ਨਸ਼ਾ ਪੀੜਤਾਂ ਨੂੰ ਨਵਾਂ ਜੀਵਨ ਸ਼ੁਰੂ ਕਰਨ ਲਈ ਦ੍ਰਿੜ ਨਿਸ਼ਚੇ ਕਰਨ ਦੀ ਲੋੜ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
- ਸਿਵਲ ਸਰਜਨ ਦਫਤਰ ਵਿਖੇ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 26 ਜੂਨ 2024 : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਨਸ਼ਾ ਛੁਡਾਊ ਕੇਂਦਰ, ਨਵਾਂਸ਼ਹਿਰ ਵਿਖੇ ਅੱਜ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਮਨਾਇਆ ਗਿਆ। ਇਸ ਸਾਲ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਕੌਮਾਂਤਰੀ ਦਿਵਸ ਦਾ ਥੀਮ "ਸਬੂਤ ਸਪੱਸ਼ਟ ਹਨ: ਰੋਕਥਾਮ ਵਿੱਚ ਨਿਵੇਸ਼ ਕਰੋ" ਹੈ ਜੋ ਵਿਿਗਆਨ, ਖੋਜ ਅਤੇ ਵਿਕਾਸ 'ਤੇ ਆਧਾਰਤ ਨੀਤੀਆਂ ਦੀ ਮਹੱਤਤਾ ਨੂੰ ਉਜਾਗਰ ਕਰਦਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਨਸ਼ਾ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਨੂੰ ਤਿਆਗਣ ਲਈ ਦ੍ਰਿੜ ਨਿਸ਼ਚੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ (ਨਸ਼ਾ ਪੀੜਤਾਂ) ਨੂੰ ਨਸ਼ਾ ਛੁਡਾਊ ਕੇਂਦਰ ਵਿਚੋਂ ਛੁੱਟੀ ਮਿਲਣ ਉਪਰੰਤ ਆਪਣੇ ਪਰਿਵਾਰਾਂ ਨਾਲ ਨਵਾਂ ਜੀਵਨ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਸ਼ੇ ਵਿਅਕਤੀ ਨੂੰ ਸਰੀਰਕ ਦੇ ਨਾਲ-ਨਾਲ ਮਾਨਸਿਕ ਤੌਰ ’ਤੇ ਵੱਧ ਕਮਜ਼ੋਰ ਕਰਦੇ ਹਨ।
ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਤੋਂ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸ ਨੂੰ ਇਲਾਜ ਦੀ ਸਖਤ ਜ਼ਰੂਰਤ ਹੁੰਦੀ ਹੈ। ਇਸਦੇ ਨਾਲ-ਨਾਲ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਵਿੱਚ ਬਣਦਾ ਸਨਮਾਨ ਦੇਣਾ ਚਾਹੀਦਾ ਹੈ। ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਨਸ਼ਾ ਪੀੜਤਾਂ ਨਾਲ ਵਿਤਕਰੇ ਦੀ ਥਾਂ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸ ਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਆਮ ਲੋਕ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਬਣਦਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਾਹਰ ਕੱਢਿਆ ਜਾ ਸਕੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ। ਇਸ ਉਦੇਸ਼ ਤਹਿਤ ਨਸ਼ਾ ਪੀੜਤਾਂ ਨੂੰ ਬਿਹਤਰ ਇਲਾਜ ਸੇਵਾਵਾਂ ਮੁਹੱਈਆ ਕਰਵਾਉਣ ਲਈ ਨਸ਼ਾ ਛੁਡਾਊ ਕੇਂਦਰ ਤੇ ਓਟ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾ ਵਿਚ ਬਿਹਤਰ ਇਲਾਜ ਦੇ ਨਾਲ-ਨਾਲ ਕੌਂਸਲੰਿਗ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਤੌਰ 'ਤੇ ਮਜਬੂਤ ਹੋ ਸਕਣ।
ਇਸ ਮੌਕੇ ਜ਼ਿਲ੍ਹਾ ਮਨੋਵਿਿਗਆਨੀ ਡਾ. ਰਾਜਨ ਸ਼ਾਸਤਰੀ ਨੇ ਕਿਹਾ ਕਿ ਮਨੁੱਖ ਸਮਾਜਿਕ ਪ੍ਰਾਣੀ ਹੈ, ਜਿਸ ਨੂੰ ਪੈਸੇ ਅਤੇ ਐਸ਼ੋ-ਆਰਾਮ ਦੀਆਂ ਸਹੂਲਤਾਂ ਤੋਂ ਜ਼ਿਆਦਾ ਪਰਿਵਾਰ ਨਾਲ ਸਮਾਂ ਬਿਤਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਲੋਕਾਂ ਨੂੰ ਨਸ਼ਾ ਪੀੜਤ ਮਰੀਜ਼ਾਂ ਪ੍ਰਤੀ ਹਮਦਰਦੀ ਦਿਖਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਹ ਆਪਣੇ ਆਂਢ-ਗੁਆਂਢ ਵਿੱਚ ਨਸ਼ੇ ਦਾ ਸੇਵਨ ਕਰਨ ਵਾਲੇ ਕਿਸੇ ਵਿਅਕਤੀ ਨੂੰ ਜਾਣਦੇ ਹਾਂ, ਤਾਂ ਉਸ ਨਾਲ ਹਮਦਰਦੀ ਨਾਲ ਪੇਸ਼ ਆਉਣ ਅਤੇ ਉਨ੍ਹਾਂ ਨੂੰ ਮੈਡੀਟੇਸ਼ਨ, ਕਸਰਤ ਜਾਂ ਯੋਗਾ ਕਰਨ ਲਈ ਪ੍ਰੇਰਿਤ ਕਰਕੇ ਉਨ੍ਹਾਂ ਦੀ ਮਦਦ ਕਰਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਮਨ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਅਤੇ ਜ਼ਿਲ੍ਹਾ ਅੰਕੜਾ ਅਫਸਰ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।