਵਾਗਤ
ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨਾਲ ਕਰਨਗੇ ਅਹਿਮ ਮੁਲਾਕਾਤਾਂ; ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਹੋਵੇਗੀ ਚਰਚਾ
ਅੰਮ੍ਰਿਤਸਰ, 20 ਜੂਨ 2026- ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਸੰਗਠਨ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੇ ਤਹਿਤ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਏਅਰਪੋਰਟ 'ਤੇ ਉਤਰਦਿਆਂ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜਸਭਾ ਮੈਂਬਰ ਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਸੂਬੇ ਦੀ ਸਮੂਹ ਸੀਨੀਅਰ ਭਾਜਪਾ ਲੀਡਰਸ਼ਿਪ ਵੱਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਨਿਤਿਨ ਨਬੀਨ ਆਪਣੇ ਇਸ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਨਤਮਸਤਕ ਹੋ ਕੇ ਕਰਨਗੇ। ਉਹ ਸਭ ਤੋਂ ਪਹਿਲਾਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਦੇ ਹੋਰਨਾਂ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਵੀ ਜਾਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਆਪਣੇ ਇਸ 3 ਦਿਨਾਂ ਦੌਰੇ ਦੌਰਾਨ ਨਿਤਿਨ ਨਬੀਨ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੁਲਾਕਾਤਾਂ ਕਰਨਗੇ। ਇਸ ਦੌਰੇ ਨੂੰ ਸਿਆਸੀ ਪੱਖੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸ਼ੇਸ਼ ਚਰਚਾ ਹੋਵੇਗੀ ਅਤੇ ਸੂਬੇ ਵਿੱਚ ਪਾਰਟੀ ਦੀ ਮਜ਼ਬੂਤੀ ਤੇ ਚੋਣ ਰਣਨੀਤੀ ਦਾ ਖਾਕਾ ਤਿਆਰ ਕੀਤਾ ਜਾਵੇਗਾ।
- Download Babushahi App
-
-