ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 26 ਜੂਨ,2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਪੱਸ਼ਟ ਕੀਤਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਸਬੰਧੀ ਉੱਠੇ ਵਿਵਾਦ ਦੇ ਮੱਦੇਨਜ਼ਰ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਗਏ ਗੁਰਮਤੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਵੇਗੀ।
ਉਨ੍ਹਾਂ ਕਿਹਾ ਕਿ ਸਿੱਖ ਗੁਰੂ ਧਾਮਾਂ ਅਤੇ ਉਨ੍ਹਾਂ ਦੇ ਪ੍ਰਬੰਧ ਵਿੱਚ ਕਿਸੇ ਵੀ ਸਰਕਾਰ ਜਾਂ ਬਾਹਰੀ ਧਿਰ ਦੀ ਦਖ਼ਲਅੰਦਾਜ਼ੀ ਸਿੱਖ ਜਗਤ ਲਈ ਕਤਈ ਮਨਜ਼ੂਰ ਨਹੀਂ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੋਧ ਬਿੱਲ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਬਿਨਾਂ ਸਿੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕੀਤੇ ਅਜਿਹਾ ਕਦਮ ਚੁੱਕਣ ਕਾਰਨ ਸਿੱਖ ਭਾਈਚਾਰੇ ਵਿੱਚ ਬਹੁਤ ਰੋਸ ਪੈਦਾ ਹੋਇਆ ਹੈ।
ਸਰਦਾਰ ਕਾਲਕਾ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ੍ਰੀ ਦਵੇਂਦਰ ਫੜਨਵੀਸ ਨੂੰ ਮੰਗ ਪੱਤਰ ਭੇਜ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ, ਤਾਂ ਜੋ ਇਸ ਮਾਮਲੇ ਬਾਰੇ ਸਪੱਸ਼ਟਤਾ ਪ੍ਰਾਪਤ ਕੀਤੀ ਜਾ ਸਕੇ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਾਨੂੰਨੀ ਸੋਧ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ, ਤਖ਼ਤ ਸਾਹਿਬ ਦੇ ਜਥੇਦਾਰਾਂ ਅਤੇ ਹੋਰ ਪ੍ਰਮੁੱਖ ਸਿੱਖ ਜਥੇਬੰਦੀਆਂ ਨਾਲ ਬੈਠ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਿੱਖ ਜਗਤ ਵਿੱਚ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਜਾਂ ਵਿਵਾਦ ਪੈਦਾ ਨਾ ਹੋਵੇ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਹਮੇਸ਼ਾ ਦੀ ਤਰ੍ਹਾਂ ਸਿੱਖ ਪੰਥ ਦੇ ਹੱਕਾਂ ਅਤੇ ਗੁਰੂ ਘਰਾਂ ਦੀ ਮਰਿਆਦਾ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲੇ ਦੀ ਰੱਖਿਆ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹਾ ਕੋਈ ਵੀ ਬਿੱਲ ਪਾਸ ਨਾ ਹੋਵੇ ਜੋ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੇ ਜਾਂ ਪੰਥ ਵਿੱਚ ਬੇਲੋੜਾ ਰੋਸ ਪੈਦਾ ਕਰੇ।
- Download Babushahi App
-
-