ਝੋਨੇ ਦੀ ਕਟਾਈ ਨਮੀ ਦੀ ਮਾਤਰਾ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਵੇ - ਅਨਮਜੋਤ ਕੌਰ
- ਹੈਪੀ ਸੀਡਰ, ਸੁਪਰ ਸੀਡਰ, ਜੀਰੋ ਟਿੱਲ ਡਰਿੱਲ ਦੀ ਵਰਤੋਂ ਨਾਲ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਦਿੱਤੀ ਜਾਣਕਾਰੀ
-ਸੀ.ਆਰ.ਐਮ ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਇਆ ਜਿੰਦਵੜੀ ਵਿਖੇ ਕਿਸਾਨ ਜਾਗਰੂਕਤਾ ਕੈਂਪ
ਪ੍ਰਮੋਦ ਭਾਰਤੀ
ਨੰਗਲ 05 ਅਕਤੂਬਰ ,2024 - ਸੀ.ਆਰ.ਐਮ ਸਕੀਮ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪਿੰਡ ਜਿੰਦਵੜੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਅਨਮਜੋਤ ਕੌਰ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਸਮੂਲੀਅਤ ਕੀਤੀ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਕਟਾਈ ਨਮੀ ਦੀ ਮਾਤਰਾ ਨੂੰ ਮੁੱਖ ਰੱਖ ਕੇ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸਿਤ ਹੁੰਦਾ ਹੈ ਅਤੇ ਮਿੱਟੀ ਦੇ ਲਾਭਦਾਇਕ ਜੀਵਾਣੂ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਵੱਲੋਂ ਜਿਲ੍ਹਾਂ ਰੂਪਨਗਰ ਵਿੱਚ ਪਰਾਲੀ ਦੀ ਰਹਿੰਦ ਖੂੰਹਦ ਸਾੜਨ ਦੇ ਕੇਸਾਂ ਨੂੰ ਜੀਰੋ ਲਿਆਉਣ ਲਈ ਲਗਾਤਾਰ ਜਾਗਰੂਕਤਾ ਅਭਿਆਨ ਚਲਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ।
ਵਰਿੰਦਰ ਸਿੰਘ, ਬੀ.ਟੀ.ਐਮ ਨੇ ਪਰਾਲੀ ਦੀ ਸਾਂਭ ਲਈ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈਆ ਮਸ਼ੀਨਾਂ ਜਿਵੇਂ ਕਿ ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਟਿੱਲ ਡਰਿਲ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹਨਾਂ ਮਸ਼ੀਨਾਂ ਨਾਲ ਝੋਨੇ ਦੀ ਪਰਾਲੀ ਨੂੰ ਜਮੀਨ ਵਿਚ ਵਾਹ ਕੇ ਰਹਿੰਦ ਖੂੰਹਦ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ। ਵਰਿੰਦਰ ਸਿੰਘ ਨੇ ਹੋਰ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਸਾੜਨ ਦੀ ਥਾਂ, ਜਮੀਨ ਵਿਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜਿਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ ਤੇ' ਕੀੜੇ-ਮਕੋੜਿਆ ਦਾ ਹਮਲਾ ਵੀ ਘੱਟ ਹੁੰਦਾ ਹੈ।
ਇਸ ਕੈਂਪ ਵਿੱਚ ਕੋਪਰੇਟਿਵ ਇੰਸਪੈਕਟਰ ਜਸਵਿੰਦਰ ਸਿੰਘ, ਸੈਕਟਰੀ ਅਵਤਾਰ ਕ੍ਰਿਸ਼ਨ, ਰਾਜ ਕੁਮਾਰ ਏ.ਐਸ.ਆਈ. ਸੁਰਿੰਦਰ ਸਿੰਘ, ਏ.ਐਸ.ਆਈ ਅਤੇ ਬੀਰ ਚੰਦ ਮੌਕੇ ਹਾਜ਼ਰ ਸਨ।