ਲੁਧਿਆਣਾ ਦੇ ਕੋਚਿੰਗ ਸੈਂਟਰਾਂ ਵਿੱਚ ਅੱਗ ਸੁਰੱਖਿਆ ਨੂੰ ਲੈ ਕੇ ਵੱਡਾ ਮਾਮਲਾ: ਮਨੁੱਖੀ ਅਧਿਕਾਰ ਕਮਿਸ਼ਨ ਕੋਲ ਤੁਰੰਤ ਦਖ਼ਲ ਦੀ ਮੰਗ
---ਹਜ਼ਾਰਾਂ ਵਿਦਿਆਰਥੀਆਂ ਦੀ ਜਾਨ ਖਤਰੇ ਵਿੱਚ ਹੋਣ ਦਾ ਦਾਅਵਾ, ਪ੍ਰਸ਼ਾਸਨ ਦੀ ਕਾਰਵਾਈ 'ਤੇ ਉੱਠੇ ਸਵਾਲ
ਸੁਖਮਿੰਦਰ ਭੰਗੂ
ਲੁਧਿਆਣਾ, 23 ਜੂਨ 2026
ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਇਲਾਕੇ ਵਿੱਚ ਚੱਲ ਰਹੇ ਕੋਚਿੰਗ ਅਤੇ ਟਿਊਸ਼ਨ ਸੈਂਟਰਾਂ ਦੀ ਅੱਗ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਸਮਾਜਿਕ ਕਾਰਕੁਨ ਅਰਵਿੰਦ ਸ਼ਰਮਾ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ ਭੇਜ ਕੇ ਇਨ੍ਹਾਂ ਸੰਸਥਾਵਾਂ ਵਿੱਚ ਮੌਜੂਦ ਕਥਿਤ ਅੱਗ ਸੁਰੱਖਿਆ ਖਾਮੀਆਂ ਵੱਲ ਧਿਆਨ ਖਿੱਚਿਆ ਹੈ ਅਤੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਕਈ ਕੋਚਿੰਗ ਸੈਂਟਰ ਚਾਰ ਤੋਂ ਪੰਜ ਮੰਜ਼ਿਲਾ ਇਮਾਰਤਾਂ ਵਿੱਚ ਚੱਲ ਰਹੇ ਹਨ, ਜਿੱਥੇ ਦਾਖ਼ਲੇ ਅਤੇ ਨਿਕਾਸ ਲਈ ਰਸਤੇ ਬਹੁਤ ਤੰਗ ਹਨ। ਕਈ ਇਮਾਰਤਾਂ ਵਿੱਚ ਸਿਰਫ਼ ਇੱਕ ਹੀ ਸੀੜ੍ਹੀ ਜਾਂ ਐਮਰਜੈਂਸੀ ਨਿਕਾਸ ਦਾ ਰਸਤਾ ਹੈ, ਜਿਸ ਕਾਰਨ ਕਿਸੇ ਵੀ ਅੱਗ ਜਾਂ ਹੋਰ ਐਮਰਜੈਂਸੀ ਸਥਿਤੀ ਵਿੱਚ ਵੱਡਾ ਹਾਦਸਾ ਵਾਪਰ ਸਕਦਾ ਹੈ।
ਸ਼ਿਕਾਇਤਕਰਤਾ ਨੇ ਆਪਣੇ ਪੱਤਰ ਵਿੱਚ ਹਾਲ ਹੀ ਵਿੱਚ ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿੱਚ ਵਾਪਰੇ ਭਿਆਨਕ ਅੱਗ ਕਾਂਡ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ 15 ਵਿਦਿਆਰਥੀਆਂ ਦੀ ਮੌਤ ਹੋ ਗਈ ਸੀ ਅਤੇ ਕਈਆਂ ਨੂੰ ਰੱਸੀਆਂ ਦੀ ਮਦਦ ਨਾਲ ਬਚਾਇਆ ਗਿਆ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਲੁਧਿਆਣਾ ਵਿੱਚ ਸਮੇਂ ਸਿਰ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਨਾ ਕੀਤੀ ਗਈ ਤਾਂ ਇੱਥੇ ਵੀ ਅਜਿਹੀ ਦੁਖਦਾਈ ਘਟਨਾ ਵਾਪਰ ਸਕਦੀ ਹੈ।
