ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਖਿਲਾਫ ਬੋਲਿਆ ਹੱਲਾ
- ਆਮ ਆਦਮੀ ਪਾਰਟੀ ਅਤੇ ਬੀਜੇਪੀ, ਕਿਸਾਨ ਵਿਰੋਧੀ ਪਾਰਟੀਆਂ: ਮਨਜੀਤ ਧਨੇਰ
- ਹਰ ਕੁਰਬਾਨੀ ਦੇਕੇ ਕੀਤੀ ਜਾਵੇਗੀ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ: ਗੁਰਦੀਪ ਰਾਮਪੁਰਾ
- ਸੈਂਕੜੇ ਕਿਸਾਨ ਮਰਦਾਂ ਔਰਤਾਂ ਨੇ ਰੈਲੀ ਕਰਨ ਉਪਰੰਤ ਗਿੱਦੜਬਾਹਾ ਸ਼ਹਿਰ ਵਿੱਚ ਕੀਤਾ ਰੋਹ ਭਰਪੂਰ ਮੁਜ਼ਾਹਰਾ
ਦਲਜੀਤ ਕੌਰ
ਗਿੱਦੜਬਾਹਾ, 4 ਨਵੰਬਰ, 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਗਿੱਦੜਬਾਹਾ ਵਿਖੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਖਿਲਾਫ ਹੱਲਾ ਬੋਲਦਿਆਂ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੈਂਕੜੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।
ਇਸ ਰੈਲੀ ਨੂੰ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਅਤੇ ਔਰਤ ਵਿੰਗ ਦੀ ਕਨਵੀਨਰ ਬੀਬੀ ਅੰਮ੍ਰਿਤ ਪਾਲ ਕੌਰ ਹਰੀਨੌਂ ਤੋਂ ਇਲਾਵਾ ਜ਼ਿਲਿਆਂ ਦੇ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਇਸ ਵਿੱਚ ਮੁਕਤਸਰ ਸਾਹਿਬ ਤੋਂ ਇਲਾਵਾ ਮਾਨਸਾ, ਬਠਿੰਡਾ, ਫਰੀਦਕੋਟ ਅਤੇ ਫਿਰੋਜ਼ਪੁਰ ਦੇ ਕਿਸਾਨ ਅਤੇ ਬੀਬੀਆਂ ਹਾਜ਼ਰ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ, ਜੋ ਕਿ ਉਹਨਾਂ ਨੂੰ ਚੱਕਬੰਦੀ ਵਿਭਾਗ ਵੱਲੋਂ ਅਲਾਟ ਕੀਤੀ ਗਈ ਸੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਦੀ ਸ਼ਹਿ ਤੇ ਭੂ ਮਾਫੀਆ ਵੱਲੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਭੂ ਮਾਫੀਆ ਦੇ ਗੁੰਡਿਆਂ ਵੱਲੋਂ ਕਿਸਾਨਾਂ ਤੇ ਜਾਨਲੇਵਾ ਹਮਲੇ ਕਰਕੇ ਉਹਨਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਆਮ ਆਦਮੀ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਮਾਨਸਾ ਦੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਵਾਰ-ਵਾਰ ਪਹੁੰਚ ਕੀਤੀ ਗਈ ਹੈ। ਸਾਰਿਆਂ ਨੇ ਹੀ ਇਹ ਮੰਨਿਆ ਹੈ ਕਿ ਕੁੱਲਰੀਆਂ ਦੇ ਕਿਸਾਨਾਂ ਦਾ ਪੱਖ ਬਿਲਕੁਲ ਠੀਕ ਹੈ ਪ੍ਰੰਤੂ ਪ੍ਰਿੰਸੀਪਲ ਬੁੱਧਰਾਮ ਅਤੇ ਭੂ ਮਾਫੀਆ ਦੇ ਦਬਾਅ ਹੇਠ ਪ੍ਰਸ਼ਾਸਨ ਕਿਸਾਨਾਂ ਨਾਲ ਧੱਕਾ ਕਰਨ ਤੇ ਉਤਾਰੂ ਹੈ। ਜਥੇਬੰਦੀ ਪਿਛਲੇ ਪੌਣੇ ਦੋ ਸਾਲ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਜਥੇਬੰਦੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਬਰਨਾਲਾ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ।
