ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਰੋਹਿਤ ਗੁਪਤਾ
ਬਟਾਲਾ, 16 ਜੂਨ 2024 - ਐਸਐਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੇ ਦਿਸ਼ਾ-ਨਿਰਦੇਸ਼ਾ ਹੇਠ ‘ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸੁਪਨਿਆਂ ਨੂੰ ਦ੍ਰਿੜਤਾ ਨਾਲ ਸਾਕਾਰ ਕਰਨ ਲਈ ਪ੍ਰੇਰਿਤ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਹਰਚੋਵਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਸ ਮੌਕੇ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਨਾਲ ਜੁੜਨ। ਉਨ੍ਹਾਂ ਖਿਡਾਰੀਆਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪਰੇਰਿਤ ਕੀਤਾ।
ਇਸ ਮੌਕੇ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨਾਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਦੱਸਦਿਆਂ ਹੋਇਆਂ ਕਿਹਾ ਕਿ ਨਸ਼ਾ ਇਕ ਮਾਨਸਿਕ ਰੋਗ ਹੈ ਜੋ ਇਨਸਾਨ ਨੂੰ ਸਰੀਰਕ, ਮਾਨਸਿਕ ਤੇ ਆਰਥਿਕ ਤੌਰ ਤੇ ਕਮਜ਼ੋਰ ਕਰ ਦਿੰਦਾ ਹੈ। ਉਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਦਾ ਹੈ ਤਾਂ ਇਸਦਾ ਇਲਾਜ ਵੀ ਸੰਭਵ ਹੈ ਤੇ ਉਸਦਾ ਇਹ ਇਲਾਜ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ, ਓਟ ਕਲੀਨਿਕਾਂ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।