ਸਿਟੀ ਪੁਲਿਸ ਨੇ ਕੀਤਾ ਫਲੈਗ ਮਾਰਚ: ਐਸਐਚਓ ਨੇ ਟਰੈਫਿਕ ਨਿਯਮਾਂ ਦੀ ਉਲੰਘਣ ਕਰਨ ਵਾਲਿਆਂ ਤੇ ਬਿਨਾਂ ਮਨਜ਼ੂਰੀ ਪਟਾਕੇ ਵੇਚਣ ਵਾਲਿਆਂ ਨੂੰ ਦਿੱਤੀ ਚੇਤਾਵਨੀ
ਰਿਪੋਰਟਰ ---ਰੋਹਿਤ ਗੁਪਤਾ
ਗੁਰਦਾਸਪੁਰ, 20 ਸਤੰਬਰ 2024 - ਗੁਰਦਾਸਪੁਰ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਦੇ ਲਈ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਜਗਹਾ ਤੇ ਨਾਕੇਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ। ਨਾਕੇ ਦੌਰਾਨ ਅਧੂਰੇ ਦਸਤਾਵੇਜ਼ਾਂ ਵਾਲੇ ਵਾਹਨ ਚਾਲਕਾਂ ਦੇ ਚਲਾਨ ਵੀ ਕੱਟੇ ਗਏ।
ਇਸ ਮੌਕੇ ਤੇ ਐਸਐਚਓ ਗੁਰਮੀਤ ਸਿੰਘ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦਾ ਸਖਤੀ ਨਾਲ ਪਾਲਣ ਕਰਨ ਦੀ ਹਿਦਾਇਤ ਦਿੰਦੇ ਕਿਹਾ ਕਿ ਨਿਯਮਾਂ ਦਾ ਉਲੰਘਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਏਗਾ। ਇਸ ਦੇ ਨਾਲ ਹੀ ਉਹਨਾਂ ਨੇ ਨੌਜਵਾਨਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਸ਼ਹਿਰ ਅੰਦਰ ਹੁਲੜਬਾਜ਼ੀ ਕਰਦਾ ਪਾਇਆ ਗਿਆ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਹਨਾਂ ਨੇ ਦਿਵਾਲੀ ਦੇ ਤਿਉਹਾਰ ਨੂੰ ਲੈ ਕੇ ਪਟਾਕੇ ਸਟੋਰ ਕਰਨ ਵਾਲਿਆਂ ਨੂੰ ਵੀ ਚੇਤਾਵਨੀ ਦਿੱਤੀ ਕਿ ਬਿਨਾਂ ਮਨਜ਼ੂਰੀ ਦੇ ਪਟਾਕੇ ਸਟੋਰ ਕਰਨ ਵਾਲੇ ਦੁਕਾਨਦਾਰ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।