ਵਿਰਾਸਤੀ ਮੰਚ ਨੇ ਸ਼ਾਹੀ ਬਾਰਾਂਦਰੀ ਵਿਖੇ ਮਨਾਈ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 185ਵੀਂ ਬਰਸੀ
ਰਿਪੋਰਟਰ ---ਰੋਹਿਤ ਗੁਪਤਾ
ਗੁਰਦਾਸਪੁਰ, 29 ਜੂਨ 2024 - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 185ਵੀਂ ਬਰਸੀ ਅੱਜ ਉਨ੍ਹਾਂ ਦੀ ਸ਼ਾਹੀ ਬਾਰਾਂਸਰੀ ਦੀਨਾਨਗਰ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਵਿਰਾਸਤੀ ਮੰਚ ਬਟਾਲਾ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਵਿੱਚ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਭੇਜੇ ਗਏ ਢਾਡੀ ਜਥੇ ਭਾਈ ਮਲਕੀਤ ਸਿੰਘ ਬੱਗਾ, ਭਾਈ ਪਰਮਜੀਤ ਸਿੰਘ ਜੇਠੂਵਾਲ, ਭਾਈ ਮਨਦੀਪ ਸਿੰਘ ਚਾਟੀਵਿੰਡ ਅਤੇ ਭਾਈ ਗੁਰਦਿਆਲ ਸਿੰਘ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਪ੍ਰਸੰਗ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਗਿਆ।
ਇਸ ਮੌਕੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਰਾਸਤੀ ਮੰਚ, ਬਟਾਲਾ ਦੇ ਸਰਪਰਸਤ ਐਡਵੋਕੇਟ ਐੱਚ.ਐੱਸ. ਮਾਂਗਟ ਨੇ ਕਿਹਾ ਕਿ ਵਿਰਾਸਤੀ ਮੰਚ ਦਾ ਟੀਚਾ ਇਸ ਇਤਿਹਾਸਕ ਇਮਾਰਤ ਨੂੰ ਮੁੜ ਸੁਰਜੀਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰਾਂ ਨਾਲ ਲਗਾਤਾਰ ਰਾਬਤਾ ਕਰ ਰਹੇ ਹਨ ਅਤੇ ਜੇਕਰ ਵਿਰਾਸਤੀ ਮੰਚ ਨੂੰ ਲੋੜ ਮਹਿਸੂਸ ਹੋਈ ਤਾਂ ਉਹ ਇਸ ਇਮਾਰਤ ਦੀ ਸੰਭਾਲ ਲਈ ਕਾਨੂੰਨੀ ਚਾਰਾਜੋਈ ਵੀ ਕਰਨਗੇ।
ਇਸ ਮੌਕੇ ਵਿਰਾਸਤੀ ਮੰਚ, ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਆਪਣੇ ਕੌਮੀ ਨਾਇਕਾਂ ਨੂੰ ਯਾਦ ਰੱਖਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣਾ ਸਾਡਾ ਨੈਤਿਕ ਫ਼ਰਜ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸ ਨੂੰ ਬਹੁਤ ਵੱਡੀ ਦੇਣ ਹੈ ਅਤੇ ਇੱਕ ਵਿਸ਼ਾਲ ਖਿੱਤੇ ਉੱਪਰ ਉਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਰਾਜ ਕੀਤਾ। ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਦੀਨਾ ਨਗਰ ਦੀ ਸ਼ਾਹੀ ਬਾਰਾਂਦਰੀ ਦੀ ਮੁਰੰਮਤ ਕਰਕੇ ਇਸਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਚਾਹੀਦਾ ਹੈ।
ਵਿਰਾਸਤੀ ਮੰਚ ਬਟਾਲਾ ਦੇ ਨੁਮਾਇੰਦੇ ਇੰਦਰਜੀਤ ਸਿੰਘ ਹਰਪੁਰਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਦੇ ਉਹ ਬਾਦਸ਼ਾਹ ਸਨ ਜਿਨ੍ਹਾਂ ਨੇ ਇਕੱਲੇ ਰਣ ਹੀ ਨਹੀਂ ਜਿੱਤੇ ਸਨ ਬਲਕਿ ਆਪਣੀਆਂ ਨੇਕੀਆਂ ਕਾਰਨ ਅਵਾਮ ਦਾ ਦਿਲ ਵੀ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬੀਆਂ ਦੇ ਨਾਇਕ ਹਨ ਅਤੇ ਇਹੀ ਕਾਰਨ ਹੈ ਕਿ ਸ਼ੇਰ-ਏ-ਪੰਜਾਬ ਅੱਗੇ ਅੱਜ ਵੀ ਹਰ ਪੰਜਾਬੀ ਦਾ ਸਿਰ ਝੁਕਦਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਹਲੀਮੀ ਰਾਜ ਦੀਆਂ ਉਦਾਹਰਨਾ ਅੱਜ ਵੀ ਪੂਰੀ ਦੁਨੀਆਂ ਵਿੱਚ ਦਿੱਤੀਆਂ ਜਾਂਦੀਆਂ ਹਨ।