ਜਿਸ ਫੈਸਲੇ ਅਨੁਸਾਰ ਬੀਤੇ ਕੱਲ੍ਹ ਤਿੰਨ ਨਵੰਬਰ ਨੂੰ ਬਰਨਾਲਾ ਵਿਖੇ ਵੀ ਜਥੇਬੰਦੀ ਵੱਲੋਂ ਰੈਲੀ ਅਤੇ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਅੱਜ ਤੋਂ ਬਾਅਦ ਦੋਵਾਂ ਹਲਕਿਆਂ ਵਿੱਚ ਪਿੰਡ ਪਿੰਡ ਰੈਲੀਆਂ ਅਤੇ ਝੰਡਾ ਮਾਰਚ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਲੋਕ ਵਿਰੋਧੀ ਖਾਸੇ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ।
ਇਕੱਠ ਨੂੰ ਹੋਰਨਾਂ ਤੋਂ ਇਲਾਵਾ ਮੁਕਤਸਰ ਜਿਲੇ ਦੇ ਪ੍ਰਧਾਨ ਪਰਮਿੰਦਰ ਸਿੰਘ, ਜਨਰਲ ਸਕੱਤਰ ਗੁਰਦੀਪ ਸਿੰਘ ਖੁੱਡੀਆਂ,ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਬਲਵਿੰਦਰ ਸ਼ਰਮਾ, ਦੇਵੀ ਰਾਮ ਰੰਘੜਿਆਲ, ਬਠਿੰਡਾ ਜਿਲ੍ਹੇ ਦੇ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਜਨਰਲ ਸਕੱਤਰ ਗੁਰਨਾਮ ਸਿੰਘ, ਫਿਰੋਜ਼ਪੁਰ ਦੇ ਜ਼ਿਲਾ ਪ੍ਰਧਾਨ ਜੰਗੀਰ ਸਿੰਘ ਖਹਿਰਾ, ਜਨਰਲ ਸਕੱਤਰ ਗੁਲਜ਼ਾਰ ਸਿੰਘ ਕਬਰ ਵੱਛਾ ਅਤੇ ਫਰੀਦਕੋਟ ਦੇ ਜਸਕਰਨ ਸਿੰਘ ਮੋਰਾਂਵਾਲੀ ਹਰਮੀਤ ਸਿੰਘ ਢਾਬਾ ਜਿਲਾ ਪ੍ਰਧਾਨ ਫਾਜ਼ਿਲਕਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਬੁਲਾਰਿਆਂ ਨੇ ਮੰਡੀਆਂ ਵਿੱਚ ਝੋਨਾ ਕੇਂਦਰ ਅਤੇ ਪੰਜਾਬ ਸਰਕਾਰ ਦੀ ਸਾਂਝੀ ਸਾਜ਼ਿਸ਼ ਤਹਿਤ ਰੋਲਣ, ਝੋਨੇ ਦੇ ਰੇਟ ਵਿੱਚ ਕੱਟ ਲੱਗਣ, ਡੀਏਪੀ ਦੇ ਗੰਭੀਰ ਸੰਕਟ ਅਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਖਿਲਾਫ਼ ਸਖ਼ਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਨਿਸ਼ਾਨੇ ਸਾਧੇ। ਉਨ੍ਹਾਂ ਨੇ ਕਿਹਾ ਕਿ ਇਸ ਸਾਰੇ ਕੁੱਝ ਲਈ ਭਾਜਪਾ ਅਤੇ ਆਮ ਆਦਮੀ ਪਾਰਟੀ ਵੱਲੋਂ ਰਲ ਕੇ ਸਾਜਿਸ਼ ਕੀਤੀ ਗਈ ਹੈ ਤਾਂ ਕਿ ਪੰਜਾਬ ਦਾ ਮੰਡੀ ਸਿਸਟਮ ਫੇਲ੍ਹ ਕਰਕੇ ਠੇਕਾ ਖੇਤੀ ਲਾਗੂ ਕੀਤੀ ਜਾ ਸਕੇ।
ਬੁਲਾਰਿਆਂ ਨੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਰਾਹੀਂ ਲੋਕਾਂ ਦੇ ਬੋਲਣ, ਲਿਖਣ ਅਤੇ ਸੰਘਰਸ਼ ਕਰਨ ਦੇ ਹੱਕ ਨੂੰ ਕੁਚਲਣ ਦੀ ਕੋਸ਼ਿਸ਼ ਕਰਾਰ ਦਿੰਦਿਆਂ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ।
ਬੁਲਾਰਿਆਂ ਨੇ ਦੁਹਰਾਇਆ ਕਿ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਹਰ ਕੁਰਬਾਨੀ ਦੇ ਕੇ ਕੀਤੀ ਜਾਵੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਕੇ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਹਰ ਹੀਲੇ ਨਾਕਾਮ ਕੀਤਾ ਜਾਵੇਗਾ। ਰੈਲੀ ਤੋਂ ਉਪਰੰਤ ਸ਼ਹਿਰ ਵਿੱਚ ਰੋਹ ਭਰਪੂਰ ਮਾਰਚ ਕੀਤਾ ਗਿਆ।
ਇਸੇ ਦੌਰਾਨ ਅੱਜ ਬਰਨਾਲਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਰੋਡ ਸ਼ੋਅ ਸਮੇਂ ਜਗਰਾਜ ਸਿੰਘ ਹਰਦਾਸਪੁਰਾ ਅਤੇ ਗੁਰਦੇਵ ਸਿੰਘ ਮਾਂਗੇਵਾਲ ਦੀ ਅਗਵਾਈ ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਆਮ ਆਦਮੀ ਪਾਰਟੀ ਦਾ ਪਾਜ਼ ਉਘੇੜਦਾ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।