ਪੱਤਰ ਅਨੁਸਾਰ, ਅੱਗ ਬੁਝਾਊ ਪ੍ਰਬੰਧ, ਐਮਰਜੈਂਸੀ ਐਗਜ਼ਿਟ, ਖਾਲੀ ਕਰਵਾਉਣ ਦੀ ਯੋਜਨਾ (Evacuation Plan) ਅਤੇ ਹੋਰ ਲਾਜ਼ਮੀ ਸੁਰੱਖਿਆ ਪ੍ਰਬੰਧ ਕਈ ਥਾਵਾਂ 'ਤੇ ਨਾਕਾਫ਼ੀ ਜਾਂ ਗੈਰ-ਮੌਜੂਦ ਹਨ। ਇਸ ਦੇ ਬਾਵਜੂਦ, ਨਗਰ ਨਿਗਮ ਅਤੇ ਫਾਇਰ ਸੇਫਟੀ ਵਿਭਾਗ ਵੱਲੋਂ ਸਿਰਫ਼ ਨੋਟਿਸ ਜਾਰੀ ਕਰਨ ਤੱਕ ਹੀ ਕਾਰਵਾਈ ਸੀਮਿਤ ਰਹਿਣ ਦੇ ਦੋਸ਼ ਲਗਾਏ ਗਏ ਹਨ।
ਮਨੁੱਖੀ ਅਧਿਕਾਰ ਕਮਿਸ਼ਨ ਕੋਲ ਕੀਤੀਆਂ ਮੁੱਖ ਮੰਗਾਂ
ਸ਼ਿਕਾਇਤ ਵਿੱਚ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਅਪੀਲ ਕੀਤੀ ਗਈ ਹੈ ਕਿ:
ਮਾਮਲੇ ਦਾ ਸੁ ਮੋਟੋ ਨੋਟਿਸ ਲਿਆ ਜਾਵੇ। ਮਾਡਲ ਟਾਊਨ ਐਕਸਟੈਂਸ਼ਨ ਦੇ ਸਾਰੇ ਕੋਚਿੰਗ ਸੈਂਟਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਅੱਗ ਸੁਰੱਖਿਆ ਨਿਯਮਾਂ, ਬਿਲਡਿੰਗ ਬਾਈਲਾਜ਼ ਅਤੇ ਓਕਿਊਪੈਂਸੀ ਪਰਮਿਟਾਂ ਦੀ ਜਾਂਚ ਕੀਤੀ ਜਾਵੇ। ਗੰਭੀਰ ਉਲੰਘਣਾਵਾਂ ਵਾਲੀਆਂ ਇਮਾਰਤਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਤੇ ਸੀਲਿੰਗ ਕੀਤੀ ਜਾਵੇ।
ਸਬੰਧਤ ਵਿਭਾਗਾਂ ਤੋਂ ਕਾਰਵਾਈ ਰਿਪੋਰਟ ਮੰਗ ਕੇ ਜ਼ਿੰਮੇਵਾਰੀ ਤੈਅ ਕੀਤੀ ਜਾਵੇ।
"ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਪਹਿਲਾਂ"
ਅਰਵਿੰਦ ਸ਼ਰਮਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਨਿਯਮਾਂ ਦੀ ਉਲੰਘਣਾ ਦਾ ਨਹੀਂ, ਸਗੋਂ ਹਜ਼ਾਰਾਂ ਵਿਦਿਆਰਥੀਆਂ ਦੀ ਜਾਨ ਅਤੇ ਸੁਰੱਖਿਆ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸੇ ਅਣਹੋਣੀ ਦੀ ਉਡੀਕ ਕਰਨ ਦੀ ਬਜਾਏ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।
ਸਵਾਲ ਇਹ ਹੈ ਕੀ ਲੁਧਿਆਣਾ ਪ੍ਰਸ਼ਾਸਨ ਅਤੇ ਫਾਇਰ ਸੇਫਟੀ ਵਿਭਾਗ ਕਿਸੇ ਵੱਡੇ ਹਾਦਸੇ ਤੋਂ ਪਹਿਲਾਂ ਜਾਗੇਗਾ ਜਾਂ ਫਿਰ ਕਿਸੇ ਦੁਖਦਾਈ ਘਟਨਾ ਤੋਂ ਬਾਅਦ ਹੀ ਸਖ਼ਤ ਕਦਮ ਚੁੱਕੇ ਜਾਣਗੇ? ਇਹ ਸਵਾਲ ਹੁਣ ਸ਼ਹਿਰ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਦਾ ਕੇਂਦਰ ਬਣ ਚੁੱਕਾ ਹੈ।
- Download Babushahi App
-
-