ਯੂਥ ਕਾਂਗਰਸ ਦੀ ਨਵੀਂ ਟੀਮ ਦਾ ਐਲਾਨ, ਮਨੀ ਗਰਗ ਤੇ ਸੰਜੀਵ ਚੌਧਰੀ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ
ਜਗਰਾਉਂ: (ਦੀਪਕ ਜੈਨ) ਕਾਂਗਰਸ ਪਾਰਟੀ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਦੀ ਭਾਗੀਦਾਰੀ ਨੂੰ ਵਧਾਉਣ ਦੇ ਉਦੇਸ਼ ਨਾਲ ਲੁਧਿਆਣਾ ਦਿਹਾਤੀ ਯੂਥ ਕਾਂਗਰਸ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਪਾਰਟੀ ਹਾਈਕਮਾਨ ਵੱਲੋਂ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਜਾਰੀ ਕੀਤੀ ਗਈ ਸੂਚੀ ਅਨੁਸਾਰ ਮਨੀ ਗਰਗ ਨੂੰ ਯੂਥ ਕਾਂਗਰਸ ਦਾ ਹਲਕਾ ਪ੍ਰਧਾਨ ਜਗਰਾਉਂ ਨਿਯੁਕਤ ਕੀਤਾ ਗਿਆ ਹੈ, ਜਦਕਿ ਸੰਜੀਵ ਚੌਧਰੀ ਨੂੰ ਯੂਥ ਕਾਂਗਰਸ ਸ਼ਹਿਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਆਗੂਆਂ ਨੇ ਉਮੀਦ ਜਤਾਈ ਹੈ ਕਿ ਨਵੇਂ ਅਹੁਦੇਦਾਰ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਦੀਆਂ ਆਵਾਜ਼ਾਂ ਨੂੰ ਪਾਰਟੀ ਮੰਚ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਨਿਯੁਕਤੀਆਂ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਵਰਕਰਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਯੂਥ ਕਾਂਗਰਸ ਹੋਰ ਮਜ਼ਬੂਤੀ ਨਾਲ ਜਨਤਾ ਦੇ ਮੁੱਦਿਆਂ ਨੂੰ ਉਠਾਏਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਏਗੀ।
ਇਸ ਮੌਕੇ ਮਨੀ ਗਰਗ ਅਤੇ ਸੰਜੀਵ ਚੌਧਰੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਨਾਲ ਜੁੜੇ ਮੁੱਦਿਆਂ ਲਈ ਸਰਗਰਮ ਭੂਮਿਕਾ ਅਦਾ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।
- Download Babushahi App
-
-